Nabaz-e-punjab.com

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਵੱਲੋਂ ਚੋਣ ਮੈਨੀਫੈਸਟੋ ਜਾਰੀ

ਬੀਰਦਵਿੰਦਰ ਸਿੰਘ ਵੱਲੋਂ ਵਿਕਾਸ ਦੇ ਮੁੱਦੇ ’ਤੇ ਚੰਦੂਮਾਜਰਾ ਅਤੇ ਮਨੀਸ਼ ਤਿਵਾੜੀ ਨੂੰ ਖੁੱਲ੍ਹੀ ਬਹਿਸ ਦੀ ਚੁਨੌਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਲਈ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇੱਥੋਂ ਦੇ ਫੇਜ਼-5 ਸਥਿਤ ਹੋਟਲ ਦਾਵਤ ਵਿੱਚ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਸ੍ਰ. ਬੀਰਦਵਿੰਦਰ ਸਿੰਘ ਨੇ ਇਹ ਮਹਿਜ ਇਕ ਕਾਗਜ ਦਾ ਟੁਕੜਾ ਨਹੀਂ ਹੈ ਬਲਕਿ ਸਮੁੱਚੇ ਹਲਕੇ ਦੇ ਲੋਕਾਂ ਨਾਲ ਚੋਣ ਵਾਅਦਿਆਂ ਸਬੰਧੀ ਐਗਰੀਮੈਂਟ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾਣ ਦਾ ਮੌਕਾ ਮਿਲਿਆ ਹੈ ਅਤੇ ਸਮੁੱਚੇ ਹਲਕੇ ਦੀ ਅਣਦੇਖੀ ਦੇ ਚੱਲਦਿਆਂ ਲੋਕ ਹੁਕਮਰਾਨ ਕਾਂਗਰਸ ਪਾਰਟੀ ਅਤੇ ਵਿਰੋਧੀ ਧਿਰ ਅਕਾਲੀ ਦਲ ਨੂੰ ਕੋਸ ਰਹੇ ਹਨ। ਜਦੋਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੁਮਰਾਹਕੁਨ ਪ੍ਰਚਾਰ ਕਰ ਕੇ ਵਿਕਾਸ ਦੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਅਤੇ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਿਕਾਸ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਚੁਨੌਤੀ ਦਿੱਤੀ ਹੈ।
ਸ੍ਰ. ਬੀਰਦਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿੱਚ ਪਿਛਲੇ ਕੁਝ ਸਮੇਂ ਤੋਂ ਜਿਵੇਂ ਲਗਾਤਾਰ ਆਬਾਦੀ ਵਧ ਰਹੀ ਹੈ, ਉਵੇਂ ਜੁਰਮ ਵੀ ਵਧੇ ਹਨ ਅਤੇ ਸਭ ਤੋਂ ਵੱਡੀ ਸਮੱਸਿਆ ਟਰੈਫ਼ਿਕ ਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮੁਹਾਲੀ ਵਿੱਚ ਪੁਲੀਸ ਕਮਿਸ਼ਨਰੇਟ ਕਾਇਮ ਕਰਨ ਲਈ ਪੈਰਵੀ ਕੀਤੀ ਜਾਵੇਗੀ। ਮੁਹਾਲੀ ਤੋਂ ਖਾਨਪੁਰ ਤੱਕ ਫਲਾਈਓਵਰ ਅਤੇ ਐਲੀਵੇਟਿਡ ਸੜਕ ਦਾ ਨਿਰਮਾਣ ਲਗਾਤਾਰ ਪਛੜਦਾ ਜਾ ਰਿਹਾ ਹੈ। ਉਨ੍ਹਾਂ ਕੰਪਨੀ ਦੇ ਹਵਾਲੇ ਨਾਲ ਦੱਸਿਆ ਕਿ ਹਾਲੇ ਤੱਕ ਸਰਕਾਰ ਨੇ ਲੋੜੀਂਦੀ ਜ਼ਮੀਨ ਵੀ ਐਕਵਾਇਰ ਨਹੀਂ ਕੀਤੀ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਇਸ ਸਬੰਧੀ ਅਜੇ ਤਾਈਂ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਵੱਲੋਂ ਮੀਟਿੰਗ ਸੱਦ ਕੇ ਸਮੀਖਿਆ ਤੱਕ ਕਰਨ ਦੀ ਲੋੜ ਨਹੀਂ ਸਮਝੀ ਹੈ।
ਉਨ੍ਹਾਂ ਕਿਹਾ ਕਿ ਗੜਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਹਾਈਵੇਅ ਤੀਰਥ ਮਾਰਗ ਵਜੋਂ ਜਾਣਿਆ ਜਾਂਦਾ ਹੈ। ਜਿੱਥੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਆਉਂਦੇ ਹਨ, ਪ੍ਰੰਤੂ ਪਿਛਲੇ ਲੰਮੇ ਸਮੇਂ ਤੋਂ ਇਸ ਸੜਕ ਦੀ ਹਾਲਤ ਬਦਤਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬੰਗਾ, ਗੜਸ਼ੰਕਰ, ਨਵਾਂ ਸ਼ਹਿਰ ਅਤੇ ਬਲਾਚੋਰ ਵਿੱਚ ਕੋਈ ਵੱਡਾ ਸਿਹਤ ਕੇਂਦਰ ਨਹੀਂ ਹੈ ਲੇਕਿਨ ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਪਹਿਲ ਦੇ ਆਧਾਰ ’ਤੇ ਇਨ੍ਹਾਂ ਹਲਕਿਆਂ ਦੇ ਕੇਂਦਰੀ ਸਥਾਨ ’ਤੇ ਇੱਕ ਵੱਡਾ ਹਸਪਤਾਲ ਬਣਾਇਆ ਜਾਵੇਗਾ।
ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ, ਜਬਰਜੰਗ ਸਿੰਘ ਸਿੱਧੂ, ਪਰਮਜੀਤ ਸਿੰਘ ਸਰਾਓ, ਮੇਜਰ ਸਿੰਘ ਸੰਗਤਪੁਰਾ, ਕੰਵਰਪ੍ਰੀਤ ਸਿੰਘ ਹਨੀ, ਜਗਤਾਰ ਸਿੰਘ ਘੜੂੰਆਂ, ਮਨਦੀਪ ਸਿੰਘ ਖਿਜਰਾਬਾਦ, ਐਡਵੋਕੇਟ ਅਨੰਤਬੀਰ ਸਿੰਘ ਸਰਾਓ, ਜਗਜੀਤ ਸਿੰਘ, ਜੀਪੀਐੱਸ ਗਿੱਲ, ਹਰਭਜਨ ਸਿੰਘ, ਗਗਨਪ੍ਰੀਤ ਸਿੰਘ ਬੈਂਸ, ਹਰਪਾਲ ਸਿੰਘ ਪਾਲੀ, ਹਰਦੀਪ ਸਿੰਘ, ਮਨਪ੍ਰੀਤ ਸਿੰਘ ਵੀ ਹਾਜ਼ਰ ਸਨ।
(ਬਾਕਸ ਆਈਟਮ)
ਬੀਰਦਵਿੰਦਰ ਸਿੰਘ ਨੇ ਐਲਾਨ ਕੀਤਾ ਕਿ ਖਰੜ ਵਿੱਚ ਮਹਾਰਾਜਾ ਅੱਜ ਸਰੋਵਰ ਵਾਲੀ 16 ਏਕੜ ਥਾਂ ਨੂੰ ਸੈਰ ਸਪਾਟਾ ਕੇਂਦਰ ਬਣਾਉਣ ਲਈ ਪੈਰਵੀ ਕੀਤੀ ਜਾਵੇਗੀ ਅਤੇ ਇਸ ਥਾਂ ਦੀ ਧਾਰਮਿਕ ਮਹੱਤਤਾ ਨੂੰ ਦੇਖਦੇ ਹੋਏ ਇੱਥੇ ਵਿਸ਼ਰਾਮ ਘਰ ਬਣਾਏ ਜਾਣਗੇ ਤਾਂ ਜੋ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਹੋਰ ਤੀਰਥਾਂ ’ਤੇ ਜਾਣ ਵਾਲੇ ਸ਼ਰਧਾਲੂ ਇੱਥੇ ਰੁਕ ਕੇ ਅਰਾਮ ਕਰ ਸਕਣ। ਇਸ ਤੋਂ ਇਲਾਵਾ ਖਰੜ ਵਿੱਚ ਵੱਖਰਾ ਜੱਚਾ ਬੱਚਾ ਹਸਪਤਾਲ ਅਤੇ ਖਰੜ ਬੱਸ ਅੱਡਾ, ਨਗਰ ਕੌਂਸਲ ਅਤੇ ਪੰਚਾਇਤੀ ਰਾਜ ਅਤੇ ਬੀਡੀਪੀਓ ਦਫ਼ਤਰਾਂ ਦੀਆਂ ਇਮਾਰਤਾਂ ਨੂੰ ਢਾਹ ਕੇ ਇਸ ਜ਼ਮੀਨ ਵਿੱਚ ਗਰਾਉਂਡ ਫਰੋਲ ’ਤੇ ਬੱਸ ਅੱਡਾ ਅਤੇ ਪਹਿਲੀ ਤੇ ਦੂਜੀ ਮੰਜ਼ਲ ’ਤੇ ਨਗਰ ਕੌਂਸਲਰ ਅਤੇ ਪੰਚਾਇਤ ਵਿਭਾਗ ਦਾ ਦਫ਼ਤਰ ਬਣਾਇਆ ਜਾਵੇਗਾ। ਪਹਿਲਾਂ ਵੀ ਉਨ੍ਹਾਂ ਨੇ ਇਹ ਪ੍ਰਾਜੈਕਟ ਤਿਆਰ ਕੀਤਾ ਸੀ ਪ੍ਰੰਤੂ ਬਾਅਦ ਵਿੱਚ ਇਲਾਕੇ ਦੇ ਕਿਸੇ ਆਗੂ ਅਤੇ ਸਰਕਾਰਾਂ ਨੇ ਧਿਆਨ ਨਹੀਂ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…