
ਸ਼ਹਿਰੀ ਖੇਤਰ ਵਿੱਚ ਸਫ਼ਾਈ ਤੇ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ’ਤੇ ਜ਼ੋਰ
ਏਡੀਸੀ ਮਾਨ ਨੇ ਸ਼ਹਿਰੀ ਖੇਤਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਸਮੁੱਚੇ ਜ਼ਿਲ੍ਹੇ ਅੰਦਰ ਸ਼ਹਿਰੀ ਖੇਤਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹਿਰੀ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਏਡੀਸੀ ਮਾਨ ਨੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਏਡੀਸੀ ਨੇ ਮੁਹਾਲੀ ਨਗਰ ਨਿਗਮ ਸਮੇਤ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਗਰਮੀ ਦੇ ਮੌਸਮ ਅਤੇ ਮਾਨਸੂਨ ਨੂੰ ਦੇਖਦੇ ਹੋਏ ਸ਼ਹਿਰੀ ਖੇਤਰ ਵਿੱਚ ਸਫ਼ਾਈ ਅਤੇ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ਲਈ ਵੀ ਆਖਿਆ।
ਏਡੀਸੀ ਮਾਨ ਨੇ ਕਿਹਾ ਕਿ ਸ਼ਹਿਰਾਂ ਦੀ ਸਫ਼ਾਈ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਨਾਲ ਹੀ ਉਨ੍ਹਾਂ ਨੇ ਸੌਲਿਡ ਵੇਸਟ ਮੈਨੇਜਮੈਂਟ ਦੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਬਲਕ ਵੇਸਟ ਜਨਰੇਟਰ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਏਡੀਸੀ ਨੇ ਲੰਬਿਤ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਨਿਪਟਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਨੇ ਮੁਕੰਮਲ ਕੀਤੇ ਜਾ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਅਲਾਟ ਕੀਤੇ ਨਵੇਂ ਕੰਮ ਵੀ ਜਲਦੀ ਸ਼ੁਰੂ ਕੀਤੇ ਜਾਣ।
ਮੀਟਿੰਗ ਵਿੱਚ ਮੁਹਾਲੀ ਨਿਗਮ ਦੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਡੀਐਮ ਸਰਬਜੀਤ ਕੌਰ, ਐਸਡੀਐਮ ਖਰੜ ਰਵਿੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਇੰਦਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।