nabaz-e-punjab.com

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਵਾਉਣ ’ਤੇ ਜ਼ੋਰ

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਸਬੰਧੀ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਰਾਜ ਪੱਧਰੀ ਮੀਟਿੰਗ

ਸ਼ਹਿਰਾਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕਰਨ ਦੇ ਹੁਕਮ

ਦਾਖ਼ਲਾ ਮੁਹਿੰਮ ਨੂੰ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਸਿੱਖਿਆ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਦਿੱਤੇ ਸੁਝਾਅ

ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ ਨਾਲ ਸਰਕਾਰੀ ਸਕੂਲਾਂ ’ਚ ਵਧੇਗੀ ਦਾਖ਼ਲਾ ਦਰ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਸਿੱਖਿਆ ਵਿਭਾਗ ਪੰਜਾਬ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖ਼ਲਿਆਂ ’ਤੇ ਜ਼ੋਰ ਦਿੰਦਿਆਂ ਇਸ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਟੀਮ ਅਤੇ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਰਾਜ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਸੂਬੇ ਦੇ 550 ਤੋਂ ਵੱਧ ਸਿੱਖਿਆ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ, ਬਲਾਕ ਮਾਸਟਰ ਟਰੇਨਰਾਂ ਸਮੇਤ ਸਕੂਲੀ ਅਧਿਆਪਕਾਂ ਅਤੇ ਵੱਖ-ਵੱਖ ਆਂਗਨਵਾੜੀ ਸੈਂਟਰਾਂ ਦੇ ਵਰਕਰਾਂ ਨੇ ਸ਼ਿਰਕਤ ਕੀਤੀ।
ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਪ੍ਰੀ ਪ੍ਰਾਇਮਰੀ ਜਮਾਤਾਂ ਨੂੰ ਬਾਖ਼ੂਬੀ ਚਲਾ ਰਹੀਆਂ ਆਂਗਨਵਾੜੀ ਵਰਕਰਾਂ ਨੇ ਪ੍ਰੀ-ਪ੍ਰਾਇਮਰੀ ਦਾ ਕਿਤਾਬਚਾ ਵੀ ਜਾਰੀ ਕੀਤਾ। ਇਸ ਕਿਤਾਬਚੇ ਵਿੱਚ ਸਕੂਲੀ ਬੱਚਿਆਂ ਦੇ ਸਿੱਖਣ ਪੱਧਰ ਲਈ ਕੀਤੇ ਜਾ ਰਹੇ ਵਿਲੱਖਣ ਕਾਰਜਾਂ ਬਾਰੇ ਮੁੱਢਲੀ ਜਾਣਕਾਰੀ ਦਰਜ ਕੀਤੀ ਗਈ ਹੈ। ਇਸ ਉਪਰੰਤ ਵੱਖ-ਵੱਖ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੇ ਮਲਟੀ ਮੀਡੀਆ ਤਕਨੀਕ ਨਾਲ ਮੰਚ ਤੋਂ ਆਪੋ-ਆਪਣੇ ਸਕੂਲਾਂ ਦੇ ਸਫ਼ਲ ਤਜ਼ਰਬੇ ਸਾਂਝੇ ਕੀਤੇ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਫਲਤਾ ਦੀ ਕਹਾਣੀਆਂ ਨੂੰ ਬੈਨਰਾਂ, ਪਾਫਲੈਟਾਂ, ਅਨਾਉਂਸਮੈਂਟਾਂ, ਡੋਰ-ਟੂ-ਡੋਰ ਮੁਹਿੰਮ, ਮਾਤਾ-ਪਿਤਾ ਨਾਲ ਮਿਲਣੀਆਂ, ਸਕੂਲਾਂ ਦੇ ਬਾਹਰ ਵੱਡੀਆਂ ਫਲੈਕਸਾਂ ਲਗਾਉਣਾ, ਸਕੂਲੀ ਬੱਚਿਆਂ ਦੀ ਗੁਣਾਤਮਿਕ ਪੱਖੋਂ ਕਵਿਤਾਵਾਂ, ਕਹਾਣੀਆਂ, ਪਹਾੜਿਆਂ, ਅੰਗਰੇਜ਼ੀ ਬੋਲਣ ਦੀ ਕੁਸ਼ਲਤਾ ਅਤੇ ਨਾਟਕ ਆਦਿ ਬਾਰੇ ਵੀਡੀਓ ਤਿਆਰ ਕਰਕੇ ਸ਼ਹਿਰੀ ਖੇਤਰ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਮਾਪਿਆਂ ਨਾਲ ਸਾਂਝੀਆਂ ਕੀਤੀਆਂ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਆ ਜਾ ਸਕੇ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਅਤੇ ਛੋਟੇ ਬੱਚਿਆਂ ਨੂੰ ਸਕੂਲਾਂ ਵਿੱਚ ਘਰ ਵਰਗਾ ਮਾਹੌਲ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੇਟ ਲਤੀਫ਼ੀ ਅਤੇ ਗੈਰਜ਼ਿੰਮੇਵਾਰਨਾ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡੀਪੀਆਈ ਇੰਦਰਜੀਤ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਥਾਨਕ ਸਮਾਜ ਸੇਵੀ ਸੰਸਥਾਵਾਂ, ਬੱਚਿਆਂ ਦੇ ਮਾਪਿਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਵਿਊਂਤਬੰਦੀ ਕਰਨ ’ਤੇ ਜ਼ੋਰ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਧਾਰਾਂ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਸਿੱਖਿਆ ਮੁਲਾਜ਼ਮਾਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਯਤਨ ਕੀਤੇ ਜਾਣ। ਇਸ ਮੌਕੇ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਜਰਨੈਲ ਸਿੰਘ ਕਾਲੇਕੇ ਅਤੇ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਸਟੇਟ ਕੋਆਰਡੀਨੇਟਰ ਦਵਿੰਦਰ ਸਿੰਘ ਬੋਹਾ, ਡਿਪਟੀ ਡਾਇਰੈਕਟਰ ਪਵਨ ਕੁਮਾਰ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…