ਡੀਸੀ ਦਫ਼ਤਰ ਦੇ ਬਾਹਰ ਨਰੇਂਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਤੇ ਅਨਿਲ ਵਿਜ ਦੇ ਪੁਤਲੇ ਸਾੜੇ

ਨਬਜ਼-ਏ-ਪੰਜਾਬ, ਮੁਹਾਲੀ, 23 ਫਰਵਰੀ:
ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਅਨੁਸਾਰ ਅੱਜ ਮੁਹਾਲੀ ਵਿਖੇ ਵੱਖ-ਵੱਖ ਕਿਸਾਨਾਂ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਕੁੱਝ ਸਮੇਂ ਆਵਾਜਾਈ ਵੀ ਪ੍ਰਭਾਵਿਤ ਰਹੀ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ਼ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਆਲ ਇੰਡੀਆ ਕਿਸਾਨ ਸਭਾ ਦੇ ਸੀਨੀਅਰ ਆਗੂ ਜਸਪਾਲ ਸਿੰਘ ਦੱਪਰ ਅਤੇ ਆਲ ਇੰਡੀਆ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਮੈਂਬਰ ਦਰਸ਼ਨ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਖਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਲੱਗਣ ਨਾਲ ਮਰੇ ਕਿਸਾਨ ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਅਤੇ ਹੋਰ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਜ਼ਿੰਮੇਵਾਰ ਅਫ਼ਸਰਾਂ ਅਤੇ ਮੰਤਰੀਆਂ ਵਿਰੁੱਧ ਧਾਰਾ 302 ਦੇ ਤਹਿਤ ਕਤਲ ਦਾ ਪਰਚਾ ਦਰਜ ਕੀਤਾ ਜਾਵੇ।
ਇਸ ਮੌਕੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਜਸਪਾਲ ਸਿੰਘ ਲਾਂਡਰਾਂ, ਜਮਹੂਰੀ ਕਿਸਾਨ ਸਭਾ ਦੇ ਆਗੂ ਸੱਜਣ ਸਿੰਘ, ਜਮਹੂਰੀ ਅਧਿਕਾਰ ਸਭਾ ਦੇ ਆਗੂ ਯਸ਼ਪਾਲ, ਆਂਗਨਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਗੁਰਦੀਪ ਕੌਰ ਅਤੇ ਸੀਟੀਯੂ ਦੇ ਆਗੂ ਇੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪੁਰਅਮਨ ਸੰਘਰਸ਼ ਲਈ ਦਿੱਲੀ ਜਾਣ ਦੀ ਫੌਰੀ ਇਜਾਜ਼ਤ ਦਿੱਤੀ ਜਾਵੇ, ਦਿੱਲੀ ਮੋਰਚੇ ਸਮੇਂ ਪਹਿਲਾਂ ਕਿਸਾਨ ਨਾਲ ਕੀਤੇ ਸਮਝੌਤੇ ਅਨੁਸਾਰ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ, ਕਿਸਾਨਾਂ ਅਤੇ ਕਾਸ਼ਤਕਾਰਾਂ ਨੂੰ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਦਿੱਤੀ ਜਾਵੇ, ਸਵਾਮੀਨਾਥਨ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ।
ਆਗੂਆਂ ਵੱਲੋਂ ਕਿਸਾਨਾਂ ਨੂੰ 26 ਫਰਵਰੀ ਨੂੰ ਨੈਸ਼ਨਲ ਅਤੇ ਸਟੇਟ ਹਾਈਵੇਅ ਉੱਤੇ ਟਰੈਕਟਰ ਮਾਰਚ ਕਰਕੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕਰਨ ਅਤੇ 14 ਮਾਰਚ ਨੂੰ ਰਾਮ ਲੀਲਾ ਗਰਾਉਂਡ ਦਿੱਲੀ ਵਿਖੇ ਮਹਾਂ ਪੰਚਾਇਤ ਦੀ ਤਿਆਰੀਆਂ ਕਮਰਕੱਸੇ ਕਰਨ ਦਾ ਸੱਦਾ ਦਿੱਤਾ ਗਿਆ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨੀ ਦੇ ਘਾਣ ਕਰਨਾ ਫੌਰੀ ਬੰਦ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦੇ ਗੰਭੀਰ ਸਿੱਟੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਵੱਡੀ ਗਿਣਤੀ ਆਂਗਨਵਾੜੀ ਵਰਕਰਾਂ, ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਨਾਲ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਇਆ ਅਤੇ ਪੁਤਲੇ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ।
ਇਸ ਮੌਕੇ ਸਨੇਹਪ੍ਰੀਤ ਸਿੰਘ, ਰਾਮ ਕਿਸ਼ਨ ਧੁਨਕੀਆਂ, ਮਹਿੰਦਰ ਸਿੰਘ ਮਾਵੀ, ਵਿਜੇ ਸਿੰਘ ਅਤੇ ਹੋਰ ਕਈ ਮਜ਼ਦੂਰ ਮੁਲਾਜ਼ਮ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 11 ਫਰ…