ਸਿੱਖਿਆ ਵਿਭਾਗ, ਸਕੂਲ ਬੋਰਡ ਤੇ ਪੁੱਡਾ\ਗਮਾਡਾ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਪੈਦਲ ਰੋਸ ਮਾਰਚ

ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਸੜਕਾਂ ’ਤੇ ਉਤਰਿਆ ਮੁਲਾਜ਼ਮ ਵਰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ/ਪੀਐਸਐਮਐਸਯੂ ਵੱਲੋਂ ਪੈਦਲ ਮਾਰਚ ਦੇ ਦਿੱਤੇ ਗਏ ਸੱਦੇ ’ਤੇ ਅੱਜ ਸਿੱਖਿਆ ਵਿਭਾਗ, ਸਕੂਲ ਬੋਰਡ ਅਤੇ ਪੁੱਡਾ\ਗਮਾਡਾ ਦਫ਼ਤਰ ਦੇ ਮੁਲਾਜ਼ਮਾਂ ਨੇ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਪਰਵਿੰਦਰ ਸਿੰਘ ਖੰਗੂੜਾ, ਪੀਐਸਐਮਯੂ ਦੇ ਜ਼ਿਲ੍ਹਾ ਪ੍ਰਧਾਨ ਨਵਰਿੰਦਰ ਸਿੰਘ ਨਵੀ, ਡੀਪੀਆਈ ਦਫ਼ਤਰੀ ਸਟਾਫ਼ ਯੂਨੀਅਨ ਦੇ ਪ੍ਰਧਾਨ ਪ੍ਰਭਜੀਤ ਸਿੰਘ, ਪੁੱਡਾ ਮੁਲਾਜ਼ਮ ਜਥੇਬੰਦੀ ਦੀ ਪ੍ਰਧਾਨ ਸ੍ਰੀਮਤੀ ਚਰਨਜੀਤ ਕੌਰ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਾਂਝੇ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਮੁਲਾਜ਼ਮਾਂ ਪ੍ਰਤੀ ਨਾਂ-ਪੱਖੀ ਰਵੱਈਆ ਰੱਖਣ ਵਾਲੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਦੌਰਾਨ ਮੁਲਾਜ਼ਮਾਂ ਨੇ ਬੋਰਡ ਦੇ ਲਾਲ ਬੱਤੀ ਚੌਕ ’ਤੇ ਚੱਕਾ ਜਾਮ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਲੜੀਵਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਚੋਣਾਂ ਵਿੱਚ ਸਮੂਹ ਕੱਚੇ ਮੁਲਾਜ਼ਮਾਂ ਅਤੇ ਠੇਕਾ ਪ੍ਰਣਾਲੀ ਅਧੀਨ ਕਰਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਕਿਸ਼ਤਾਂ ਦੇਣ ਵਰਗੇ ਕਾਫ਼ੀ ਵਾਅਦੇ ਕੀਤੇ ਸਨ ਪ੍ਰੰਤੂ ਹੁਣ ਤੱਕ ਸਰਕਾਰ ਨੇ ਇਕ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ। ਮੁਲਾਜ਼ਮਾਂ ਨੂੰ ਗੱਫੇ ਦੇਣ ਦਾ ਪ੍ਰਚਾਰ ਕਰ ਕਰਕੇ ਵਿੱਤ ਮੰਤਰੀ ਗੁਮਰਾਹ ਕਰ ਰਹੇ ਹਨ ਜਦੋਂਕਿ ਸਚਾਈ ਇਹ ਹੈ ਕਿ ਅਜੇ ਤਾਈਂ ਸਰਕਾਰ ਨੇ ਕੋਈ ਸਪੱਸ਼ਟ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਇਸ ਮੌਕੇ ਓਂਕਾਰ ਸਿੰਘ ਸਿੱਧੂ, ਸੰਜੀਵ ਸ਼ਰਮਾ, ਦਲਜੀਤ ਸਿੰਘ, ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…