
ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਉਣ ’ਤੇ ਜ਼ੋਰ
ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਲਈ ਵਿਸ਼ੇਸ਼ ਸੈੱਲ ਬਣਾਇਆ ਜਾਵੇਗਾ: ਡਾ. ਸੰਦੀਪ ਗਰਗ
ਮੁਹਾਲੀ ਦੇ ਨਵੇਂ ਐਸਐਸਪੀ ਡਾ. ਸੰਦੀਪ ਗਰਗ ਨੇ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਮੁਹਾਲੀ ਦੇ ਨਵੇਂ ਐੱਸਐੱਸਪੀ ਡਾ. ਸੰਦੀਪ ਗਰਗ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਦੀ ਟੁਕੜੀ ਨੇ ਨਵੇਂ ਐੱਸਐੱਸਪੀ ਨੂੰ ਗਾਰਡ ਆਫ਼ ਆਨਰ ਦਿੱਤਾ। 2012 ਬੈਚ ਦੇ ਸੀਨੀਅਰ ਆਈਪੀਐਸ ਅਫ਼ਸਰ ਸੰਦੀਪ ਗਰਗ ਪਹਿਲਾਂ ਸੰਗਰੂਰ ਅਤੇ ਪਟਿਆਲਾ ਵਿੱਚ ਵੀ ਬਤੌਰ ਐਸਐਸਪੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਹ ਰੂਪਨਗਰ ਤੋਂ ਬਦਲ ਕੇ ਮੁਹਾਲੀ ਆਏ ਹਨ। ਉਨ੍ਹਾਂ ਨੇ ਐਪੀ, ਡੀਐਸਪੀ ਰੈਂਕ ਦੇ ਅਧਿਕਾਰੀਆਂ ਸਮੇਤ ਸਮੂਹ ਥਾਣਾ ਮੁਖੀਆਂ ਨਾਲ ਮੀਟਿੰਗ ਕਰਕੇ ਜ਼ਰੂਰੀ ਹਦਾਇਤਾਂ ਦਿੱਤੀਆਂ ਅਤੇ ਪੁਲੀਸ ਦੀ ਕਾਰਗੁਜ਼ਾਰੀ ਦੀ ਬਰੀਕੀ ਨਾਲ ਸਮੀਖਿਆ ਕੀਤੀ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਸੰਦੀਪ ਗਰਗ ਨੇ ਕਿਹਾ ਕਿ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪੁਲੀਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁਲੜਬਾਜਾਂ ਤੇ ਗਲਤ ਪਾਰਕਿੰਗ ਸਮੇਤ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਐੱਸਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲੀਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਲਾਜ਼ਮੀ ਕਰਵਾਉਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਂ ਰਹਿੰਦੇ ਕਾਬੂ ਕੀਤਾ ਜਾ ਸਕੇ।

ਡਾ. ਸੰਦੀਪ ਗਰਗ ਨੇ ਕਿਹਾ ਕਿ ਪਾਰਦਰਸ਼ੀ, ਕੁਸ਼ਲ ਪੁਲੀਸ ਪ੍ਰਸ਼ਾਸਨ ਅਤੇ ਥਾਣਿਆਂ ਵਿੱਚ ਆਮ ਲੋਕਾਂ ਖਾਸ ਕਰਕੇ ਬੁਜ਼ਰਗਾਂ ਦੀ ਪਹਿਲ ਦੇ ਅਧਾਰ ’ਤੇ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਸੀਨੀਅਰ ਸਿਟੀਜ਼ਨਾਂ ਦੀ ਸੁਵਿਧਾ ਲਈ ਵਿਸ਼ੇਸ਼ ਸੈੱਲ ਕਾਇਮ ਕੀਤਾ ਜਾਵੇਗਾ। ਐੱਸਐੱਸਪੀ ਨੇ ਕਿਹਾ ਕਿ ਵੱਧ ਤੋਂ ਵੱਧ ਨਵੀਂ ਟੈਕਨਾਲੋਜੀ ਵਰਤੀ ਜਾਵੇਗੀ ਤਾਂ ਜੋ ਪੁਲੀਸ ਅਤੇ ਲੋਕਾਂ ਵਿੱਚ ਵਧੀਆ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਮਸਲਿਆਂ ਨੂੰ ਸੁਲਝਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਸਮੇਤ ਮੁੱਖ ਸੜਕਾਂ ’ਤੇ ਸਾਰੇ ਸੀਸੀਟੀਵੀ ਕੈਮਰੇ ਚਾਲੂ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਬਲੈਕ ਸਪੌਟ ’ਤੇ ਹੋਰ ਕੈਮਰੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਆਨਲਾਈਨ ਠੱਗੀ ਦੇ ਮਾਮਲੇ ਜ਼ਿਆਦਾ ਵਧ ਰਹੇ ਹਨ। ਲਿਹਾਜ਼ਾ ਸਾਈਬਰ ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ।