nabaz-e-punjab.com

ਜ਼ਿਲ੍ਹਾ ਮੁਹਾਲੀ ਨੂੰ ਨਸ਼ਾ ਮੁਕਤ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ’ਤੇ ਜ਼ੋਰ

ਸਿਵਲ ਤੇ ਪੁਲੀਸ ਅਧਿਕਾਰੀ ਸਾਂਝੀਆਂ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨ:ਡੀਸੀ
ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਡੈਪੋ ਪ੍ਰੋਗਰਾਮ ਪੂਰਨ ਤੌਰ ’ਤੇ ਲਾਗੂ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਲਈ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਅਤੇ ਇਹ ਪ੍ਰੋਗਰਾਮ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਅਗਾੳਂੂ ਰੂਪਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਖ਼ਿਲਾਫ਼ ਲੋਕ ਲਹਿਰ ਪੈਦਾ ਕੀਤੀ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਮੂਹ ਐਸਡੀਐਮਜ਼ ਨੂੰ ਜ਼ੋਰ ਦੇ ਕੇ ਆਖਿਆ ਕਿ ਸਮੂਹ ਕਲਸਟਰ ਕੋਆਰਡੀਨੇਟਰ ਨਿਗਰਾਨ ਕਮੇਟੀਆਂ ਅਤੇ ਡੈਪੋ ਨੂੰ ਅਗਲੇ ਮਹੀਨੇ ਸਿਖਲਾਈ ਦੇਣ ਲਈ ਇੱਕ ਕਲੰਡਰ ਤਿਆਰ ਕੀਤਾ ਜਾਵੇ।
ਡੀਸੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਾਰਡ ਪੱਧਰ ’ਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਰੂਪਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਡੈਪੋ ਪ੍ਰੋਗਰਾਮ ਲਈ ਨਿਯੁਕਤ ਨੋਡਲ ਅਫ਼ਸਰ ਅਤੇ ਏਡੀਸੀ ਚਰਨਦੇਵ ਸਿੰਘ ਮਾਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਨਿਯੁਕਤ ਨੋਡਲ ਅਫ਼ਸਰ ਐਸਪੀ (ਐਚ) ਗੁਰਸੇਵਕ ਸਿੰਘ ਬਰਾੜ ਸਬ ਡਿਵੀਜ਼ਨ ਪੱਧਰ ’ਤੇ ਸਾਂਝੀਆਂ ਮੀਟਿੰਗਾਂ ਕਰਨਗੇ। ਜਦੋਂਕਿ ਸਮੂਹ ਐਸਡੀਐਮ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਬਡੀ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਪਾਬੰਦ ਹੋਣਗੇ।
ਇਸ ਮੌਕੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲੀਸ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਡੈਪੋ ਅਤੇ ਬਡੀ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਹੇਠਲੇ ਪੱਧਰ ਤੱਕ ਪਹੁੰਚ ਕੀਤੀ ਜਾਵੇਗੀ। ਏਡੀਸੀ ਚਰਨਦੇਵ ਸਿੰਘ ਮਾਨ ਨੇ ਡੈਪੋ ਅਤੇ ਬਡੀ ਪ੍ਰੋਗਰਾਮ ਦੀ ਪੇਸ਼ਕਾਰੀ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦੀ ਵਿਸਥਾਰ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਤੋਂ ਇਲਾਵਾ 6 ਓਟ ਸੈਂਟਰ ਖੋਲ੍ਹੇ ਗਏ ਹਨ ਅਤੇ ਕੁਰਾਲੀ ਵਿੱਚ ਇੱਕ ਹੋਰ ਓਟ ਸੈਂਟਰ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਕਟਰ-66 ਵਿਖੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਚ ਨਸ਼ਿਆਂ ਦੇ ਮਰੀਜ਼ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ। ਓਟ ਕਲੀਨਿਕਾਂ ਰਾਹੀਂ ਨਸ਼ਿਆਂ ਦੇ ਆਦੀ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।
ਮੀਟਿੰਗ ਵਿੱਚ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਕਨੁ ਥਿੰਦ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਡੇਰਾਬੱਸੀ ਦੇ ਐਸਡੀਐਮ ਪਰਮਜੀਤ ਸਿੰਘ, ਖਰੜ ਦੇ ਐਸਡੀਐਮ ਵਿਨੋਦ ਬਾਂਸਲ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਡਿਪਟੀ ਡੀਓ ਰਵਿੰਦਰ ਕੌਰ, ਡੀਐਸਪੀ ਸਿਟੀ-2 ਰਮਨਦੀਪ ਸਿੰਘ, ਡੀਐਸਪੀ ਸਿਟੀ-1 ਕਮਲਪ੍ਰੀਤ ਸਿੰਘ, ਡੀਐਸਪੀ ਖਰੜ ਦੀਪ ਕਮਲ, ਸੀਨੀਅਰ ਬਡੀ ਓਂਕਾਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
(ਬਾਕਸ ਆਈਟਮ)
ਬਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੁਹਾਲੀ ਦੇ 222 ਸਰਕਾਰੀ ਅਤੇ 300 ਪ੍ਰਾਈਵੇਟ ਸਕੂਲਾਂ ਵਿੱਚ ਨੋਡਲ ਅਫ਼ਸਰ ਅਤੇ 3094 ਸੀਨੀਅਰ ਬਡੀ ਅਤੇ 16 ਹਜ਼ਾਰ 845 ਬਡੀ ਗਰੁੱਪ ਬਣਾਏ ਗਏ ਹਨ। ਜਿਨ੍ਹਾਂ ਵਿਚ 88 ਹਜ਼ਾਰ 168 ਬਡੀ ਵਿਦਿਆਰਥੀ ਸ਼ਾਮਲ ਹਨ। ਇਸ ਤੋਂ ਇਲਾਵਾ 535 ਅਧਿਆਪਕ ਨੋਡਲ ਦੇ ਤੌਰ ’ਤੇ ਕੰਮ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …