ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ‘ਆਪ’ ਵਿਧਾਇਕਾਂ ਨੂੰ ਦੇਵੇਗਾ ‘ਮੰਗ ਪੱਤਰ’

ਬਜਟ ਸੈਸ਼ਨ ਦੌਰਾਨ ਮੁਹਾਲੀ ਵਿੱਚ ਕੀਤੀਆਂ ਜਾਣ ਵਾਲੀਆਂ ਰੈਲੀਆਂ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਫ਼ੈਸਲੇ ਅਨੁਸਾਰ ਸਾਂਝਾ ਫਰੰਟ ਮੁਹਾਲੀ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਤਿੰਨ ‘ਆਪ’ ਵਿਧਾਇਕਾਂ ਕੁਲਵੰਤ ਸਿੰਘ, ਅਨਮੋਲ ਗਗਨ ਮਾਨ ਅਤੇ ਕੁਲਜੀਤ ਸਿੰਘ ਰੰਧਾਵਾ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਬਜਟ ਸੈਸ਼ਨ ਦੌਰਾਨ ਮੁਹਾਲੀ ਵਿੱਚ ਲੜੀਵਾਰ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਫ਼ੈਸਲਾ ਅੱਜ ਰੋਜ਼ ਗਾਰਡਨ ਮੁਹਾਲੀ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ।
ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ, ਐਨਡੀ ਤਿਵਾੜੀ, ਗੁਰਜੀਤ ਸਿੰਘ, ਨਰੇਸ਼ ਠਾਕੁਰ, ਮਨਦੀਪ ਕੁਮਾਰ ਵੱਲੋਂ ਸੂਬਾ ਕਮੇਟੀ ਦੇ ਫ਼ੈਸਲਿਆਂ ਦੀ ਰੌਸ਼ਨੀ ਵਿੱਚ ਮੀਟਿੰਗ ਦਾ ਏਜੰਡਾ ਤੈਅ ਕੀਤਾ ਗਿਆ। ਮੀਟਿੰਗ ਵਿੱਚ ਸ਼ਾਮਲ ਸਾਰੇ ਜ਼ਿਲ੍ਹਾ ਕਨਵੀਨਰਾਂ ਨੇ ਇਨ੍ਹਾਂ ਪ੍ਰੋਗਰਾਮਾਂ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਵਿਉਂਤਬੰਦੀ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 8 ਫਰਵਰੀ ਤੋਂ 20 ਫਰਵਰੀ ਤੱਕ ਮੁਹਾਲੀ ਜ਼ਿਲ੍ਹੇ ਤਿੰਨ ‘ਆਪ’ ਵਿਧਾਇਕਾਂ ਨੂੰ ਵਾਰੋ-ਵਾਰੀ ਮੰਗ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਸਮੂਹ ਬਲਾਕ, ਤਹਿਸੀਲ ਅਤੇ ਸਰਕਲ ਪੱਧਰ ’ਤੇ ਸਾਥੀਆਂ ਨੂੰ ਲਾਮਬੰਦ ਕਰਕੇ ਡਿਊਟੀਆਂ ਲਗਾਈਆਂ ਜਾਣਗੀਆਂ। ਇੱਥੇ ਇਹ ਕਾਬਿਲੇਗੌਰ ਹੈ ਕਿ ਸਾਂਝਾ ਫਰੰਟ ਮੁਲਾਜ਼ਮ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੀ ਰਾਹ ’ਤੇ ਹੈ।
ਆਗੂਆਂ ਨੇ ਕਿਹਾ ਕਿ ਸਾਰੇ ਕੱਚੇ ਕਾਮਿਆਂ ਨੂੰ ਪੱਕਾ ਨਾ ਕਰਨਾ, ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨੀ, ਨਵ-ਨਿਯੁਕਤ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਨਾਲ ਜੋੜਨਾ, ਘੱਟ-ਘੱਟੋ ਉਜਰਤ ਦਾ ਕਾਨੂੰਨ ਲਾਗੂ ਕਰਨ, ਡੀਏ ਦੀਆਂ ਕਿਸ਼ਤਾਂ ਜਾਰੀ ਨਾ ਕਰਨਾ ਆਦਿ ਮੰਗਾਂ ਨਾ ਮੰਨਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਇਸ ਕਰਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਫ਼ੈਸਲੇ ਬਜਟ ਸੈਸ਼ਨ ਦੌਰਾਨ ਲਗਾਤਾਰ ਕੀਤੀਆਂ ਜਾਣ ਵਾਲੀਆਂ ਰੋਸ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕਰਕੇ ਰੋਸ ਵਿਖਾਵਾ ਕੀਤਾ ਜਾਵੇਗਾ। ਮੀਟਿੰਗ ਵਿੱਚ ਚਰਨਜੀਤ ਸਿੰਘ ਸਿੱਧੂ, ਸੁਭਾਸ਼ ਕੁਮਾਰ, ਤਰਲੋਚਨ ਸਿੰਘ ਅਤੇ ਰਵੀ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਵਿਸ਼ੇਸ਼ ਅਧਿਆਪਕ ਯੂਨੀਅਨ ਦਾ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਅੱਜ 86ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਵਿਸ਼ੇਸ਼ ਅਧਿਆਪਕ ‘ਆਪ’ ਸਰਕਾਰ ਦੇ ਝੂਠੇ ਲਾਰਿਆਂ ਕਾਰਨ ਧਰਨੇ ’ਤੇ ਬੈਠੇ ਹਨ ਪ੍ਰੰਤੂ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਦੀ ਆ ਰਹੀ ਹੈ। ਆਗੂਆਂ ਨੇ ਕਿਹਾ ਕਿ 5 ਫਰਵਰੀ ਨੂੰ ਵਿਸ਼ੇਸ਼ ਅਧਿਆਪਕ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਲ ’ਤੇ ਸਥਿਤ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਅੱਗੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ ਅੱਜ 16ਵੇਂ ਦਿਨ ਵੀ ਜਾਰੀ ਰਿਹਾ। ਪੀੜਤ ਮੁਲਾਜ਼ਮਾਂ ਨੇ ਸਿੱਖਿਆ ਵਿਭਾਗ ਦੇ ਮੁੱਖ ਦਰਵਾਜ਼ੇ ’ਤੇ ਆਪਣੇ ਹੱਥਾਂ ਵਿੱਚ ਪੋਸਟਰ ਫੜ ਕੇ ਰੋਸ ਪ੍ਰਦਰਸ਼ਨ ਕੀਤਾ। ਗੁਰਲਾਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ 1158 ਦੀ ਭਰਤੀ ਨੂੰ ਕਈ ਪੜ੍ਹਾਵਾਂ ਵਿੱਚ ਵੰਡ ਦਿੱਤਾ ਹੈ। ਪਹਿਲਾਂ ਸਰਕਾਰ ਨੇ 122, ਫਿਰ 483 ਅਤੇ ਪਿਛਲੇ ਦਿਨੀਂ 313 ਉਮੀਦਵਾਰਾਂ ਨੂੰ ਕਾਲਜਾਂ ਵਿੱਚ ਭੇਜਿਆ ਹੈ। ਜਦੋਂਕਿ 240 ਉਮੀਦਵਾਰ ਹਾਲੇ ਵੀ ਨਿਯੁਕਤੀ ਪੱਤਰ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ।
ਗੋਲਡੀ ਰਾਣੀ ਨੇ ਕਿਹਾ ਕਿ ਉਹ ਆਪਣੇ ਹੱਕਾਂ ਖ਼ਾਤਰ ਸਾਢੇ ਤਿੰਨ ਸਾਲ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਨਤੀਜਾ ਜਾਰੀ ਕੀਤਾ ਜਾਵੇ। ਬਲਵਿੰਦਰ ਚਹਿਲ ਨੇ ਚਿਤਾਵਨੀ ਦਿੱਤੀ ਕਿ ਇਹ ਭਰਤੀ ਹੁਣ ਜਿਊਣ ਮਰਨ ਦਾ ਸਵਾਲ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਵਾਅਦੇ ਮੁਤਾਬਕ ਭਰਤੀ ਮੁਕੰਮਲ ਨਹੀਂ ਕੀਤੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਰਜਾ ਚਾਰ ਯੂਨੀਅਨ ਵੱਲੋਂ ਲੰਬੀ ਹਲਕੇ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਦਰਜਾ ਚਾਰ ਯੂਨੀਅਨ ਵੱਲੋਂ ਲੰਬੀ ਹਲਕੇ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ…