ਸਿਹਤ ਮੰਤਰੀ ਬਲਬੀਰ ਸਿੱਧੂ ਦੀ ਮੁਹਾਲੀ ਰਿਹਾਇਸ਼ ਨੇੜੇ ਗਰਜ਼ੇ ਸੈਂਕੜੇ ਮੁਲਾਜ਼ਮ ਤੇ ਅਧਿਆਪਕ

ਛੇਵੇਂ ਤਨਖ਼ਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਤੇ ਭੱਤਿਆਂ ਉੱਤੇ ਲਗਾਏ ਕੱਟਾਂ ਖ਼ਿਲਾਫ਼ ਵਿਆਪਕ ਰੋਸ

ਕੱਚੇ-ਕੰਟਰੈਕਟ, ਮਾਣ ਭੱਤਾ ਤੇ ਸੁਸਾਇਟੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਪੱਕੇ ਨਾ ਕਰਨ ਵਿਰੁੱਧ ਰੋਹ ਭਖਿਆ

29 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਪਟਿਆਲਾ ਵੱਲ ਵਹੀਰਾਂ ਘੱਤਣਗੇ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਪੰਜਾਬ ਸਰਕਾਰ ਵੱਲੋਂ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਰਾਹੀਂ ਤਨਖ਼ਾਹਾਂ ਅਤੇ ਭੱਤਿਆਂ ਵਿੱਚ ਤਰਕਸੰਗਤ ਵਾਧਾ ਕਰਨ ਦੀ ਥਾਂ ਕਟੌਤੀਆਂ ਦਾ ਜਾਲ ਬੁਣਦਿਆਂ ਮੁਲਾਜ਼ਮਾਂ ’ਤੇ ਵੱਡਾ ਆਰਥਿਕ ਹੱਲਾ ਬੋਲਣ, ਕੱਚੇ, ਕੰਟਰੈਕਟ, ਮਾਣ ਭੱਤਾ ਅਤੇ ਸੁਸਾਇਟੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ, ਨਵੀਂ ਪੈਨਸ਼ਨ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਨੂੰ ਕਾਰਪੋਰੇਟ ਲੁੱਟ ਅਤੇ ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਸੂਬੇ ਵਿੱਚ ਧੜੱਲੇ ਨਾਲ ਲਾਗੂ ਕਰਨ ਖ਼ਿਲਾਫ਼ ਐਤਵਾਰ ਨੂੰ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਮੁਹਾਲੀ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਧਰਨਾ ਖ਼ਤਮ ਕੀਤਾ ਅਤੇ ਨਾਲ ਹੀ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ‘ਹੱਲਾ ਬੋਲ’ ਰੈਲੀ ਕਰਨ ਦਾ ਐੈਲਾਨ ਕੀਤਾ ਗਿਆ। ਸਾਂਝੇ ਮੰਚ ਨੇ ਕਿਹਾ ਕਿ ਇਸ ਦਿਨ ਹਜ਼ਾਰਾਂ ਦੀ ਗਿਣਤੀ ਨਾਲ ਸਮੂਹਿਕ ਛੁੱਟੀ ਲੈ ਕੇ ਸ਼ਮੂਲੀਅਤ ਕਰਨਗੇ।
ਇਸ ਮੌਕੇ ਮੁਲਾਜ਼ਮ ਆਗੂਆਂ ਸੁਖਵਿੰਦਰ ਸਿੰਘ ਚਾਹਲ, ਗੁਰਪਿਆਰ ਸਿੰਘ ਕੋਟਲੀ, ਹਰਜੀਤ ਸਿੰਘ ਬਸੋਤਾ, ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਅੌਲਖ, ਸੁਪਿੰਦਰ ਸਿੰਘ, ਹਰਵੀਰ ਸਿੰਘ, ਦਲਜੀਤ ਕੌਰ, ਦਲਵਿੰਦਰ ਕੌਰ, ਸੁਖਦੇਵ ਸਿੰਘ ਸੈਣੀ, ਕਰਮ ਸਿੰਘ ਧਨੋਆ, ਹਰਿੰਦਰਜੀਤ ਸਿੰਘ, ਗੁਰਵਿੰਦਰ ਸਿੰਘ ਖਮਾਣੋਂ, ਅਮਿਤ ਕਟੋਚ, ਨਿਰਮਲ ਸਿੰਘ, ਸੁਰਜੀਤ ਸਿੰਘ, ਲਖਵਿੰਦਰ ਸਿੰਘ ਪ੍ਰਿੰਸੀਪਲ ਨੇ ਕਿਹਾ ਕਿ ਪ੍ਰਮੁੱਖ ਮੰਗਾਂ ਵਿੱਚ ਸਮੂਹ ਕੱਚੇ, ਠੇਕਾ ਆਧਾਰਿਤ, ਮਾਣ ਭੱਤਾ ਵਾਲੇ, ਡੇਲੀਵੇਜ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣਾ, ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਸਮੇਂ ਸਾਲ 2011 ਦੌਰਾਨ ਅਨਾਮਲੀ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ 24 ਕੈਟਾਗਰੀਆਂ ਅਤੇ ਕੈਬਨਿਟ ਸਬ ਕਮੇਟੀ ਰਾਹੀਂ 239 ਕੈਟਾਗਰੀਆਂ ਨੂੰ ਮਿਲੇ ਵਾਧੇ ਬਰਕਰਾਰ ਰੱਖਦਿਆਂ, ਸਾਰਿਆਂ ’ਤੇ 3.74 ਦਾ ਇੱਕਸਮਾਨ ਗੁਣਾਂਕ ਲਾਗੂ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ, ਸਿੱਖਿਆ ਵਿਭਾਗ ਦੀ ਸੁਸਾਇਟੀ ਪਿਕਟਸ ਵਿੱਚ ਰੈਗੂਲਰ ਕੰਪਿਊਟਰ ਫੈਕਲਟੀ ਤੋਂ ਇਲਾਵਾ ਮੈਰੀਟੋਰੀਅਸ/ਆਦਰਸ਼ ਸਕੂਲਾਂ ਨੂੰ ਵਿਭਾਗ ਵਿੱਚ ਮਰਜ਼ ਕਰਦਿਆਂ ਸਮੁੱਚਾ ਸਟਾਫ਼ ਰੈਗੂਲਰ ਕਰਨਾ, ਪਰਖ ਸਮਾਂ ਐਕਟ ਰੱਦ ਕਰਕੇ 15-01-15 ਤੋਂ ਪੂਰੇ ਭੱਤੇ, ਸਲਾਨਾ ਵਾਧੇ, ਤਨਖ਼ਾਹਾਂ ਬਹਾਲ ਕਰਦਿਆਂ ਬਕਾਏ ਜਾਰੀ ਕਰਵਾਉਣ, ਅਣ ਰਿਵਾਈਜ਼ਡ ਕੈਟਾਗਰੀਆਂ ਨਾਲ ਤਨਖ਼ਾਹ ਸਕੇਲਾਂ ਵਿੱਚ ਹੋਈ ਧੱਕੇਸ਼ਾਹੀ ਦੂਰ ਕਰਨਾ, ਸਾਰੇ ਭੱਤੇ ਢਾਈ ਗੁਣਾ ਕੀਤੇ ਜਾਣਾ, ਡੀਏ ਦੀਆਂ ਪੈਂਡਿੰਗ ਕਿਸ਼ਤਾਂ ਤੇ ਬਕਾਏ ਜਾਰੀ ਕਰਨਾ, ਨਵੀ ਭਰਤੀ ਨੂੰ ਕੇਂਦਰੀ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕਰਵਾਉਣਾ, ਪੂਰੀ ਪੈਨਸ਼ਨ ਲਈ ਸਮਾਂ 25 ਤੋਂ ਘਟਾ ਕੇ 20 ਸਾਲ ਕਰਵਾਉਣਾ ਅਤੇ ਸਾਰੇ ਕਾਡਰਾਂ ਲਈ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣਾ ਤੇ ਭਰਤੀਆਂ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ ਪੂਰੀ ਕਰਕੇ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਸ਼ਾਮਿਲ ਹੈ।
ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਮਿਲ ਕੇ ਮੰਗ ਕੀਤੀ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਕੈਬਨਿਟ ਸਬ ਕਮੇਟੀ ਵੱਲੋਂ 5 ਮਾਰਚ 2019 ਅਤੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਬੀਤੀ 25 ਜੂਨ ਨੂੰ ਕੀਤੀਆਂ ਮੀਟਿੰਗਾਂ ਦੇ ਸਾਰੇ ਫੈਸਲੇ ਲਾਗੂ ਕੀਤੇ ਜਾਣ ਅਤੇ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਤੇ ਪੁਲੀਸ ਕੇਸ ਰੱਦ ਕੀਤੇ ਜਾਣ। ਘਰਾਂ ਤੋਂ ਸਟੇਸ਼ਨ ਦੂਰੀ ਦੀ ਵੇਟੇਜ਼ ਦੇਕੇ ਸਾਰੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਮਿਲੇ। ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਸਿੱਖਿਆ ਨੀਤੀ-2020 ਦਾ ਪੰਜਾਬ ਵਿੱਚ ਅਮਲ ਬੰਦ ਹੋਵੇ। ਬੀਪੀਈਓ ਦਫ਼ਤਰਾਂ ਵਿੱਚ ਸ਼ਿਫ਼ਟ ਕੀਤੇ 228 ਪੀਟੀਆਈ ਮਿਡਲ ਸਕੂਲ ਵਿੱਚ ਵਾਪਸ ਭੇਜੇ ਜਾਣ। ਸਾਰੇ ਕਾਡਰਾਂ ਦੀਆਂ ਪ੍ਰਮੋਸ਼ਨਾਂ ਲਈ 75 ਫੀਸਦੀ ਕੋਟਾ ਬਹਾਲ ਕਰਦਿਆਂ ਪੈਡਿੰਗ ਤਰੱਕੀਆਂ ਤੁਰੰਤ ਹੋਣ। 1904 ਹੈੱਡ ਟੀਚਰਾਂ ਦੀਆਂ ਪੋਸਟਾਂ ਬਹਾਲ ਕਰਨ ਅਤੇ ਪਿਛਲੇ ਪੰਜ ਸਾਲਾਂ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਰੋਕੀਆਂ ਹੋਈਆਂ ਤਰੱਕੀਆਂ ਫੌਰੀ ਕਰਨ, ਕਰੋਨਾ ਲਾਗ ਤੋਂ ਬਚਾਅ ਪ੍ਰਬੰਧਾਂ ਤਹਿਤ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਫੌਰੀ ਖੋਲੇ ਜਾਣ। ਓਪਨ ਡਿਸਟੈਂਸ ਲਰਨਿੰਗ ਅਧਿਆਪਕਾਂ ਅਤੇ 180 ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ। ਕੋਵਿਡ ਤੋਂ ਗ੍ਰਸਤ ਮੁਲਾਜ਼ਮਾਂ ਨੂੰ ਤਨਖ਼ਾਹ ਸਹਿਤ ਛੁੱਟੀ ਅਤੇ 50 ਲੱਖ ਦੀ ਐਕਸ-ਗਰੇਸ਼ੀਆ ਮਿਲਣੀ ਯਕੀਨੀ ਹੋਵੇ।

ਉਧਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖ਼ੁਦ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਕੋਲ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੰਗ ਪੱਤਰ ਹਾਸਲ ਕਰਕੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਮੰਤਰੀ ਨੇ ਭਰੋਸਾ ਦਿੱਤਾ ਕਿ ਭਲਕੇ ਸੋਮਵਾਰ ਨੂੰ ਤਨਖ਼ਾਹ ਕਮਿਸ਼ਨ ਸਬੰਧੀ ਉੱਚ ਅਧਿਕਾਰੀਆਂ ਦੀ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਹੈ।

Load More Related Articles
Load More By Nabaz-e-Punjab
Load More In Campaign

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …