Share on Facebook Share on Twitter Share on Google+ Share on Pinterest Share on Linkedin ਪੰਜਾਬ ਵਿਜੀਲੈਂਸ ਭਵਨ ਦੇ ਬਾਹਰ ਉੱਚ ਅਧਿਕਾਰੀਆਂ ਦੇ ਪੁਤਲੇ ਸਾੜੇ ਪਲਾਟ ਘੁਟਾਲੇ ਵਿੱਚ ਨਾਮਜ਼ਦ ਆਈਏਐਸ ਸ੍ਰੀਮਤੀ ਨੀਲਿਮਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਫਿਲਿਪਸ ਕੰਪਨੀ ਦੀ ਤਤਕਾਲੀ ਮੈਨੇਜਮੈਂਟ ਵਿਰੁੱਧ ਦਰਜ ਹੋਵੇ ਵਿਜੀਲੈਂਸ ਕੇਸ: ਪ੍ਰਦਰਸ਼ਨਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਪੰਜਾਬ ਅਗੇਂਸਟ ਕੁਰੱਪਸ਼ਨ, ਫਿਲਿਪਸ ਸੰਘਰਸ਼ ਕਮੇਟੀ ਅਤੇ ਪੰਜਾਬੀ ਮੰਚ ਵੱਲੋਂ ਅੱਜ ਇੱਥੋਂ ਦੇ ਸੈਕਟਰ-68 ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਦੇ ਬਾਹਰ ਸਨਅਤੀ ਪਲਾਟ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸੀਨੀਅਰ ਆਈਏਐਸ ਅਤੇ ਲੇਬਰ ਵਿਭਾਗ ਦੀ ਮਹਿਲਾ ਅਧਿਕਾਰੀ ਦੇ ਪੁਤਲਾ ਬਣਾ ਕੇ ਉਨ੍ਹਾਂ ਦੇ ਗਲਾਂ ’ਚ ਜੁੱਤੀਆਂ ਦੇ ਹਾਰ ਪਾ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਪੁਤਲੇ ਸਾੜ ਕੇ ਸ੍ਰੀਮਤੀ ਨੀਲਿਮਾ ਅਤੇ ਮੋਨਾ ਪੁਰੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਤੇ ਚੇਅਰਮੈਨ ਡਾ. ਦਲੇਰ ਸਿੰਘ ਮੁਲਤਾਨੀ ਨੇ ਕਿਹਾ ਕਿ ਸਰਕਾਰ ’ਤੇ ਪੰਜਾਬ ਦੀ ਅਫ਼ਸਰਸ਼ਾਹੀ ਕਾਫ਼ੀ ਭਾਰੂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਰਟੀਏ ਅਤੇ ਪਲਾਟ ਘੁਟਾਲੇ ਵਿੱਚ ਨਾਮਜ਼ਦ ਆਈਏਐਸ ਅਧਿਕਾਰੀ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਆਈਏਐਸ ਮਿਲ ਕੇ ਲਾਬੀ ਚਾਰਾਜੋਈ ਕਰ ਰਹੀ ਹੈ ਅਤੇ ਬੀਤੇ ਦਿਨੀਂ ਮੁੱਖ ਮੰਤਰੀ ਨੂੰ ਮਿਲ ਕੇ ਵਿਜੀਲੈਂਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਪੀਸੀਐਸ ਅਧਿਕਾਰੀ ਸਮੂਹਿਕ ਛੁੱਟੀ ’ਤੇ ਚਲੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਦਬਾਅ ਵਿੱਚ ਨਾ ਆਉਣ ਬਲਕਿ ਵਿਜੀਲੈਂਸ ਨੂੰ ਜਾਂਚ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ਦਾ ਸਰਕਾਰ ’ਤੇ ਭਰੋਸਾ ਬਣਿਆ ਰਹੇ। ਫਿਲਿਪਸ ਸੰਘਰਸ਼ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜਨਰਲ ਸਕੱਤਰ ਕੁਲਜੀਤ ਸਿੰਘ, ਜੇਪੀ ਸਿੰਘ, ਪੰਜਾਬੀ ਮੰਚ ਦੇ ਪ੍ਰਧਾਨ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਫਿਲਿਪਸ ਕੰਪਨੀ ਦੀ ਮੁਹਾਲੀ ਵਿਚਲੀ ਜ਼ਮੀਨ ਨੂੰ ਟੁਕੜਿਆਂ ਵਿੱਚ ਵੰਡ ਕੇ ਵੇਚਣ ਲਈ ਜ਼ਿੰਮੇਵਾਰ ਅਫ਼ਸਰਾਂ ਅਤੇ ਸਿਆਸੀ ਆਗੂਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਦੇ ਗੱਠਜੋੜ ਨੇ 1500 ਕਰਮਚਾਰੀਆਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੌਕ ਦਿੱਤਾ ਹੈ। ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਕੰਪਨੀ ਦੇ ਕਈ ਕਰਮਚਾਰੀ ਇਨਸਾਫ਼ ਨਾ ਮਿਲਣ ਕਾਰਨ ਸਦਮੇ ਵਿੱਚ ਅਕਾਲ ਚਲਾਣਾ ਵੀ ਕਰ ਗਏ ਹਨ ਜਦੋਂਕਿ ਬਾਕੀ ਕਰਮਚਾਰੀ ਦਿਹਾੜੀ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਵਿਜੀਲੈਂਸ ਕੇਸ ਵਿੱਚ ਫਿਲਿਪਸ ਦੀ ਤਤਕਾਲੀ ਮੈਨੇਜਮੈਂਟ ਨੂੰ ਵੀ ਨਾਮਜ਼ਦ ਕੀਤਾ ਜਾਵੇ। ਇਸ ਮੌਕੇ ਤਰਜਿੰਦਰ ਸਿੰਘ, ਪ੍ਰਦੀਪ ਸ਼ਰਮਾ, ਮੀਨਾਕਸ਼ੀ, ਗੁਰਦੀਪ ਸਿੰਘ, ਦਿਲਬਾਗ ਸਿੰਘ, ਦਿਲਾਵਰ ਸਿੰਘ, ਨਵਦੀਪ ਬੋਪਾਰਾਏ, ਜਗਤਾਰਾ ਸਿੰਘ, ਕੁਲਜੀਤ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਕੌਰ, ਸੁਨੀਤਾ ਰਾਣੀ, ਮਨਜਿੰਦਰ ਸਿੰਘ ਧਰਮਗੜ੍ਹ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ