Nabaz-e-punjab.com

ਘਰ-ਘਰ ਰੁਜ਼ਗਾਰ: ਜ਼ਿਲ੍ਹਾ ਮੁਹਾਲੀ ਵਿੱਚ 19 ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਮੈਗਾ ਰੁਜ਼ਗਾਰ ਮੇਲੇ: ਸਾਕਸ਼ੀ ਸਾਹਨੀ

ਬੇਰੁਜ਼ਗਾਰ ਨੌਜਵਾਨਾਂ ਨੂੰ ਮੈਗਾ ਰੁਜ਼ਗਾਰ ਮੇਲਿਆਂ ਰਾਹੀਂ ਵਿੱਦਿਅਕ ਯੋਗਤਾ ਅਨੁਸਾਰ ਮੁਹੱਈਆ ਕੀਤਾ ਜਾਵੇਗਾ ਰੁਜ਼ਗਾਰ

ਇਲਾਕੇ ਦੇ ਵੱਧ ਤੋਂ ਵੱਧ ਨੌਜਵਾਨ ਮੈਗਾ ਰੁਜ਼ਗਾਰ ਮੇਲਿਆਂ ਦਾ ਲਾਭ ਉਠਾਉਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਪੰਜਾਬ ਸਰਕਾਰ ਦੀ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 19 ਤੋਂ 30 ਸਤੰਬਰ ਤੱਕ ਲਾਏ ਜਾਣ ਵਾਲੇ ਮੈਗਾ ਰੁਜ਼ਗਾਰ ਮੇਲਿਆਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਤੀਨਿਧੀਆਂ, ਟਰੇਨਿੰਗ ਤੇ ਪਲੇਸਮੈਂਟ ਅਫਸਰਾਂ (ਟੀਪੀਓਜ਼) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਦੇ ਟਰੇਨਿੰਗ ਪਾਰਟਨਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ।
ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਇੱਥੋਂ ਦੇ ਸਰਕਾਰੀ ਕਾਲਜ ਫੇਜ਼-6, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਸਵਾਇਟ ਬਨੂੜ, ਆਈਟੀਆਈ (ਲੜਕੀਆਂ) ਫੇਜ਼-5, ਸਰਕਾਰੀ ਕਾਲਜ ਡੇਰਾਬੱਸੀ, ਕੁਐਸਟ ਗਰੁੱਪ ਆਫ਼ ਇੰਸਟੀਚਿਊਟ ਝੰਜੇੜੀ ਅਤੇ ਖਾਲਸਾ ਕਾਲਜ ਮੁਹਾਲੀ ਵਿੱਚ ਮੈਗਾ ਰੁਜ਼ਗਾਰ ਮੇਲੇ ਲਾਏ ਜਾਣਗੇ, ਜਿਨ੍ਹਾਂ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਵਿੱਦਿਅਕ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਵਿੱਚ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਾਲੇ ਵਿਭਾਗਾਂ ਵੱਲੋਂ ਵੀ ਕਾਊਂਟਰ ਲਗਾਏ ਜਾਣਗੇ, ਜਿੱਥੇ ਸਬੰਧਤ ਵਿਭਾਗਾਂ ਵੱਲੋਂ ਸਵੈ ਰੁਜ਼ਗਾਰ ਲਈ ਦਿੱਤੀ ਜਾਂਦੀ ਸਿਖਲਾਈ ਤੇ ਕਰਜ਼ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਫਾਰਮ ਭਰੇ ਜਾਣਗੇ।
ਏਡੀਸੀ ਨੇ ਕਿਹਾ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਨਾ ਹੈ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਰੁਜ਼ਗਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਤੋਂ ਜਿੱਥੇ ਉਨ੍ਹਾਂ ਦੇ ਵਿਭਾਗਾਂ ਦੇ ਸੰਪਰਕ ਵਿੱਚ ਆਉਣ ਵਾਲੇ ਉਦਯੋਗਪਤੀਆਂ/ਸਨਅਤਕਾਰਾਂ, ਛੋਟੇ-ਵੱਡੇ ਕਾਰੋਬਾਰੀਆਂ ਅਤੇ ਕੰਪਨੀਆਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਬਾਰੇ ਇਕੱਠੇ ਕੀਤੇ ਅੰਕੜਿਆਂ ਦਾ ਜਾਇਜ਼ਾ ਲਿਆ, ਉੱਥੇ ਵਿੱਦਿਅਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਰੁਜ਼ਗਾਰ/ਸਵੈ-ਰੁਜ਼ਗਾਰ ਅਪਣਾਉਣ ਦੇ ਚਾਹਵਾਨ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਨਾਖ਼ਤ ਕਰਨ ਅਤੇ ਉਨ੍ਹਾਂ ਨੂੰ ਘਰ-ਘਰ ਰੁਜ਼ਗਾਰ ਪੋਰਟਲ ’ਤੇ ਰਜਿਸਟਰ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲਿਆਂ ਵਿੱਚ ਪਹੁੰਚੀ ਕੋਈ ਵੀ ਅਸਾਮੀ ਵਿਅਰਥ ਨਾ ਜਾਵੇ, ਇਸ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ, ਤੀਜੀ ਮੰਜ਼ਲ, ਕਮਰਾ ਨੰਬਰ 453-461 ਵਿੱਚ ਬਿਨੈਕਾਰਾਂ ਦੀ ਤਿਆਰੀ ਵੱਲ ਵਿਸ਼ੇਸ਼ ਤਵੱਜੋਂ ਦਿੰਦੇ ਹੋਏ ਪਰਸਨੈਲਿਟੀ ਡਿਵੈਲਪਮੈਂਟ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਵਿਦਿਆਰਥੀਆਂ ਨੂੰ ਬਾਇਓਡਾਟਾ ਬਣਾਉਣ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੇਸਿਕ ਕੰਪਿਊਟਰ ਦੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੈਗਾ ਰੁਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਂਦੇ ਹੋਏ ਰੁਜ਼ਗਾਰ ਹਾਸਲ ਕਰਨ।
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਬਿਊਰੋ ਦੇ ਮੋਬਾਈਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਐਚਐਸ ਪੰਨੂੰ, ਡਿਪਟੀ ਸੀਈਓ ਮਨਜੇਸ਼ ਕੁਮਾਰ, ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ, ਪਲੇਸਮੈਂਟ ਅਫ਼ਸਰ ਮਾਨਸੀ ਭਾਂਬਰੀ ਸਮੇਤ ਵੱਖ ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਤੀਨਿਧੀ, ਟੀਪੀਓਜ਼ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਟਰੇਨਿੰਗ ਪਾਰਟਨਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …