Nabaz-e-punjab.com

ਐਮਰਜੈਂਸੀ ਤੇ ਓਪੀਡੀ ਸੇਵਾਵਾਂ ਦੇਣ ਵਿੱਚ ਢਿੱਲ ਮੱਢ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਨਜੀਤ ਸਿੰਘ

ਸਾਰੇ ਸਰਕਾਰੀ ਹਸਪਤਾਲ ਵਿੱਚ ਜ਼ਰੂਰੀ ਦਵਾਈਆਂ ਹਰ ਸਮੇਂ ਉਪਲਬਧ ਹੋਣ

ਮੀਟਿੰਗ ਵਿੱਚ ਸੀਨੀਅਰ ਮੈਡੀਕਲ ਅਫ਼ਸਰਾਂ ਤੇ ਸਟਾਫ਼ ਨੂੰ ਹਦਾਇਤਾਂ ਜਾਰੀ, ਕੰਮਾਂ ਦੀ ਸਮੀਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਜ਼ਿਲ੍ਹਾ ਮੁਹਾਲੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਐਮਰਜੈਂਸੀ ਅਤੇ ਓਪੀਡੀ (ਆਊਟ ਪੇਸ਼ੈਂਟ ਡਿਪਾਰਟਮੈਂਟ) ਸੇਵਾਵਾਂ ਦੇਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਗੱਲ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਜ਼ਿਲ੍ਹੇ ਦੇ ਤਮਾਮ ਸੀਨੀਅਰ ਮੈਡੀਕਲ ਅਫ਼ਸਰਾਂ (ਐਸਐਮਓ) ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮਹੀਨਾਵਾਰ ਪ੍ਰਗਤੀ ਬੈਠਕ ਨੂੰ ਸੰਬੋਧਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਹਰ ਸਰਕਾਰੀ ਹਸਪਤਾਲ ਦਾ ਮੁਖੀ ਯਕੀਨੀ ਬਣਾਏ ਕਿ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਅਤੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਮਾਂਬੱਧ, ਮਿਆਰੀ ਤੇ ਸੁਚੱਜੀਆਂ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ। ਡਾ. ਮਨਜੀਤ ਸਿੰਘ ਨੇ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਦਵਾਈਆਂ ਦਾ ਘੱਟੋ-ਘੱਟ ਤਿੰਨ ਮਹੀਨਿਆਂ ਦਾ ਸਟਾਕ ਯਕੀਨਨ ਰੱਖਣ ਦੀ ਹਦਾਇਤ ਦਿਤੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਹਸਪਤਾਲ ਵਿਚ ਲੋੜੀਂਦੀਆਂ ਅਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਡਾਕਟਰਾਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਬਾਹਰੋਂ ਮਿਲਣ ਵਾਲੀਆਂ ਦਵਾਈਆਂ ਨਾ ਲਿਖੀਆਂ ਜਾਣ ਅਤੇ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਦਵਾਈਆਂ ਦਿਤੀਆਂ ਜਾਣ। ਜੇ ਕੋਈ ਦਵਾਈ ਹਸਪਤਾਲ ਵਿਚ ਉਪਲਭਧ ਨਹੀਂ ਤਾਂ ਉਸ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਐਮਰਜੈਂਸੀ ਟੀਮ ਅਤੇ ਕਿੱਟਾਂ ਹਰ ਸਮੇਂ ਤਿਆਰ ਰਹਿਣੀਆਂ ਚਾਹੀਦੀਆਂ ਹਨ ਤਾਕਿ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ’ਤੇ ਐਮਰਜੈਂਸੀ ਟੀਮ ਤੁਰੰਤ ਮੌਕੇ ’ਤੇ ਭੇਜੀ ਜਾ ਸਕੇ। ਇਸ ਤੋਂ ਇਲਾਵਾ, ਐਂਬੂਲੈਂਸਾਂ ਵਿਚ ਐਮਰਜੈਂਸੀ ਕਿੱਟ ਜਿਹਾ ਸਾਰਾ ਲੋੜੀਂਦਾ ਸਮਾਨ ਹਰ ਸਮੇਂ ਉਪਲਭਧ ਰਹੇ। ਉਨ੍ਹਾ ਕਿਹਾ ਕਿ ਜਿਹੜੀ ਦਵਾਈ ਡਰੱਗ ਵੇਅਰਹਾਊਸ ਵਿਚ ਉਪਲਭਧ ਹੈ, ਉਹ ਹਰ ਹਸਪਤਾਲ ਵਿਚ ਵੀ ਹੋਣੀ ਚਾਹੀਦੀ ਹੈ। ਇਸ ਮਾਮਲੇ ਵਿਚ ਅਣਗਹਿਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲਾਂ ਵਿਚ ਸਾਫ਼-ਸਫ਼ਾਈ ਵਲ ਵੀ ਵਿਸ਼ੇਸ਼ ਧਿਆਨ ਦੇਣ ਲਈ ਆਖਿਆ।
‘ਕੋਰੋਨਾ’ ਵਾਇਰਸ, ਸਵਾਈਨ ਫ਼ਲੂ, ਡੇਂਗੂ, ਮਲੇਰੀਆਂ ਜਿਹੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਟਾਫ਼ ਨੂੰ ਵੱਧ ਤੋਂ ਵੱਧ ਸਿਖਲਾਈ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਾ. ਮਨਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਬੀਮਾਰੀਆਂ ਬਾਰੇ ਆਸ਼ਾ ਵਰਕਰ ਤਕ ਨੂੰ ਵੀ ਜਾਗਰੂਕ ਕੀਤਾ ਜਾਵੇ ਤਾਕਿ ਇਨ੍ਹਾਂ ਬੀਮਾਰੀਆਂ ਨਾਲ ਸਿੱਝਣ ਲਈ ਹੇਠਲੇ ਪੱਧਰ ਤਕ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਤੇ ਇਲਾਜ ਬਾਰੇ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਅਪਣੇ ਏਰੀਏ ਦੀਆਂ ਉੱਚ ਜ਼ੋਖ਼ਮ ਵਾਲੀਆਂ ਗਰਭਵਤੀ ਅੌਰਤਾਂ ਦੀ ਸਿਹਤ ’ਤੇ ਖ਼ੁਦ ਨਜ਼ਰ ਰੱਖਣ ਅਤੇ ਲੋੜ ਪੈਣ ’ਤੇ ਉਨ੍ਹਾਂ ਕੋਲ ਪਹੁੰਚ ਕਰ ਕੇ ਜਾਣਕਾਰੀ ਲੈਣ ਤਾਕਿ ਅਜਿਹੀਆਂ ਅੌਰਤਾਂ ਦੀ ਸਮੇਂ ਸਿਰ ਜਾਂਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਹਸਪਤਾਲਾਂ ਦੇ ਬਾਇਉ ਮੈਡੀਕਲ ਕੂੜੇ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਤੇ ਨਿਯਮਾਂ ਮੁਤਾਬਕ ਟਿਕਾਣੇ ਲਾਉਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਸਮੁੱਚੇ ਸਟਾਫ਼ ਦਾ ਸਮੇਂ ਸਿਰ ਹਸਪਤਾਲ ਪਹੁੰਚਣਾ ਜ਼ਰੂਰੀ ਹੈ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਦਿਤੀ। ਸਿਵਲ ਸਰਜਨ ਨੇ ਹਰ ਸਿਹਤ ਅਧਿਕਾਰੀ ਕੋਲੋਂ ਉਸ ਦੇ ਹਸਪਤਾਲ ਅਤੇ ਏਰੀਆ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ, ਜੱਚਾ ਅਤੇ ਬੱਚਾ ਸੇਵਾਵਾਂ, ਟੀਕਾਕਰਨ, ਓਟ ਕਲੀਨਿਕ ਸਣੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਿਆ ਅਤੇ ਇਨ੍ਹਾਂ ਪ੍ਰੋਗਰਾਮਾਂ ਨੂੰ ਬਿਹਤਰ ਅਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਆਖਿਆ।
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਕੁਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਜ਼ਿਲ੍ਹਾ ਪਰਵਾਰ ਨਿਯੋਜਨ ਅਫ਼ਸਰ ਡਾ. ਨਿਧੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਹਸਪਤਾਲ ਦੇ ਐਸਐਮਓ ਡਾ. ਵਿਜੇ ਭਗਤ, ਡਾ. ਕੁਲਜੀਤ ਕੌਰ, ਡਾ. ਸੰਗੀਤਾ ਜੈਨ, ਡਾ. ਸੁਰਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਸੁਖਵਿੰਦਰ ਸਿੰਘ, ਡਾ. ਦਲਬਾਗ਼ ਸਿੰਘ ਆਦਿ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…