ਮੁਲਾਜ਼ਮ ਵਰਗ ਵੱਲੋਂ ਆਪ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ, ਬਜਟ ਦੀਆਂ ਕਾਪੀਆਂ ਸਾੜੀਆਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਬਠਿੰਡਾ, 29 ਜੂਨ
ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਪੇਸ਼ ਕੀਤੇ ਗਏ ਬਜਟ ਨੂੰ ਲੋਕ/ਮੁਲਾਜ਼ਮ/ਮਜ਼ਦੂਰ ਵਿਰੋਧੀ ਗਰਦਾਨਦਿਆਂ ਸਾਂਝੇ ਫਰੰਟ ਬਠਿੰਡਾ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਕਨਵੀਨਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਬਜ਼ਟ ਪੇਸ਼ ਕੀਤਾ ਗਿਆ ਹੈ ਉਹ ਲੋਕ ਵਿਰੋਧੀ ਹੈ ਤੇ ਕਾਰਪੋਰੇਟ ਪੱਖੀ ਹੈ। ਪੰਜਾਬ ਦੀ ਆਪ ਸਰਕਾਰ ਵੱਲੋਂ ਵੀ ਪਿਛਲੀਆਂ ਸਰਕਾਰਾਂ ਦੀ ਤਰਜ਼ ਤੇ ਨਿੱਜੀਕਰਨ ਦੀ ਨੀਤੀ ਨੂੰ ਧੜੱਲੇ ਨਾਲ ਲਾਗੂ ਕਰਨ ਦਾ ਕੰਮ ਜਾਰੀ ਰੱਖਿਆ ਗਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਸਰਕਾਰ ਦੀ ਗਲਤ ਨੀਤੀ ਕਰਕੇ ਕੇਂਦਰ ਦੇ ਹਵਾਲੇ ਕੀਤੀ ਜਾ ਰਹੀ ਹੈ। ਸਰਕਾਰੀ ਮਹਿਕਮਿਆਂ ਵਿੱਚ ਆਊਟਸੋਰਸ ਤੇ ਠੇਕਾ ਅਧਾਰਿਤ ਭਰਤੀ ਨਾਲ ਨੌਜਵਾਨ ਵਰਗ ਦੀ ਲੁੱਟ ਲਗਾਤਾਰ ਜਾਰੀ ਹੈ। ਸਿਹਤ ਅਤੇ ਹੋਰ ਵਿਭਾਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟਾਂ ਰਾਹੀਂ ਕਾਰਪੋਰੇਟੀ ਨੀਤੀ ਨੂੰ ਪਹਿਲੀਆਂ ਸਰਕਾਰਾਂ ਤੋਂ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ।
ਪੰਜਾਬ ਦੇ 13 ਹਜ਼ਾਰ ਪਿੰਡਾਂ ਅਤੇ ਹਜ਼ਾਰਾਂ ਸ਼ਹਿਰੀ ਮੁਹੱਲਿਆਂ ਅੰਦਰ ਸਿਹਤ ਵਿਭਾਗ ਵੱਲੋਂ 117 ਮੁਹੱਲਾ ਕਲੀਨਿਕ ਖੋਲ੍ਹਣ ਦੀ ਸਕੀਮ ਸਰਕਾਰੀ ਪੈਸੇ ਦੀ ਬਰਬਾਦੀ ਤੋਂ ਵੱਧ ਕੇ ਕੁਝ ਨਹੀਂ ਹੈ, ਜਦ ਕਿ ਪੰਜਾਬ ਵਿੱਚ ਪਹਿਲਾਂ ਤੋਂ ਬਣੇ ਹਜ਼ਾਰਾਂ ਸਿਹਤ ਕੇਂਦਰਾਂ ਦੀ ਸੰਭਾਲ ਕਰਨੀ ਜ਼ਿਆਦਾ ਜ਼ਰੂਰੀ ਹੈ। ਇਸੇ ਤਰ੍ਹਾਂ 19 ਹਜ਼ਾਰ ਤੋਂ ਵਧੇਰੇ ਸਕੂਲਾਂ ਵਾਲੇ ਇਸ ਸੂਬੇ ਅੰਦਰ ਪ੍ਰੀ ਪ੍ਰਾਇਮਰੀ ਤੋਂ ਬਾਰਵੀਂ ਜਮਾਤ ਤੱਕ ਦੇ 100 ਸਕੂਲ ਆਫ ਐਮੀਨੈਂਸ ਖੋਹਲਣ ਵਰਗੇ ਫੇਲ ਤਜ਼ਰਬੇ ਬਾਦਲ ਸਰਕਾਰ ਵੇਲੇ ਵੀ ਆਦਰਸ਼ ਮਾਡਲ ਸਕੂਲ ਸਕੀਮ ਤਹਿਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਸਾਂਝੇ ਫਰੰਟ ਨੇ ਕਿਹਾ ਕਿ ਬਜਟ ਸਪੀਚ ਵਿੱਚ 36 ਹਜ਼ਾਰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਗਿਆ ਐਲਾਨ ਹਵਾਈ ਪੁਲੰਦਾ ਹੈ, ਕਿਉਂਕਿ ਇਸ ਸਬੰਧੀ ਅਜੇ ਤੱਕ ਕੋਈ ਕਾਨੂੰਨ ਨਹੀਂ ਬਣਾਇਆ ਗਿਆ। ਇਸ ਕਿਸਮ ਦਾ ਐਲਾਨ ਪਿਛਲੇ ਸਮੇਂ ਦੌਰਾਨ ਚੰਨੀ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ।
ਬਜਟ ਸਪੀਚ ਵਿੱਚ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਮੂਹ ਤਰੁੱਟੀਆਂ ਦੂਰ ਕਰਨ, ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੇ ਬਰਾਬਰ ਗੁਣਾਂਕ ਦੇਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ, ਮਾਣ ਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜ਼ਰਤਾਂ ਲਾਗੂ ਕਰਨ, ਮੁਲਾਜ਼ਮਾਂ ਦੇ ਰੋਕੇ ਗਏ 37 ਤਰ੍ਹਾਂ ਦੇ ਭੱਤੇ ਮੁੜ ਬਹਾਲ ਕਰਨ ਅਤੇ ਬਕਾਇਆ ਰਹਿੰਦਾ 6 ਫੀਸਦੀ ਡੀਏ ਦੇਣ ਬਾਰੇ ਵੀ ਕੋਈ ਜ਼ਿਕਰ ਨਹੀਂ ਕੀਤਾ ਗਿਆ।
ਸਾਂਝੇ ਫਰੰਟ ਨੇ ਕਿਹਾ ਕਿ ਕੁੱਲ ਮਿਲਾ ਕੇ ਇਹ ਬਜਟ ਇੱਕ ਛਲਾਵੇ ਤੋਂ ਵੱਧ ਕੇ ਕੁਝ ਨਹੀਂ ਹੈ। ਅੱਜ ਦੇ ਇਸ ਇਕੱਠ ਵਿੱਚ ਦਰਸ਼ਨ ਸਿੰਘ ਮੌੜ,ਮੱਖਣ ਸਿੰਘ ਖਣਗਵਾਲ,ਸਿਕੰਦਰ ਸਿੰਘ ਧਾਲੀਵਾਲ, ਗਗਨਦੀਪ ਸਿੰਘ ਭੁੱਲਰ,ਗੁਰਸੇਵਕ ਸਿੰਘ ਸੰਧੂ, ਕਿਸ਼ੋਰ ਚੰਦ ਗਾਜ, ਕੇਵਲ ਸਿੰਘ, ਜਗਪਾਲ ਬੰਗੀ, ਜਸਕਰਨ ਗਹਿਰੀ ਬੁੱਟਰ, ਜਸਵਿੰਦਰ ਸ਼ਰਮਾ, ਹਰਮਿੰਦਰ ਸਿੰਘ ਢਿੱਲੋਂ, ਰਣਜੀਤ ਸਿੰਘ ਪ੍ਰਿੰਸੀਪਲ, ਨੈਬ ਸਿੰਘ ਆਦਿ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …