nabaz-e-punjab.com

ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਬੰਦ ਨਸ਼ਾ ਤਸਕਰਾਂ ਨੂੰ ਸਜ਼ਾ ਦਿਵਾਉਣ ਲਈ ਅਦਾਲਤਾਂ ’ਚ ਯੋਗ ਪੈਰਵੀ ਕਰਨ ’ਤੇ ਜ਼ੋਰ

ਐਸਟੀਐਫ਼ ਹੁਣ ਨਸ਼ਿਆਂ ਦੇ ਖ਼ਿਲਾਫ਼ ਖ਼ੁਫ਼ੀਆ ਵਿੰਗ ਦੀ ਵੀ ਲਵੇਗੀ ਮਦਦ
ਡੀਜੀਪੀ ਸੁਰੇਸ਼ ਅਰੋੜਾ ਨੇ ਮੁਹਾਲੀ ਵਿੱਚ ਕੀਤੀ ਐਸਟੀਐਫ਼, ਬੀਆਈਓ ਅਤੇ ਖ਼ੁਫ਼ੀਆ ਵਿੰਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਿੱਚ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਜਾ ਛਿਪੇ ਭਗੌੜੇ ਮੁਲਜ਼ਮਾਂ ਦੀ ਪੈੜ ਨੱਪਣ ਲਈ ਹੁਣ ਇੰਟਰਪੋਲ ਸਮੇਤ ਖ਼ੁਫ਼ੀਆ ਵਿੰਗ ਦੀ ਮਦਦ ਲਏਗੀ ਜਾਵੇਗੀ। ਡੀਜੀਪੀ ਸੁਰੇਸ਼ ਅਰੋੜਾ ਨੇ ਅੱਜ ਇੱਥੇ ਇੰਟੈਲੀਜੈਂਸ ਭਵਨ ਵਿੱਚ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ਼), ਖੁਫੀਆ ਵਿੰਗ ਅਤੇ ਜਾਂਚ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਉੱਚ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਦੀ ਸਮੀਖਿਆ ਕੀਤੀ ਅਤੇ ਪੰਜਾਬ ਵਿੱਚ ਨਸ਼ਾਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕਰਨ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਡੀਜੀਪੀ ਨੇ ਜ਼ੋਰ ਦੇ ਕੇ ਆਖਿਆ ਕਿ ਹੁਣ ਤੱਕ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕੇ ਗਏ ਨਸ਼ਾ ਤਸਕਰਾਂ ਦੇ ਕੇਸ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕਿਸੇ ਵੀ ਸੂਰਤ ਵਿੱਚ ਜ਼ਮਾਨਤ ’ਤੇ ਬਾਹਰ ਨਾ ਆ ਸਕਣਾ। ਇਸ ਤੋਂ ਇਲਾਵਾ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਅਦਾਲਤਾਂ ਵਿੱਚ ਟਰਾਇਲ ਚਲ ਰਹੇ ਹਨ, ਉਨ੍ਹਾਂ ਨੂੰ ਵੱਧ ਤੋਂ ਵੱਧ ਸਜ਼ਾ ਦਿਵਾਉਣ ਲਈ ਅਦਾਲਤਾਂ ਵਿੱਚ ਯੋਗ ਪੈਰਵੀ ਕੀਤੀ ਜਾਵੇ ਅਤੇ ਇਸ ਕੰਮ ਵਿੱਚ ਢਿੱਲ ਮੱਠ ਨਾ ਵਰਤੀ ਜਾਵੇ। ਪੁਲੀਸ ਮੁਖੀ ਨੇ ਐਸਟੀਐਫ਼ ਅਤੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਪ੍ਰੋਗਰਾਮ ਉਲੀਕਣ ’ਤੇ ਜ਼ੋਰ ਦਿੱਤਾ।
ਡੀਜੀਪੀ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਜ਼ਿਲ੍ਹਾ ਪੁਲੀਸ, ਇੰਟੈਲੀਜੈਂਸ ਵਿੰਗ ਅਤੇ ਐਸਟੀਐਫ਼ ਨੂੰ ਸਾਂਝੇ ਯਤਨ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ
ਜਿਨ੍ਹਾਂ ਲੋਕਾਂ ਤੋਂ ਭਾਰੀ ਮਾਤਰਾ ਵਿੱਚ ਪਹਿਲਾਂ ਹੀ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਉਨ੍ਹਾਂ ਨੂੰ ਅਹਿਤੀਆਤ ਦੇ ਤੌਰ ’ਤੇ ਹਿਰਾਸਤ ਵਿੱਚ ਲਿਆ ਜਾਵੇ ਅਤੇ ਅਜਿਹੇ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾਵੇ। ਮੀਟਿੰਗ ਵਿੱਚ ਨਸ਼ਾ ਤਸਕਰਾਂ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਦੇ ਕੇਸਾਂ ਸਬੰਧੀ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲੀਸ, ਇੰਟੈਲੀਜੈਂਸ ਵਿੰਗ ਅਤੇ ਐਸਟੀਐਫ਼ ਦੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਫ਼ਤਾਵਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣ। ਜਿਨ੍ਹਾਂ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਦਾ ਮੁਲਾਂਕਣ ਕਰਨ ਅਤੇ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਭਵਿੱਖ ਦੀ ਰਣਨੀਤੀ ਘੜੀ ਜਾਵੇ। ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਮੀਡੀਆ ਰਾਹੀਂ ਪ੍ਰਚਾਰ ਮੁਹਿੰਮ ਚਲਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਨਾਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ’ਡੈਪੋ ਅਤੇ ਬਡੀ’ ਪ੍ਰੋਗਰਾਮਾਂ ਨੂੰ ਵੀ ਉਤਸ਼ਾਹ ਮਿਲੇਗਾ।
ਇਸ ਮੀਟਿੰਗ ਵਿੱਚ ਐਸਟੀਐਫ਼ ਦੇ ਡੀਜੀਪੀ ਮੁਹੰਮਦ ਮੁਸਤਫਾ, ਖ਼ੁਫ਼ੀਆ ਵਿੰਗ ਦੇ ਡੀਜੀਪੀ ਦਿਨਕਰ ਗੁਪਤਾ, ਆਰਕੇ ਜੈਸਵਾਲ, ਬੀ ਚੰਦਰ ਸੇਖਰ, ਨਰੇਸ਼ ਕੁਮਾਰ (ਸਾਰੇ ਆਈਜੀ) ਅਤੇ ਰੂਪਨਗਰ ਅਤੇ ਪਟਿਆਲਾ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਸਮੇਤ ਅੰਮ੍ਰਿਤਸਰ ਰੇਂਜ ਦੇ ਏਆਈਜੀ ਰਸ਼ਪਾਲ ਸਿੰਘ, ਜਲੰਧਰ ਰੇਂਜ ਦੇ ਏਆਈਜੀ ਮੁਖਵਿੰਦਰ ਸਿੰਘ ਭੁੱਲਰ, ਲੁਧਿਆਣਾ ਰੇਂਜ ਦੇ ਏਆਈਜੀ ਸਨੇਹਦੀਪ ਸ਼ਰਮਾ ਸਮੇਤ ਖੁਫੀਆ ਵਿੰਗ, ਐਸਟੀਐਫ਼ ਅਤੇ ਬੀਓਆਈ ਦੇ ਉੱਚ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…