ਮੁਹਾਲੀ ਪੁਲੀਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਅੌਡੀ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋਏ ਮੁਲਜ਼ਮ

ਵਾਰਦਾਤ ਸੀਸੀਟੀਵੀ ਕੈਮਰੇ ’ਚ ਕੈਦ, ਗਲੀਆਂ ’ਚੋਂ ਭੱਜਦੇ ਹੋਏ ਨਜ਼ਰ ਆ ਰਹੇ ਨੇ ਤਿੰਨ ਮੁਲਜ਼ਮ

ਨਬਜ਼-ਏ-ਪੰਜਾਬ, ਮੁਹਾਲੀ, 26 ਨਵੰਬਰ:
ਮੁਹਾਲੀ ਦੀ ਜੂਹ ਵਿੱਚ ਐਤਵਾਰ ਨੂੰ ਪੰਜਾਬ ਪੁਲੀਸ ਅਤੇ ਹਥਿਆਰਬੰਦ ਵਿਅਕਤੀਆਂ ਵਿਚਲੇ ਮੁਕਾਬਲਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਨੂੰ ਇਤਲਾਹ ਮਿਲੀ ਸੀ ਕਿ ਤਿੰਨ ਵਿਅਕਤੀ ਹਥਿਆਰ ਦੀ ਨੋਕ ’ਤੇ ਅੰਮ੍ਰਿਤਸਰ ਚੋਂ ਲਗਜ਼ਰੀ ਗੱਡੀ ਅੌਡੀ ਕਾਰ ਖੋਹ ਕੇ ਭੱਜੇ ਹਨ ਅਤੇ ਉਹ ਮੁਹਾਲੀ ਵੱਲ ਆ ਰਹੇ ਹਨ।
ਸੂਚਨਾ ਮਿਲਦੇ ਹੀ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਮੁਹਾਲੀ-ਖਰੜ ਨੈਸ਼ਨਲ ਹਾਈਵੇਅ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ’ਤੇ ਤਿੱਖੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਚੈਕਿੰਗ ਦੌਰਾਨ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਇੱਕ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਪੁਲੀਸ ਨੂੰ ਦੇਖ ਕੇ ਮੌਕੇ ਤੋਂ ਕਾਰ ਭਜਾ ਲਈ। ਪੁਲੀਸ ਕਰਮਚਾਰੀਆਂ ਨੇ ਪਿੱਛਾ ਕਰਕੇ ਕਾਰ ਨੂੰ ਜੁਝਾਰ ਨਗਰ ਨੇੜੇ ਘੇਰ ਲਿਆ। ਇਸ ਦੌਰਾਨ ਕਾਰ ਸਵਾਰਾਂ ਨੇ ਪੁਲੀਸ ’ਤੇ ਫਾਇਰਿੰਗ ਕਰ ਦਿੱਤੀ ਹਾਲਾਂਕਿ ਪੁਲੀਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ ਲੇਕਿਨ ਇਸ ਦੌਰਾਨ ਤਿੰਨੇ ਵਿਅਕਤੀ ਅੰਮ੍ਰਿਤਸਰ ਤੋਂ ਖੋਹੀ ਅੌਡੀ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਇਸ ਸਬੰਧੀ ਸੰਪਰਕ ਕਰਨ ’ਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਤਿੰਨ ਵਿਅਕਤੀ ਗੰਨ ਪੁਆਇੰਟ ’ਤੇ ਅੌਡੀ ਕਾਰ ਖੋਹ ਕੇ ਭੱਜੇ ਹਨ। ਜਦੋਂ ਪੁਲੀਸ ਪਾਰਟੀ ਨੇ ਪਿੱਛਾ ਕਰਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲੀਸ ਵੱਲ ਫਾਇਰਿੰਗ ਕਰ ਦਿੱਤੀ। ਪੁਲੀਸ ਨੂੰ ਮੁਲਜ਼ਮਾਂ ਦੇ ਚੰਡੀਗੜ੍ਹ ਵਿੱਚ ਪਨਾਹ ਲੈਣ ਦਾ ਸ਼ੱਕ ਹੈ। ਜਾਂਚ ਦੌਰਾਨ ਪੁਲੀਸ ਨੂੰ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਮਿਲੀਆਂ ਹਨ। ਜਿਨ੍ਹਾਂ ਵਿੱਚ ਤਿੰਨੇ ਹਮਲਾਵਰ ਪਿੰਡ ਦੀਆਂ ਗਲੀਆਂ ’ਚੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਮਾਰੀ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਨੇ ਅੌਡੀ ਗੱਡੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਅਤੇ ਫੋਰੈਂਸਿਕ ਟੀਮ ਨੂੰ ਮੌਕੇ ’ਤੇ ਸੱਦਿਆ ਗਿਆ। ਤਲਾਸ਼ੀ ਦੌਰਾਨ ਕਾਰ ’ਚੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…