
ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ’ਤੇ ਜ਼ੋਰ
ਸਰਕਾਰੀ ਸਕੂਲਾਂ ਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ: ਪ੍ਰਗਟ ਸਿੰਘ
ਸਕੂਲ ਬੋਰਡ ਦੇ ਵਾਈਸ ਚੇਅਰਮੈਨ ਨੇ ਪ੍ਰਗਟ ਸਿੰਘ ਨਾਲ ਕੀਤੀ ਗੈਰ ਰਸਮੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਵਿਸ਼ੇਸ਼ ਤੌਰ ’ਤੇ ਗੈਰ ਰਸਮੀ ਮੁਲਾਕਾਤ ਕੀਤੀ। ਬੋਰਡ ਮੈਨੇਜਮੈਂਟ ਵੱਲੋਂ ਕੀਤੇ ਜਾਂਦੇ ਉਸਾਰੂ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਰਾਜ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਕੂਲ ਬੋਰਡ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਬਿਹਤਰ ਕਰਨ ਦਾ ਭਰੋਸਾ ਦਿਵਾਉਂਦੇ ਹੋਏ ਨਵੇਂ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਕਿ ਬੋਰਡ ਦੀ ਬਿਹਤਰੀ ਲਈ ਮੈਨੇਜਮੈਂਟ ਨੂੰ ਸਮੇਂ ਸਮੇਂ ਸਿਰ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਦਿੰਦੇ ਰਹਿਣ। ਉਨ੍ਹਾਂ ਕਿਹਾ ਕਿ ਸਿੱਖਿਆ ਸੁਧਾਰਾਂ ਲਈ ਸਰਕਾਰੀ ਏਜੰਡਾ ਨੂੰ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਾਕਟਰ ਭਾਟੀਆ ਨੇ ਕਿਹਾ ਕਿ ਪ੍ਰਗਟ ਸਿੰਘ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੁਹਾਰਤ ਹਾਸਲ ਹੈ ਅਤੇ ਇਹ ਦੋਵੇਂ ਵਿਸ਼ੇ ਸਕੂਲ ਬੋਰਡ ਦੇ ਅਨਿੱਖੜਵੇਂ ਅੰਗ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਗਟ ਸਿੰਘ ਦੇ ਰੂਪ ਵਿੱਚ ਪੰਜਾਬ ਨੂੰ ਨਵੀਂ ਸੋਚ ਮਿਲੀ ਹੈ। ਉਨ੍ਹਾਂ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਅਤੇ ਬੋਰਡ ਦੀ ਕਾਰਗੁਜ਼ਾਰੀ ਦਾ ਸੂਰਜ ਹੋਰ ਜ਼ਿਆਦਾ ਚਮਕੇਗਾ।
ਇਸ ਮੌਕੇ ਪ੍ਰਗਟ ਸਿੰਘ ਨੇ ਸਿੱਖਿਆ ਖੇਤਰ ਨਾਲ ਜੁੜੇ ਵਿਦਵਾਨਾਂ, ਲੇਖਕਾਂ ਅਤੇ ਮਾਹਰਾਂ ਨੂੰ ਬੋਰਡ ਦੇ ਨੀਤੀ ਨਿਰਣੇ ਦੇ ਮਾਮਲਿਆਂ ਵਿੱਚ ਸ਼ਾਮਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਿੱਖਿਆ ਮਾਹਰਾਂ ਅਤੇ ਸਾਹਿਤਕਾਰਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਸਿੱਖਿਆ ਮੰਤਰੀ ਨੇ ਬੋਰਡ ਦੀ ਮੌਜੂਦਾ ਸਥਿਤੀ, ਪ੍ਰੀਖਿਆ ਨੀਤੀ ਅਤੇ ਪਾਠਕ੍ਰਮ ਬਾਰੇ ਵੀ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਸਕੂਲੀ ਬੱਚਿਆਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ’ਤੇ ਜ਼ੋਰ ਦਿੱਤਾ।
ਜ਼ਿਕਰਯੋਗ ਹੈ ਕਿ ਡਾ. ਵਰਿੰਦਰ ਭਾਟੀਆ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਬਤੌਰ ਲੇਖਕ ਪਿਛਲੇ ਲਗਪਗ ਤਿੰਨ ਦਹਾਕਿਆਂ ਤੋਂ ਲਗਾਤਾਰ ਆਪਣਾ ਯੋਗਦਾਨ ਦੇ ਰਹੇ ਹਨ। ਸਿੱਖਿਆ ਅਤੇ ਪ੍ਰਸ਼ਾਸਨਿਕ ਕਾਰਜਾਂ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਮੁਹਾਰਤ ਹਾਸਲ ਹੈ। ਇਸ ਮੌਕੇ ਡਾ. ਵਰਿੰਦਰ ਭਾਟੀਆ ਵੱਲੋਂ ਪ੍ਰਗਟ ਸਿੰਘ ਹੁਰਾਂ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜੀਵਨ ਫ਼ਲਸਫ਼ੇ ਨਾਲ ਜੁੜੀਆਂ ਕੁਝ ਵਿਸ਼ੇਸ਼ ਕਿਤਾਬਾਂ ਵੀ ਭੇਂਟ ਕੀਤੀਆਂ ਗਈਆਂ।