ਮਟੌਰ ਥਾਣੇ ਦਾ ਐਸਐਚਓ ਤੇ ਫੇਜ਼-1 ਥਾਣਾ ਦੇ 10 ਮੁਲਾਜ਼ਮ ਕਰੋਨਾ ਤੋਂ ਪੀੜਤ
ਦੋਵੇਂ ਥਾਣਿਆਂ ਦੇ ਮੁਲਾਜ਼ਮਾਂ ਦੇ ਕਰੋਨਾ ਟੈਸਟ ਕੀਤੇ, ਸਾਰਿਆਂ ਨੂੰ ਇਕਾਂਤਵਾਸ ’ਚ ਭੇਜਿਆ
ਥਾਣੇਦਾਰਾਂ ਦੇ ਸੰਪਰਕ ਵਿੱਚ ਆਏ ਮੀਡੀਆ ਕਰਮੀਆਂ ਨੂੰ ਵੀ ਇਕਾਂਤਵਾਸ ’ਚ ਰਹਿਣ ਦੇ ਆਦੇਸ਼
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਤੋਂ ਬਾਅਦ ਅੱਜ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੰਜ ਹੀ ਫੇਜ਼-1 ਥਾਣੇ ਦੇ 10 ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਪੁਲੀਸ ਕਰਮਚਾਰੀਆਂ ਵਿੱਚ ਦਹਿਸ਼ਤ ਪਾਈ ਜਾ ਰਹੀ ਹੈ। ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ, ਸਬ ਇੰਸਪੈਕਟਰ ਬਲਜੀਤ ਕੌਰ। ਏਐਸਆਈ ਸੁਖਵਿੰਦਰ ਸਿੰਘ ਸਮੇਤ ਦੋ ਮਹਿਲਾ ਸਿਪਾਹੀਆਂ ਸਮੇਤ ਦਰਜਨ ਪੁਲੀਸ ਕਰਮਚਾਰੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਪੁਲੀਸ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਨੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੂੰ ਵੀ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਹੈ।
ਥਾਣਾ ਮੁਖੀ ਇੰਸਪੈਕਟਰ ਮਨਫੂਲ ਦੇ ਹੋਰ 27 ਕਰਮਚਾਰੀਆਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਅਤੇ ਦੋਵੇਂ ਥਾਣਿਆਂ ਦੇ ਪੁਲੀਸ ਕਰਮਚਾਰੀਆਂ ਨੂੰ ਕਰੋਨਾ ਦਾ ਪਤਾ ਲਗਾਉਣ ਲਈ ਆਪਣੇ ਸੈਂਪਲ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਕਈ ਪੁਲੀਸ ਮੁਲਾਜ਼ਮਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਭਲਕੇ ਐਤਵਾਰ ਨੂੰ ਮਿਲੇਗੀ। ਥਾਣਾ ਮੁਖੀ ਨੇ ਦੱਸਿਆ ਕਿ ਬੀਤੇ ਕੱਲ੍ਹ ਅਤੇ ਪਿਛਲੇ ਦਿਨੀਂ ਥਾਣੇ ਦੇ ਸਟਾਫ਼ ਦੇ ਸੰਪਰਕ ਵਿੱਚ ਆਉਣ ਵਾਲੇ ਕਈ ਮੀਡੀਆ ਕਰਮੀਆਂ ਨੂੰ ਵੀ ਸਾਵਧਾਨੀ ਵਜੋਂ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਪੀੜਤ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ਵਿੱਚ ਆਉਣ ਵਾਲੇ ਹੋਰਨਾਂ ਵਿਅਕਤੀਆਂ ਨੂੰ ਆਪਣੀ ਜਾਂਚ ਕਰਵਾਉਣ ਲਈ ਆਖਿਆ ਗਿਆ ਹੈ।