ਸਿਵਲ ਸਰਜਨ ਵੱਲੋਂ ਕੋਵਿਡ ਤੇ ਡੇਂਗੂ ਦੀ ਰੋਕਥਾਮ ਲਈ ਸਾਂਝੇ ਯਤਨਾਂ ’ਤੇ ਜ਼ੋਰ

ਸਿਵਲ ਸਰਜਨ ਨੇ ਜ਼ਿਲ੍ਹਾ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਕੀਤੀ ਪਲੇਠੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ:
ਮੁਹਾਲੀ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਅੱਜ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਪਹਿਲਾ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਸਮੂਹ ਸਿਹਤ ਅਧਿਕਾਰੀਆਂ ਦਾ ਸਹਿਯੋਗ ਬੇਹੱਦ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿੱਥੇ ਕਿਤੇ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਸਿਵਲ ਸਰਜਨ ਨੇ ਕੋਵਿਡ ਅਤੇ ਡੇਂਗੂ ਦੀ ਰੋਕਥਾਮ ਲਈ ਸਾਂਝੇ ਯਤਨ ਹੋਰ ਤੇਜ਼ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਕੋਵਿਡ ਟੈਸਟ ਕੀਤੇ ਜਾਣ ਅਤੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ ਬੈੱਡਾਂ ਦੀ ਵਿਵਸਥਾ ਕੀਤੀ ਜਾਵੇ। ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਘਰ-ਘਰ ਜਾ ਕੇ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ‘ਆਮ ਆਦਮੀ ਕਲੀਨਿਕਾਂ’ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਅਤੇ ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਹਾਜ਼ਰ ਸਿਹਤ ਅਧਿਕਾਰੀਆਂ ਨੇ ਨਵੇਂ ਸਿਵਲ ਸਰਜਨ ਨੂੰ ਭਰੋਸਾ ਦਿੱਤਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਅਤੇ ਐਸਐਮਓ ਡਾ. ਐਚਐਸ ਚੀਮਾ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: …