ਪੋਲਿੰਗ ਬੂਥਾਂ ਲਈ ਚੋਣ ਅਮਲਾ ਬੈੱਲਟ ਪੇਪਰ ਤੇ ਹੋਰ ਸਮੱਗਰੀ ਲੈ ਕੇ ਰਵਾਨਾ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਪੋਲਿੰਗ ਬੂਥਾਂ ’ਤੇ ਸੁਰੱਖਿਆ ਪ੍ਰਬੰਧਾਂ ਲਈ ਦੋ ਹਜ਼ਾਰ ਤੋਂ ਵੱਧ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਦੇਣਗੇ ਡਿਊਟੀ

ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਗਿਣਤੀ ਕਰਕੇ ਥੂਥਾਂ ’ਤੇ ਐਲਾਨਿਆ ਜਾਵੇਗਾ ਨਤੀਜਾ

46 ਅਤਿ ਸੰਵੇਦਨਸ਼ੀਲ ਤੇ 103 ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨੇ

ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਚੋਣ ਅਮਲੇ ਨੂੰ ਬੈਲਟ ਪੇਪਰ ਅਤੇ ਹੋਰ ਲੋੜੀਂਦੀ ਚੋਣ ਸਮੱਗਰੀ ਦੇ ਕੇ ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਭਲਕੇ 266 ਗਰਾਮ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ ਜਦੋਂਕਿ 63 ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਪੰਚਾਇਤ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸ਼ਾਂਤਮਈ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ 46 ਅਤਿ ਸੰਵੇਦਨਸ਼ੀਲ ਅਤੇ 103 ਸੰਵੇਦਨਸ਼ੀਲ ਪੋਲਿੰਗ ਬੂਥ ਹਨ। ਜਿੱਥੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਇਲਾਵਾ ਮਤਦਾਨ ਦੌਰਾਨ ਵੀਡੀਓਗਰਾਫ਼ੀ ਕਰਨ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਮਗਰੋਂ ਸਬੰਧਤ ਬੂਥਾਂ ਉੱਤੇ ਹੀ ਵੋਟਾਂ ਦੀ ਗਿਣਤੀ ਕਰਕੇ ਨਤੀਜਾ ਘੋਸ਼ਿਤ ਕੀਤਾ ਜਾਵੇਗਾ।
ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਦੋ ਹਜ਼ਾਰ ਤੋਂ ਵੱਧ ਪੁਲੀਸ ਕਰਮਚਾਰੀ ਤਾਇਨਾਤ ਰਹਿਣਗੇ, ਜੋ ਚੋਣ ਪ੍ਰਕਿਰਿਆ ਅਤੇ ਹਰੇਕ ਆਉਣ ਜਾਣ ਵਾਲੇ ’ਤੇ ਤਿੱਖੀ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਥਿਤੀ ਨੂੰ ਸੰਭਾਲਣ ਅਤੇ ਲੋੜ ਪੈਣ ’ਤੇ ਤੁਰੰਤ ਮੌਕੇ ਉੱਤੇ ਪਹੁੰਚਣ ਲਈ ਚੋਣ ਡਿਊਟੀ ਸੁਰੱਖਿਆ ਕਰਮਚਾਰੀ, ਮੋਬਾਈਲ ਟੀਮਾਂ ਅਤੇ ਗਸ਼ਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਐਸਪੀ ਅਤੇ ਡੀਐਸਪੀਜ਼ ਨੂੰ ਵਿਸ਼ੇਸ਼ ਹਿੱਸਿਆਂ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੋਂ ਅਗਲੇ 24 ਘੰਟੇ ਪੁਲੀਸ ਗਸ਼ਤ ਤੇਜ਼ ਕੀਤੀ ਜਾਵੇਗੀ ਅਤੇ 30 ਤੋਂ ਵੱਧ ਪੁਲੀਸ ਨਾਕੇ ਲਗਾਏ ਜਾਣਗੇ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਨੇ ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਅੱਜ ਡਿਸਪੈਚ ਸੈਂਟਰਾਂ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਵਿਘਨ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਸਥਿਤ ਡਿਸਪੈਚ ਸੈਂਟਰ, ਹਾਈਪਰਸੈਂਸਟਿਵ ਬੂਥ ਲਾਂਡਰਾਂ ਅਤੇ ਡਿਸਪੈਚ ਸੈਂਟਰ ਸਰਕਾਰੀ ਕਾਲਜ ਡੇਰਾਬੱਸੀ ਸਥਿਤ ਡਿਸਪੈਚ ਸੈਂਟਰ ਦਾ ਦੌਰਾ ਕਰਕੇ ਚੋਣ ਅਮਲੇ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …