ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਨਗਰ ਨਿਗਮ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੋਲ ਖੋਲੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸ਼ੁੱਕਰਵਾਰ ਨੂੰ ਮੁਹਾਲੀ ਵਿਖੇ ਵਾਈਪੀਐਸ ਚੌਕ ਨੇੜੇ ਸੂਬਾ ਸਰਕਾਰ ਵਿਰੁੱਧ ਵਿਸ਼ਾਲ ਰੋਸ ਮੁਜ਼ਾਹਰਾ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਪੰਜਾਬ ਭਰ ’ਚੋਂ ਮੁਲਾਜ਼ਮ ਅਤੇ ਪੈਨਸ਼ਨਰ ਸਵੇਰੇ 11 ਵਜੇ ਹੀ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਵੱਲੋਂ ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵੇਲੇ ਮੁਲਾਜ਼ਮਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਵੱਡੇ ਸਬਜ਼ਬਾਗ ਦਿਖਾਏ ਗਏ ਸਨ ਅਤੇ ਐਲਾਨ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਦੇ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮ ਵਰਗ ਦੀਆਂ ਸਾਰੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣਗੀਆਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕੀਤੇ ਜਾਣਗੇ ਲੇਕਿਨ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।
ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਤੋਂ ਦੁਖੀ ਮੁਲਾਜ਼ਮਾਂ ਨੇ ਕਾਂਗਰਸ ਵਿੱਚ ਭਰੋਸਾ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਭਾਰੀ ਬਹੁਮਤ ਨਾਲ ਚੁਣਿਆ ਸੀ ਪ੍ਰੰਤੂ ਹੁਣ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਦੀ ਸਬ ਕਮੇਟੀ ਦੀਆਂ ਮੀਟਿੰਗਾਂ ਵਿੱਚ ਵਿੱਤ ਮੰਤਰੀ ਵੀ ਸ਼ਾਮਲ ਹੁੰਦੇ ਰਹੇ ਹਨ ਲੇਕਿਨ ਹੁਣ ਤੱਕ ਕੁਝ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਵੱਲੋਂ ਆਪਣਾ ਸਿਆਸੀ ਵਿੰਗ ਬਣਾਇਆ ਗਿਆ ਹੈ, ਜਿਸ ਦਾ ਸੰਚਾਲਨ ਸੇਵਾਮੁਕਤ ਅਧਿਕਾਰੀ ਕਰ ਰਹੇ ਹਨ। ਇਨ੍ਹਾਂ ’ਚੋਂ ਕਈ ਅਧਿਕਾਰੀ ਨਗਰ ਨਿਗਮ ਚੋਣਾਂ ਲੜ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਡੀਸੀ ਦਫ਼ਤਰਾਂ, ਖੇਤਰੀ ਦਫ਼ਤਰਾਂ, ਡਾਇਰੈਕਟੋਰੇਟਾਂ ਤੋਂ ਲੈ ਕੇ ਪੰਜਾਬ ਸਿਵਲ ਸਕੱਤਰੇਤ ਤੱਕ ਰੈਲੀਆਂ ਕੀਤੀਆਂ ਜਾ ਰਹੀਆਂ ਸਨ। ਅੱਜ ਦੀ ਵਿਸ਼ਾਲ ਰੈਲੀ ਵਿੱਚ ਪੈਨਸ਼ਨਰਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਭਾਗ ਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਜ਼ੁਰਗਾਂ ਨੂੰ ਸੰਘਰਸ਼ ਦੇ ਰਾਹ ਤੋਰ ਕੇ ਕੇਂਦਰ ਸਰਕਾਰ ਦੀ ਭਾਈਵਾਲ ਹੋਣ ਦਾ ਸਬੂਤ ਦੇ ਰਹੀ ਹੈ।
ਇਸ ਮੌਕੇ ਪੈਨਸ਼ਨਰ ਫਰੰਟ ਦੇ ਕਨਵੀਨਰ ਕਰਮ ਸਿੰਘ ਧਨੋਆ ਨੇ ਕਿਹਾ ਕਿ ਪੈਨਸ਼ਨਰ ਪਿਛਲੇ ਕਈ ਸਾਲਾਂ ਤੋਂ ਪੈਨਸ਼ਨ ਵਿੱਚ ਵਾਧੇ ਲਈ ਸਰਕਾਰ ਦੇ ਮੂੰਹ ਵੱਲ ਦੇਖ ਰਹੇ ਹਨ, ਪ੍ਰੰਤੂ ਸਰਕਾਰ ਉਨ੍ਹਾਂ ਦੇ ਡੀਏ ਦੀਆਂ ਕਈ ਕਿਸ਼ਤਾਂ ਅਤੇ ਡੀਏ ਦਾ ਬਕਾਇਆ ਦੱਬੀਂ ਬੈਠੀ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਕਰ ਰਹੀ ਜਥੇਬੰਦੀ ਦੇ ਆਗੂ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵਿਚਲੇ ਐਮਪੀ ਅਤੇ ਐਮਐਲਏ ਤਨਖ਼ਾਹ ਦੇ ਨਾਲ-ਨਾਲ ਕਈ ਪੈਨਸ਼ਨਾਂ ਲੈ ਕੇ ਪੰਜਾਬ ਦੇ ਖਜਾਨੇ ਨੂੰ ਖੋਰਾ ਲਾ ਰਹੇ ਹਨ। ਦੂਜੇ ਪਾਸੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਐਨਪੀਐਸ ਵਿੱਚ ਨਿਗੂਣੀਆਂ ਪੈਨਸ਼ਨਾਂ ਦੇ ਕੇ ਉਨ੍ਹਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਧਰਨਾਕਾਰੀਆਂ ਨੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਸਬੰਧੀ ਪਰਚੇ ਵੀ ਵੰਡੇ। ਰੈਲੀ ਦੀ ਸਮਾਪਤੀ ’ਤੇ ਮੁਲਾਜ਼ਮਾਂ ਨੇ ਮੁਹਾਲੀ ਵਿੱਚ ਕਾਫੀ ਦੂਰ ਤੱਕ ਲੰਮਾ ਰੋਸ ਮਾਰਚ ਵੀ ਕੀਤਾ।
ਇਸ ਮੌਕੇ ਪੈਨਸ਼ਨਰ ਫਰੰਟ ਤੋਂ ਠਾਕੁਰ ਸਿੰਘ, ਕਰਮ ਸਿੰਘ ਧਨੋਆ, ਸੱਜਣ ਸਿੰਘ, ਰਣਬੀਰ ਢਿੱਲੋਂ, ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਸ਼ਤੀਸ਼ ਰਾਣਾ, ਪਰਵਿੰਦਰ ਸਿੰਘ ਖੰਘੂੜਾ, ਦਵਿੰਦਰ ਸਿੰਘ ਬੈਨੀਪਾਲ, ਵਿਜੈ ਕੁਮਾਰ ਜਗਤਾਰ ਸਿੰਘ, ਹਰਬੰਸ ਸਿੰਘ ਰਿਆੜ, ਕਰਤਾਰ ਸਿੰਘ ਪਾਲ, ਪ੍ਰੀਤਮ ਸਿੰਘ ਨਾਗਾ, ਬਲਵਿੰਦਰ ਸਿੰਘ ਸੋਹੀ, ਮੋਹਨ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਬੈਨੀਪਾਲ, ਹਰਮਿੰਦਰ ਸਿੰਘ ਸੋਹੀ, ਰਸ਼ਪਾਲ ਸਿੰਘ, ਮਨਜੀਤ ਸਿੰਘ ਸੈਣੀ, ਹੋਮ ਗਾਰਡ ਤੋਂ ਗੁਰਦੀਪ ਸਿੰਘ, ਕੇਵਲ ਸਿੰਘ, ਨਰੇਸ਼ ਕੁਮਾਰ ਪਠਾਨਕੋਟ ਜੁਆਇੰਟ ਫਰੰਟ, ਗੁਰਮੇਲ ਸਿੰਘ ਮੈਡਲੇ, ਗਗਨ ਗੋਇਲ, ਹਰਗੋਬਿੰਦ ਕੌਰ ਪ੍ਰਧਾਨ ਆਂਗਣਵਾੜੀ ਵਰਕਰ ਅਤੇ ਨਿਰਮਲ ਸਿੰਘ ਧਾਲੀਵਾਲ ਨੇ ਰੈਲੀ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…