
ਸਬਜ਼ੀਆਂ ਦੀ ਵਪਾਰਕ ਪੱਧਰ ’ਤੇ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ: ਰੰਧਾਵਾ
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਣਕਾਰੀ ਦਿੱਤੀ
ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਆਤਮਾ ਸਕੀਮ ਅਧੀਨ ਅੱਜ ਕਿਸਾਨ ਵਿਕਾਸ ਚੈਂਬਰ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਜਿਸ ਦਾ ਉਦਘਾਟਨ ਡੇਰਾਬੱਸੀ ਤੋਂ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਕਿਰਸਾਣੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਦੀ ਰਹਿਣੀ-ਬਹਿਣੀ ਅਤੇ ਹੱਥੀਂ ਖੇਤੀ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੇਲੋੜੇ ਖ਼ਰਚਿਆਂ ਤੋਂ ਪਰਹੇਜ਼ ਕਰਕੇ ਹੀ ਅਸੀਂ ਖੇਤੀਬਾੜੀ ਨੂੰ ਮੁਨਾਫ਼ੇ ਵਾਲਾ ਧੰਦਾ ਬਣਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਰਵਾਇਤੀ ਖੇਤੀ ਦੇ ਨਾਲ-ਨਾਲ ਸਬਜ਼ੀਆਂ ਦੀ ਵਪਾਰਕ ਪੱਧਰ ’ਤੇ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਕਿਸਾਨਾਂ ਦੀ ਭਲਾਈ ਲਈ ਯਤਨਸ਼ੀਲ ਹੈ।
‘ਆਪ’ ਵਿਧਾਇਕ ਨੇ ਕਿਸਾਨ ਮੇਲੇ ਵਿੱਚ ਪਹੁੰਚੇ ਅੰਨਦਾਤਾ ਅਤੇ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਮਿਆਰੀ ਫ਼ਸਲੀ ਬੀਜ, ਨਦੀਨ ਨਾਸ਼ਕ ਤੇ ਕਿ ਨਾਸ਼ਕ ਦਵਾਈਆਂ ਅਤੇ ਖਾਦਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਆਪਣੇ ਹੱਥੀਂ ਖੇਤੀ ਕਰਦੇ ਰਹੇ ਹਨ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਨੇ ਪਰਾਲੀ ਦੀ ਸੰਭਾਲ ਮਸ਼ੀਨਰੀ ਸਬੰਧੀ ਦਿੱਕਤਾਂ ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਵੀ ਦਿੱਤਾ।
ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੱੁਟਸ) ਡਾ. ਜਸਵਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਵੱਲੋਂ ਕੇਂਦਰ ਸਰਕਾਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਹਾੜ੍ਹੀ ਸੀਜ਼ਨ ਦੌਰਾਨ ਖਾਦਾਂ ਦੀ ਘਾਟ ਨਾ ਰਹੇ। ਮੁੱਖ ਖੇਤੀਬਾੜੀ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਵਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਮੁਹਾਲੀ ਜ਼ਿਲ੍ਹੇ ਨੂੰ ਪਰਾਲੀ ਦੇ ਧੰੂਏਂ ਤੋਂ ਮੁਕਤ ਬਣਾਉਣ ਲਈ ਜੰਗੀ ਪੱਧਰ ’ਤੇ ਮੁਹਿੰਮ ਵਿੱਢੀ ਗਈ ਹੈ।
ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਗਦੀਸ਼ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਬੀਐਸ ਖੱਦਾ, ਖੇਤੀਬਾੜੀ ਵਿਭਾਗ ਅਤੇ ਕੇ.ਵੀ.ਕੇ. ਦੇ ਮਾਹਰਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਪਰਾਲੀ ਦੇ ਪ੍ਰਬੰਧਨ ਬਾਰੇ ਵਿਚਾਰ ਪੇਸ਼ ਕੀਤੇ। ਭੂਮੀ ਰੱਖਿਆ, ਮੱਛੀ ਪਾਲਣ, ਪਸ਼ੂ ਪਾਲਣ , ਡੇਅਰੀ, ਖੇਤੀਬਾੜੀ, ਬਾਗਬਾਨੀ ਵਿਭਾਗ, ਐਫ਼ਪੀਓਜ਼ ਅਤੇ ਖੇਤੀ ਇਨਪੱੁਟਸ ਤਿਆਰ ਕਰਨ ਵਾਲੀਆਂ ਫਰਮਾਂ ਵੱਲੋਂ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕਰਨ ਲਈ ਸਟਾਲ ਲਗਾਏ ਗਏ। ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਪ੍ਰਦਰਸ਼ਨੀ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀ।