Nabaz-e-punjab.com

ਪੰਜਾਬ ਵਿੱਚ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ

ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਦਾਖ਼ਲਾ ਮੁਹਿੰਮ ਬਾਰੇ ਸਮੂਹ ਬਲਾਕ ਸਿੱਖਿਆ ਅਫ਼ਸਰਾਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਇਮਰੀ ਸਿੱਖਿਆ ਦੀ ਨੀਂਹ ਹੋਰ ਵਧੇਰੇ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਇੱਥੇ ਵੱਖ ਵੱਖ ਜ਼ਿਲ੍ਹਿਆਂ ਦੇ 25 ਉਤਸ਼ਾਹੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਮੁੱਖ ਦਫ਼ਤਰ ਵਿੱਚ ਅਹਿਮ ਮੀਟਿੰਗ ਕੀਤੀ ਗਈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਅਧਿਆਪਕਾਂ ਦੀ ਟੀਮ ਨੇ ਮਿਹਨਤ ਨਾਲ ਕੰਮ ਕੀਤਾ ਹੈ। ਜਿਸ ਦੇ ਕਾਰਗਰ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕੇ 14 ਨਵੰਬਰ ਤੋਂ ਪ੍ਰੀ-ਪ੍ਰਾਇਮਰੀ ਦੇ ਤੀਜੇ ਸਾਲ ਦੇ ਦਾਖ਼ਲੇ ਸ਼ੁਰੂ ਹੋਣ ਜਾ ਰਹੇ ਹਨ। ਹੁਣ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਕਾਰਨ ਵਿਸ਼ਵਾਸ ਬਣ ਚੁੱਕਾ ਹੈ ਅਤੇ ਹੁਣ ਬੀਪੀਈਓ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖ਼ਲਿਆਂ ਲਈ ਵੱਧ ਤੋਂ ਵੱਧ ਪ੍ਰਚਾਰ ਕਰਨ। ਇਸ ਲਈ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਗੁਣਾਤਮਿਕ ਮੁਕਾਬਲੇ ਅਤੇ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੀਆਂ ਖੇਡ ਕਿਰਿਆਵਾਂ ਨਾਲ ਸਕੂਲਾਂ ਦੇ ਮਾਹੌਲ ਦੀ ਸਥਿਤੀ ਨੂੰ ਵਧੀਆ ਢੰਗ ਨਾਲ ਪੇਸ਼ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ-ਕਮ-ਡੀਪੀਆਈ (ਅ) ਇੰਦਰਜੀਤ ਸਿੰਘ ਨੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਆਪੋ ਆਪਣੇ ਸਕੂਲਾਂ ਦੇ ਗੁਣਾਤਮਿਕ ਵਿਕਾਸ ਸਬੰਧੀ ਰਿਪੋਰਟਾਂ ਤਿਆਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਿੱਖਿਆ ਨੂੰ ਨਵੇਂ ਮੁਕਾਮ ਤੱਕ ਪਹੁੰਚਾਉਣ ਲਈ ਸੁਚਾਰੂ ਢੰਗ ਨਾਲ ਵਿਉਂਤਬੰਦੀ ਕਰਨ।
ਮੀਟਿੰਗ ਵਿੱਚ ਹੱਥ ਲਿਖਤ ਮੈਗਜ਼ੀਨ ਤਿਆਰ ਕਰਨ, ਪੜ੍ਹੋ ਪੰਜਾਬ-ਖੇਡੋ ਪੰਜਾਬ, ਅਧਿਆਪਕ ਸਿਖਲਾਈ ਦਾ ਰਿਵਿਊ, ਪ੍ਰੀ-ਪ੍ਰਾਇਮਰੀ ਦੇ ਸਪਲੀਮੈਂਟਰੀ ਮਟੀਰੀਅਲ ਦੀ ਉਚਿੱਤ ਵਰਤੋਂ, ਰੀਡਿੰਗ ਕਾਰਨਰ ਦੀ ਵਿਦਿਆਰਥੀਆਂ ਦੇ ਕਿਤਾਬਾਂ ਪੜ੍ਹਨ ਲਈ ਉਚਿੱਤ ਵਰਤੋਂ, ਸਮਾਰਟ ਸਕੂਲਾਂ ਵੱਲ ਧਿਆਨ ਕੇਂਦਰਿਤ ਕਰਨ, ਅੰਗਰੇਜ਼ੀ ਮਾਧਿਅਮ ਵਾਲੇ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦੇਣ, ਬੀਪੀਈਓ ਵੱਲੋਂ ਫੀਲਡ ਵਿੱਚ ਕੀਤੀਆਂ ਵਿਜਟਾਂ ਦੀ ਰਿਪੋਰਟ ਆਦਿ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸਾਰੇ ਬਲਾਕਾਂ ਦੇ ਬਲਾਕ ਮਾਸਟਰ ਟਰੇਨਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…