ਸਿਹਤ ਵਿਭਾਗ ਵੱਲੋਂ ਰਾਤ ਸਮੇਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ

ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਦਾ ਹਾਲ ਜਾਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ:
ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੇ ਲੰਘੀ ਰਾਤ ਵੱਖ-ਵੱਖ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਬਲਾਕ ਅਤੇ ਜੱਚਾ-ਬੱਚਾ ਵਾਰਡਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਵੀ ਸਿੱਧੀ ਗੱਲ ਕੀਤੀ।
ਅੱਜ ਇੱਥੇ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਅਤੇ ਖਰੜ, ਕਮਿਊਨਿਟੀ ਹੈਲਥ ਸੈਂਟਰ ਕੁਰਾਲੀ, ਬੂਥਗੜ੍ਹ, ਲਾਲੜੂ, ਢਕੌਲੀ ਅਤੇ ਬਨੂੜ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਚੈਕਿੰਗ ਦਾ ਮੰਤਵ ਜਿੱਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਮਿਆਰ ਨੂੰ ਜਾਂਚਣਾ ਸੀ, ਉੱਥੇ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਦਰੁਸਤ ਕਰਨਾ ਸੀ। ਇਹ ਚੈਕਿੰਗ ਮੁਹਿੰਮ ਦੇਰ ਸ਼ਾਮ 8 ਵਜੇ ਤੋਂ ਰਾਤ 11 ਵਜੇ ਤੱਕ ਚੱਲੀ।
ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਖ਼ੁਦ ਸਰਕਾਰੀ ਹਸਪਤਾਲ ਮੁਹਾਲੀ ਦਾ ਦੌਰਾ ਕੀਤਾ ਅਤੇ ਵੱਖ-ਵੱਖ ਵਾਰਡਾਂ ਖ਼ਾਸਕਰ ਐਮਰਜੈਂਸੀ ਵਾਰਡ ਵਿੱਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ‘ਵੱਖ-ਵੱਖ ਟੀਮਾਂ ਨੇ ਹਸਪਤਾਲਾਂ ਦੇ ਐਮਰਜੈਂਸੀ ਵਾਰਡ, ਲੇਬਰ ਰੂਮ, ਜੱਚਾ-ਬੱਚਾ ਵਾਰਡ, ਅਪਰੇਸ਼ਨ ਥੀਏਟਰ ਅਤੇ ਲੈਬ ਪ੍ਰਬੰਧਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਅਤੇ ਪ੍ਰਬੰਧ ਤਸੱਲੀਬਖ਼ਸ਼ ਪਏ ਗਏ। ਇਸ ਤੋਂ ਇਲਾਵਾ ਵਾਰਡਾਂ ਵਿੱਚ ਸਫ਼ਾਈ ਵੱਲ ਹੋਰ ਧਿਆਨ ਦੇਣ ਦੀ ਹਦਾਇਤਾਂ ਦਿੱਤੀਆਂ।

ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਕਿਸੇ ਕਿਸਮ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਡਾਕਟਰੀ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ। ਚੈਕਿੰਗ ਮੁਹਿੰਮ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ ਅਤੇ ਵੱਖ-ਵੱਖ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਸ਼ਾਮਲ ਸਨ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…