
ਬਜਟ ਸੈਸ਼ਨ ਦੌਰਾਨ ਮੁਹਾਲੀ ਤੋਂ ਵਿਧਾਨ ਸਭਾ ਵੱਲ ਚਾਲੇ ਪਾਉਣਗੇ ਮੁਲਾਜ਼ਮ ਤੇ ਪੈਨਸ਼ਨਰਜ਼
ਦਫ਼ਤਰੀ ਕਾਮਿਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤਾ ਜਾਵੇਗਾ ਸਿੱਖਿਆ ਭਵਨ ਦਾ ਘਿਰਾਓ
ਬਜਟ ਸੈਸ਼ਨ ਦੌਰਾਨ ਮੁਹਾਲੀ ਤੋਂ ਚੰਡੀਗੜ੍ਹ ਵੱਲ ਮਾਰਚ ਕਰਨ ਤੇ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ
ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ:
ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਭਲਕੇ 24 ਅਤੇ 25 ਮਾਰਚ ਨੂੰ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਮੁਹਾਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਤੋਂ ਬਾਅਦ ਵਿਧਾਨ ਸਭਾ ਵੱਲ ਕੂਚ ਕਰਨਗੇ। ਇਸ ਸਬੰਧੀ ਜਿੱਥੇ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਕਮਰਕੱਸੇ ਕਰ ਲਏ ਹਨ, ਉੱਥੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕਣ ਲਈ ਮੁਹਾਲੀ ਪੁਲੀਸ ਵੀ ਪੱਬਾਂ ਭਾਰ ਹੋ ਗਈ ਹੈ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਧਰਨੇ ਪ੍ਰਦਰਸ਼ਨ ਦੌਰਾਨ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਰੇ ਐਂਟਰੀ ਪੁਆਇੰਟਾਂ ’ਤੇ ਬੈਰੀਕੇਟਿੰਗ ਕੀਤੀ ਜਾਵੇਗੀ।
ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀਆਂ ਨੂੰ ਤਨਖ਼ਾਹ ਨਾ ਮਿਲਣ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਭਲਕੇ 24 ਮਾਰਚ ਤੋਂ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਮੁੱਖ ਗੇਟ ਬੰਦ ਕਰਕੇ ਘਿਰਾਓ ਕੀਤਾ ਜਾਵੇਗਾ ਅਤੇ ਬਜਟ ਸੈਸ਼ਨ ਦੌਰਾਨ ਮੁਹਾਲੀ ਤੋਂ ਚੰਡੀਗੜ੍ਹ ਵੱਲ ਮਾਰਚ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 10 ਪੈਨਲ ਮੀਟਿੰਗਾਂ ਕਰਕੇ ਅਫ਼ਸਰਸ਼ਾਹੀ ਨੂੰ ਹੁਕਮ ਚਾੜੇ ਗਏ ਸਨ ਕਿ ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੂੰ ਪੱਕਾ ਕਰਨ ਅਤੇ ਹੋਰ ਜਾਇਜ਼ ਮੰਗਾਂ ਦਾ ਨਿਬੇੜਾ ਕਰਨ ਲਈ ਕਾਰਵਾਈ ਤੇਜ਼ ਕੀਤੀ ਜਾਵੇ ਪ੍ਰੰਤੂ ਸਾਰੇ ਮਸਲੇ ਜਿਊਂ ਦੇ ਤਿਊਂ ਬਰਕਰਾਰ ਹਨ। ਜਿਸ ਦੇ ਰੋਸ ਵਜੋਂ ਸਰਵ ਸਿੱਖਿਆ ਅਭਿਆਨ ਮਿਡ-ਡੇਅ-ਮੀਲ ਦਫ਼ਤਰੀ ਕਰਮਚਾਰੀ 24 ਮਾਰਚ ਤੋਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣਗੇ ਅਤੇ ਸਿੱਖਿਆ ਭਵਨ ਦਾ ਘਿਰਾਓ ਕਰਕੇ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਸੋਮਵਾਰ ਨੂੰ ਦੁਪਹਿਰ ਤੱਕ ਤਨਖ਼ਾਹਾਂ ਰਿਲੀਜ਼ ਨਾ ਕੀਤੀਆਂ ਤਾਂ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ ਅਤੇ ਸਰਕਾਰ ’ਤੇ ਦਬਾਅ ਬਣਾਉਣ ਲਈ ਗੁਪਤ ਐਕਸ਼ਨ ਕੀਤੇ ਜਾਣਗੇ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਵਿੱਤ ਮੰਤਰੀ ਦੇ ਆਦੇਸ਼ਾਂ ਅਨੁਸਾਰ ਜਥੇਬੰਦੀ ਵੱਲੋਂ ਡੀਜੀਐਸਈ ਨੂੰ ਹਲਫ਼ਨਾਮਾ ਦਿੱਤਾ ਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਕਿਸੇ ਮੁਲਾਜ਼ਮ ਨੂੰ ਰੈਗੂਲਰ ਨਹੀਂ ਕੀਤਾ ਗਿਆ।
ਉਧਰ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਐਨਡੀ ਤਿਵਾੜੀ ਨੇ ਦੱਸਿਆ ਕਿ ਭਲਕੇ 24 ਅਤੇ 25 ਮਾਰਚ ਨੂੰ ਮੁਹਾਲੀ ਵਿਖੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੇੜੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਸਮਾਨੰਤਰ ਸੈਸ਼ਨ ਚਲਾਇਆ ਜਾਵੇਗਾ ਅਤੇ ਸੂਬਾ ਪੱਧਰੀ ਰੋਸ ਰੈਲੀ ਉਪਰੰਤ ਮੁਹਾਲੀ ਤੋਂ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ ਦੇ ਸਮਾਨੰਤਰ ਮਹਾਂ ਰੈਲੀ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਦੇ ਸਾਥੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।