ਸਿੱਖਿਆ ਵਿਭਾਗ ਤੇ ਸਕੂਲ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਵਿਸ਼ਾਲ ਰੈਲੀ, ਰੋਸ ਮਾਰਚ ਕੀਤਾ

ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਵਿੱਚ ਕਲਮਛੋੜ ਹੜਤਾਲ, ਆਦਰਸ਼ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਵਿਖਾਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ/ਪੀਐਸਐਮਐਸਯੂ ਦੇ ਸੱਦੇ ’ਤੇ ਅੱਜ ਦੂਜੇ ਦਿਨ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਨੇ ਮੁਕੰਮਲ ਹੜਤਾਲ ਕੀਤੀ। ਬੋਰਡ ਦੇ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਵੀ ਕਲਮਛੋੜ ਹੜਤਾਲ ਜਾਰੀ ਰੱਖੀ ਜਦੋਂਕਿ ਆਦਰਸ਼ ਸਕੂਲਾਂ ਦੇ ਸਮੂਹ ਮੁਲਾਜ਼ਮਾਂ ਨੇ ਵੀ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ। ਇਸ ਦੌਰਾਨ ਸਰਕਾਰ ਵਿਰੁੱਧ ਰੋਸ ਮਾਰਚ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਡੀਪੀਆਈ ਦਫ਼ਤਰ ਦੇ ਮੁਲਾਜ਼ਮਾਂ ਨੇ ਵੀ ਰੋਸ ਮਾਰਚ ਵਿੱਚ ਹਿੱਸਾ ਲਿਆ।
ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਕਿਹਾ ਸਰਕਾਰ ਵੱਲੋਂ ਜੋ ਗੁਣਾਂਕ ਦਿੱਤੇ ਗਏ ਹਨ, ਉਹ ਸਪੱਸ਼ਟ ਨਹੀਂ ਹਨ। ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਗੁਣਾਕਾਂ ਨਾਲ ਮੁਲਾਜ਼ਮਾਂ ਨੂੰ ਵਾਧੂ ਤਨਖ਼ਾਹ ਮਿਲੇਗੀ ਪ੍ਰੰਤੂ ਅਸਲੀਅਤ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸਰਕਾਰ ਨੇ ਇਨ੍ਹਾਂ ਗੁਣਾਕਾਂ ਦੀ ਗਿਣਤੀ ਮਿਣਤੀ ਵਿੱਚ ਉਲਝਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਨਖ਼ਾਹ-ਕਮਿਸ਼ਨ ਦੇ 1-1-2016 ਤੋਂ ਹੁਣ ਤੱਕ ਦੇ ਬਣਦੇ ਬਕਾਏ ਵੀ ਖੂਹ ਖਾਤੇ ਪਾ ਦਿੱਤੇ ਹਨ। ਜਿਸ ਨਾਲ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਤਨਖ਼ਾਹ-ਕਮਿਸ਼ਨ ਸਮੇਤ ਮੁਲਾਜ਼ਮਾਂ ਦੀਆਂ ਹੋਰ ਹੱਕੀ ਮੰਗਾਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਕਿ ਕੰਟਰੈਕਟ ਅਧਾਰ ਅਤੇ ਕੱਚੇ ਮੁਲਾਜ਼ਮ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਦੀ ਬਹਾਲੀ, ਪਿਛਲੇ ਸਮੇਂ ਵਿੱਚ ਸਰਕਾਰ ਵੱਲੋਂ ਰੀਸਟਰਕਚਰਿੰਗ ਦੇ ਨਾਂ ’ਤੇ ਖ਼ਤਮ ਕੀਤੀਆਂ ਅਸਾਮੀਆਂ ਬਹਾਲ ਕਰਵਾਉਣ ਸਮੇਤ ਹੋਰ ਅਹਿਮ ਮੰਗਾਂ ਮੰਨਣ ਤੋਂ ਸਰਕਾਰ ਆਨਾਕਾਨੀ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੋਟੀਫ਼ਿਕੇਸ਼ਨ ਜਾਰੀ ਨਾ ਕਰਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਆਉਂਦੇ ਦਿਨਾਂ ਵਿੱਚ ਮੁਲਾਜ਼ਮ ਮੰਗਾਂ ਲਈ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ।
ਇਸ ਮੌਕੇ ਮੁਲਾਜ਼ਮ ਆਗੂ ਓਂਕਾਰ ਸਿੰਘ, ਪ੍ਰਭਜੀਤ ਸਿੰਘ, ਹਰਮਨਦੀਪ ਸਿੰਘ ਬੋਪਾਰਾਏ, ਗੁਰਚਰਨ ਸਿੰਘ ਤਰਮਾਲਾ, ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਬੈਨੀਪਾਲ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਰਮਨਦੀਪ ਗਿੱਲ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ, ਅਜੈਬ ਸਿੰਘ ਸਮੇਤ ਯੂਨੀਅਨ ਦੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…