
ਜਲ ਨਿਕਾਸੀ ਤੇ ਸੀਵਰੇਜ ਸਿਸਟਮ ਲਈ ਨਵੀਂ ਯੋਜਨਾ ਤਿਆਰ ਕਰਨ ’ਤੇ ਜ਼ੋਰ
ਮਿਆਦ ਪੁੱਗ ਚੁੱਕੀਆਂ ਪਾਈਪਾਂ ਨੂੰ ਫੌਰੀ ਬਦਲਣ ਦੀ ਲੋੜ: ਮੇਅਰ ਜੀਤੀ ਸਿੱਧੂ
ਨਬਜ਼-ਏ-ਪੰਜਾਬ, ਮੁਹਾਲੀ, 1 ਅਗਸਤ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਾਥੀ ਕੌਂਸਲਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੱਸਿਆਵਾਂ ਦੇ ਫੌਰੀ ਹੱਲ ਲਈ ਯੋਜਨਾ ਤਿਆਰ ਕਰਨ ਦੇ ਆਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਜਲ ਨਿਕਾਸੀ ਅਤੇ ਸੀਵਰੇਜ ਨਿਕਾਸੀ ਪਾਈਪ-ਲਾਈਨਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਹੈ। ਪੁਰਾਣੀ ਤਕਨੀਕ ਨਾਲ ਇੱਟਾਂ ਨਾਲ ਇੱਟਾਂ ਜੋੜ ਕੇ ਬਣਾਈਆਂ ਗਈਆਂ ਪਾਈਪ-ਲਾਈਨਾਂ ਦੀ ਮਿਆਦ ਪੁੱਗ ਚੁੱਕੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਪੁਰਾਣਾ ਸਿਸਟਮ ਤਹਿਸ-ਨਹਿਸ ਹੋ ਗਿਆ ਹੈ। ਜਦੋਂਕਿ ਸ਼ਹਿਰ ਵਿੱਚ ਸੀਵਰੇਜ ਦੀਆਂ ਜ਼ਿਆਦਾਤਰ ਪਾਈਪਾਂ ਜਾਮ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪੰਜਾਬ ਇੰਜੀਨੀਅਰਿੰਗ ਕਾਲਜ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਪਾਣੀ ਦੀ ਮਾਰ ਤੋਂ ਬਚਨ ਲਈ ਇੱਕ ਯੋਜਨਾ ਤਿਆਰ ਕਰਕੇ ਨਗਰ ਨਿਗਮ ਨੂੰ ਦਿੱਤੀ ਗਈ ਸੀ। ਇਸ ਯੋਜਨਾ ਨੂੰ ਮੁੜ ਸਟੱਡੀ ਕਰਕੇ ਅਗਲੀ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਕਾਫ਼ੀ ਸਮੇਂ ਬਾਅਦ ਇਸ ਸਾਲ ਹੜ੍ਹਾਂ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ ਅਤੇ ਕਾਫ਼ੀ ਲੋਕਾਂ ਦਾ ਨੁਕਸਾਨ ਹੋਇਆ ਹੈ। ਭਵਿੱਖ ਵਿੱਚ ਕਿਸੇ ਦਾ ਨੁਕਸਾਨ ਨਾ ਹੋਵੇ, ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਕੌਂਸਲਰ ਜਸਵੀਰ ਸਿੰਘ ਮਣਕੂ, ਕਮਲਜੀਤ ਸਿੰਘ ਬੰਨੀ, ਸਮਾਜ ਸੇਵੀ ਨਛੱਤਰ ਸਿੰਘ, ਗੁਰਸਾਹਿਬ ਸਿੰਘ, ਲਖਮੀਰ ਸਿੰਘ, ਇੰਦਰਜੀਤ ਸਿੰਘ ਢਿੱਲੋਂ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਨਗਰ ਨਿਗਮ ਦੇ ਐਕਸੀਅਨ ਮੋਹਨ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਐਸਡੀਓ ਮੌਜੂਦ ਸਨ।