ਸਿੱਖਿਆ ਬੋਰਡ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਬੋਰਡ ਮੈਨੇਜਮੈਂਟ ਨੂੰ ਦਿੱਤਾ ਅਲਟੀਮੇਟਮ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਦਾ ਰੋਸ ਲਗਾਤਾਰ ਭਖ ਰਿਹਾ ਹੈ। ਕੱਚੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੂੰ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਕਿ ਇਨਸਾਫ਼ ਪ੍ਰਾਪਤੀ ਲਈ ਜਲਦੀ ਹੀ ਸੰਘਰਸ਼ ਵਿੱਢਿਆ ਜਾਵੇਗਾ। ਸਿੱਖਿਆ ਬੋਰਡ ਦੀ ਡੇਲੀਵੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਦਿੱਤੀ ਅਤੇ ਮੌਜੂਦਾ ਸਰਕਾਰ ਭਵਿੱਖ ਰੋਲਣ ’ਤੇ ਲੱਗੀ ਹੋਈ ਹੈ।
ਉਨ੍ਹਾਂ ਦੱਸਿਆ ਕਿ 7 ਅਕਤੂਬਰ 2022 ਨੂੰ 8736 ਕੱਚੇ ਅਧਿਆਪਕਾਂ ਸਮੇਤ ਪੰਜਾਬ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਨੀਤੀ ਜਾਰੀ ਹੋਈ ਸੀ। ਇਸ ਸਬੰਧੀ ਬੋਰਡ ਮੈਨੇਜਮੈਂਟ ਵੱਲੋਂ ਸਾਰੇ ਕੱਚੇ ਮੁਲਾਜ਼ਮਾਂ ਤੋਂ ਫਾਰਮ ਵੀ ਭਰਵਾਏ ਗਏ ਸਨ। ਇਹੀ ਨਹੀਂ ਸਾਬਕਾ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ। ਯੂਨੀਅਨ ਵੱਲੋਂ ਸਿੱਖਿਆ ਮੰਤਰੀ ਤੇ ਮੈਨੇਜਮੈਂਟ ਨਾਲ ਵਾਰ-ਵਾਰ ਮੀਟਿੰਗਾਂ ਵੀ ਕੀਤੀਆਂ ਗਈਆਂ ਲੇਕਿਨ ਹੁਣ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਅੱਗੇ ਨਹੀਂ ਤੁਰੀ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀਓ ਸੰਦੇਸ਼ ਰਾਹੀਂ ਕੱਚੇ ਅਧਿਆਪਕਾਂ ਦੀ ਤਨਖ਼ਾਹ ਵਿੱਚ ਵਾਧਾ ਕਰਨ ਦੀ ਗੱਲ ਤਾਂ ਕਹੀ ਗਈ ਪ੍ਰੰਤੂ ਸਕੂਲ ਬੋਰਡ ਦੇ 525 ਕੱਚੇ ਮੁਲਾਜ਼ਮਾਂ ਬਾਰੇ ਕੋਈ ਗੱਲ ਨਹੀਂ ਕੀਤੀ। ਕੱਚੇ ਮੁਲਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਹੁਣ ਸਰਕਾਰ ਭੱਜ ਰਹੀ ਹੈ। ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਬੂਟਾ ਸਿੰਘ, ਮਨਦੀਪ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ ਅਤੇ ਤੇਜਿੰਦਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…