Share on Facebook Share on Twitter Share on Google+ Share on Pinterest Share on Linkedin ਸਮੂਹ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ 5 ਮਾਰਚ ਨੂੰ ਮਾਲ ਮੰਤਰੀ ਨਾਲ ਪੈਨਲ ਮੀਟਿੰਗ ਦਾ ਭਰੋਸਾ ਮਿਲਣ ਮਗਰੋਂ ਮੁਲਾਜ਼ਮਾਂ ਨੇ ਧਰਨਾ ਚੁੱਕਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ: ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ, ਐਸਡੀਐਮ ਅਤੇ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸਮੂਹਿਕ ਛੁੱਟੀ ਲੈ ਕੇ ਅੱਜ ਪੰਜਾਬ ਸਟੇਟ ਡੀਸੀ ਦਫ਼ਤਰ ਐਂਪਲਾਈਜ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-8 ਸਥਿਤ ਵਾਈਪੀਐਸ ਚੌਂਕ ਨੇੜੇ ਪੁੱਡਾ ਗਰਾਊਂਡ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨਿਕ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੈਪਟਨ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਹੁਕਮਰਾਨਾਂ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਅਤੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਪਹਿਲਾਂ ਤੋਂ ਉਲੀਕੇ ਧਰਨਾ ਪ੍ਰਦਰਸ਼ਨ ਦੇ ਪ੍ਰੋਗਰਾਮ ਤਹਿਤ ਅੱਜ ਸਵੇਰੇ 11 ਵਜੇ ਹੀ ਸੂਬੇ ਭਰ ’ਚੋਂ ਡੀਸੀ, ਐਸਡੀਐਮ, ਤਹਿਸੀਲ ਕੰਪਲੈਕਸ ਅਤੇ ਹੋਰਨਾਂ ਪ੍ਰਸ਼ਾਸਨਿਕ ਦਫ਼ਤਰਾਂ ਦੇ ਕਰਮਚਾਰੀ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਵੇਲੇ ਮੁਲਾਜ਼ਮਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਰੈਲੀ ਨੂੰ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਪ੍ਰਧਾਨ ਮੇਘ ਸਿੰਘ ਸਿੱਧੂ, ਡੀਸੀ ਦਫ਼ਤਰ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਵੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਜ਼ਮਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਅੱਜ ਦੀ ਇਸ ਰੈਲੀ ਵਿੱਚ ਸੂਬੇ ਦੇ 19 ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ, ਐਸਡੀਐਮ ਦਫ਼ਤਰਾਂ ਅਤੇ ਤਹਿਸੀਲ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਧਰਨਾ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ ਜਦੋਂਕਿ ਗੁਰਦਾਸਪੁਰ, ਤਰਨ ਤਾਰਨ ਅਤੇ ਰੂਪਨਗਰ ਦੇ ਦਫ਼ਤਰੀ ਮੁਲਾਜ਼ਮ ਰੈਲੀ ਵਿੱਚ ਸ਼ਾਮਲ ਨਹੀਂ ਹੋਏ ਪ੍ਰੰਤੂ ਉਨ੍ਹਾਂ ਨੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਮੂਹ ਡੀਸੀ ਦਫ਼ਤਰਾਂ ਲਈ ਸਟਾਫ਼ ਸਬੰਧੀ ਨਿਰਧਾਰਿਤ ਨਾਰਮ ਅਧਿਸੂਚਨਾ ਮੁਤਾਬਕ 14 ਅਗਸਤ 1995 ਅਨੁਸਾਰ ਕਰੀਬ 2100 ਕਲਰਕਾਂ ਦੀ ਸਖ਼ਤ ਲੋੜ ਹੈ ਪ੍ਰੰਤੂ ਮਾਲ ਵਿਭਾਗ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜੀ ਗਈ ਮੰਗ ਸਿਰਫ਼ 460 ਕਲਰਕ, ਫਿਰ 293 ਕਲਰਕ, ਇਸ ਉਪਰੰਤ 86 ਕਲਰਕਾਂ ਦੀਆਂ ਅਸਾਮੀਆਂ ਦਾ ਜ਼ਿਕਰ ਹੈ। ਉਨ੍ਹਾਂ ਮੰਗ ਕੀਤੀ ਕਿ ਤਾਜ਼ਾ ਰਿਪੋਰਟ ਲੈ ਕੇ ਖਾਲੀ ਅਸਾਮੀਆਂ ’ਤੇ ਲੋੜੀਂਦੇ ਸਟਾਫ਼ ਦੀ ਤਾਇਨਾਤੀ ਕੀਤੀ ਜਾਵੇ। ਬੁਲਾਰਿਆਂ ਨੇ ਕਿਹਾ ਕਿ ਡੀਸੀ ਦਫ਼ਤਰਾਂ ਵਿੱਚ ਅਨੇਕਾਂ ਅਸਾਮੀਆਂ ਖਾਲੀ ਹਨ ਅਤੇ ਮੌਜੂਦਾ ਕਰਮਚਾਰੀਆਂ ’ਤੇ ਦਫ਼ਤਰੀ ਕੰਮ ਦਾ ਬੋਝ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਡੀਸੀ ਦਫ਼ਤਰਾਂ ਵਿੱਚ ਸੁਪਰਡੈਂਟ ਗਰੇਡ-1 ਦੀ ਅਸਾਮੀ ਦਾ ਪ੍ਰਬੰਧ ਅਫ਼ਸਰ ਕੀਤਾ ਜਾਵੇ, ਡੀਸੀ ਦਫ਼ਤਰ ਦੇ ਸੁਪਰਡੈਂਟ ਗਰੇਡ-2 ਅਤੇ ਨਿੱਜੀ ਸਹਾਇਕ ਦੀ ਪਦ-ਉੱਨਤੀ ਅਤੇ ਫਾਈਨਲ ਅਦਾਇਗੀਆਂ ਦੇ ਅਧਿਕਾਰ ਡੀਸੀ ਨੂੰ ਦਿੱਤੇ ਜਾਣ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪਦ-ਉੱਨਤੀ ਲਈ ਸਿੱਧੀ ਭਰਤੀ ਪ੍ਰਕਿਰਿਆ ’ਚ 25 ਫੀਸਦੀ ਕੋਟਾ ਕੀਤਾ ਜਾਵੇ, ਸਟੈਨੋ ਕਾਡਰ ਲਈ ਹੋਰ ਪਦਉੱਨਤੀਆਂ ਦੇ ਰਸਤੇ ਖੋਲ੍ਹੇ ਜਾਣ, ਡੀਆਰਏ ਦੀਆਂ ਅਸਾਮੀਆਂ ਕਲੈਰੀਕਲ ਸਟਾਫ਼ ’ਚੋਂ ਭਰਨੀਆਂ ਜਾਣ। ਕਲਰਕ ਦੀ ਅਸਾਮੀ ਦਾ ਨਾਮ ਕਾਰਜਕਾਰੀ ਸਹਾਇਕ ਅਤੇ ਜੂਨੀਅਰ ਸਹਾਇਕ ਦੀ ਅਸਾਮੀ ਦਾ ਨਾਮ ਸਹਾਇਕ ਕੀਤਾ ਜਾਵੇ। ਡਿਊਟੀ ਆਉਣ ਸਮੇਂ ਟੋਲ ਪਲਾਜ਼ਾ ਦੀ ਮੁਫ਼ਤ ਸਹੂਲਤ ਦਿੱਤੀ ਜਾਵੇ, ਮਰਦਮਸ਼ੁਮਾਰੀ ਵਿੱਚ ਲੱਗੇ ਮੁਲਾਜ਼ਮਾਂ ਨੂੰ ਬੀਐਲਓ, ਸੁਪਰਵਾਈਜ਼ਰੀ ਅਫ਼ਸਰਾਂ ਇਲੀਮੀਨੇਟਰਾਂ ਵਾਂਗ ਸੀਨੀਅਰ ਸਹਾਇਕ ਲਈ 10 ਹਜ਼ਾਰ ਰੁਪਏ, ਕਲਰਕਾਂ ਲਈ 7500 ਰੁਪਏ, ਸਾਲਾਨਾ ਮਾਣ ਭੱਤਾ ਦਿੱਤਾ ਜਾਵੇ। ਵਿਧਾਨ ਸਭਾ ਚੋਣਾਂ 2017 ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮਾਣ ਭੱਤਾ ਦਿੱਤਾ ਜਾਵੇ। ਸਮੂਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫੁੱਲੀ ਏਸੀ ਕਰਨ ਸਮੇਤ ਸਾਰੇ ਦਫ਼ਤਰਾਂ ਵਿੱਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਯੂਨੀਅਨ ਦੇ ਸੂਬਾ ਚੇਅਰਮੈਨ ਓਮ ਪ੍ਰਕਾਸ਼, ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ, ਜ਼ਿਲ੍ਹਾ ਪ੍ਰਧਾਨ ਮੁਹਾਲੀ ਅਸ਼ੋਕ ਕੁਮਾਰ, ਤੇਜਿੰਦਰ ਸਿੰਘ, ਕਮਲਜੀਤ ਸਿੰਘ, ਜਸਵੰਤ ਸਿੰਘ, ਰੇਸ਼ਮ ਸਿੰਘ, ਮਨਪ੍ਰੀਤ ਸਿੰਘ ਮਲੇਰਕੋਟਲਾ, ਮਨਜਿੰਦਰ ਸੰਧੂ, ਹਮੀਰ ਸਿੰਘ, ਗੁਰਦੀਪ ਸਫ਼ਰੀ, ਗੁਰਪ੍ਰੀਤ ਸਿੰਘ, ਨਰਿੰਦਰ ਚੀਮਾ, ਸਤਨਾਮ ਸਿੰਘ, ਵਰਿੰਦਰ ਸਿੰਘ, ਗੁਰਵਿੰਦਰ ਵਿਰਕ, ਪ੍ਰਦੀਪ ਕੁਮਾਰ, ਵਿਕਰਮ ਕੁਮਾਰ, ਸਤਨਾਮ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। (ਬਾਕਸ ਆਈਟਮ) ਵਿੱਤ ਕਮਿਸ਼ਨਰ (ਮਾਲ) ਪੰਜਾਬ ਤਰਨਵੀਰ ਸਿੰਘ ਸਿੱਧੂ ਨੇ ਧਰਨਾ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਪ੍ਰਧਾਨ ਮੇਘ ਸਿੰਘ ਸਿੱਧੂ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਸ਼ੋਕ ਕੁਮਾਰ ਨਾਲ ਮੀਟਿੰਗ ਕਰਕੇ ਸਮੂਹ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਅਤੇ ਕਈ ਮਸਲਿਆਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਵਿੱਤ ਕਮਿਸ਼ਨਰ ਨੇ ਆਗੂਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ 5 ਮਾਰਚ ਨੂੰ ਉਨ੍ਹਾਂ ਦੀ ਮਾਲ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕੀਤਾ ਅਤੇ ਨਾ ਹੀ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਮੁੜ ਤੋਂ ਸੰਘਰਸ਼ ਵਿੱਢਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ