
ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਨੇ ਮੁਹਾਲੀ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ
ਮਾਈਨਿੰਗ ਨਾਲ ਜੁੜੇ ਸਾਰੇ ਕੰਮ ਕਾਨੂੰਨ ਅਨੁਸਾਰ ਪਹਿਲਾਂ ਤੋਂ ਨਿਰਧਾਰਿਤ ਨਿਯਮਾਂ ਅਨੁਸਾਰ ਕੀਤੇ ਜਾਣ: ਢੋਕੇ
ਮਾਈਨਿੰਗ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਨਿਰਧਾਰਿਤ ਵਿਧੀ ਅਨੁਸਾਰ ਫੌਰੀ ਨਿਪਟਾਰਾ ਕਰਨ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਪੰਜਾਬ ਦੇ ਨਵ-ਨਿਯੁਕਤ ਇਨਫੋਰਸਮੈਂਟ ਡਾਇਰੈਕਟਰ (ਮਾਈਨਿੰਗ) ਆਰ.ਐਨ. ਢੋਕੇ ਨੇ ਅੱਜ ਜ਼ਿਲ੍ਹਾ ਮੁਹਾਲੀ ਵਿੱਚ ਮਾਈਨਿੰਗ ਕਾਰਜਾਂ ਦੇ ਨਿਯੰਤਰਨ ਅਤੇ ਪ੍ਰਬੰਧਨ ਨਾਲ ਸਬੰਧਤ ਜ਼ਿਲ੍ਹਾ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ, ਐਸਪੀ (ਦਿਹਾਤੀ) ਡਾ. ਰਵਜੋਤ ਕੌਰ ਗਰੇਵਾਲ ਅਤੇ ਐਕਸੀਅਨ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਰੁਪਿੰਦਰ ਸਿੰਘ ਪਾਬਲਾ ਵੀ ਹਾਜ਼ਰ ਸਨ। ਮਾਈਨਿੰਗ ਖੇਤਰਾਂ ਨਾਲ ਸਬੰਧਤ ਸਰਕਲ ਡੀਐਸਪੀ ਅਤੇ ਐਸਐਚਓਜ਼ ਵੀ ਮੀਟਿੰਗ ਵਿੱਚ ਮੌਜੂਦ ਰਹੇ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੇ ਮੁਹਾਲੀ ਜ਼ਿਲ੍ਹੇ ਵਿੱਚ ਮਾਈਨਿੰਗ ਕਾਰਜਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ।
ਇਸ ਮੌਕੇ ਮਾਈਨਿੰਗ ਸਬੰਧੀ ਵਿਚਾਰੇ ਗਏ ਵੱਖ-ਵੱਖ ਮੁੱਦਿਆਂ ਜਿਨ੍ਹਾਂ ਵਿੱਚ ਜ਼ਿਲ੍ਹੇ ਭਰ ਵਿੱਚ ਅੰਤਰਰਾਜੀ ਖਣਨ ਕਾਰਜਾਂ ਨੂੰ ਚਲਾਉਣ ਅਤੇ ਉਨ੍ਹਾਂ ਨੂੰ ਸੁਚਾਰੂ ਬਣਾਉਣ ਦੇ ਢੰਗ, ਡੀਸਿਲਟਿੰਗ ਅਪਰੇਸ਼ਨਾਂ ਨੂੰ ਲਾਗੂ ਕਰਨ ਦੇ ਤਰੀਕੇ, ਨੋਟੀਫਾਈਡ ਮਾਈਨਿੰਗ, ਡੀਸਿਲਟਿੰਗ ਅਤੇ ਰੇਤ/ਬਜਰੀ ਕਰੱਸ਼ਰ ਖੇਤਰਾਂ ਵਿੱਚ ਡਿਸਪਲੇਅ ਬੋਰਡਾਂ ਦੀ ਵਰਤੋਂ ਅਤੇ ਖਣਨ ਦੇ ਸਮੇਂ ਅਤੇ ਨਿਯਮ ਸ਼ਾਮਲ ਹਨ। ਸ੍ਰੀ ਆਰਐਨ ਢੋਕੇ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਮਾਈਨਿੰਗ ਨਾਲ ਜੁੜੇ ਸਾਰੇ ਕੰਮ ਕਾਨੂੰਨ ਅਨੁਸਾਰ ਪਹਿਲਾਂ ਤੋਂ ਨਿਰਧਾਰਿਤ ਨਿਯਮਾਂ ਅਨੁਸਾਰ ਹੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਾਈਨਿੰਗ ਸਬੰਧੀ ਕਿਸੇ ਵੀ ਸ਼ਿਕਾਇਤ ਦਾ ਨਿਰਧਾਰਿਤ ਵਿਧੀ ਅਨੁਸਾਰ ਫੌਰੀ ਨਿਪਟਾਰਾ ਕੀਤਾ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਯਕੀਨੀ ਬਣਾਇਆ ਜਾਵੇ।
ਸ੍ਰੀ ਢੋਕੇ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ, ਮਾਲੀਆ ਉਤਪਤੀ ਅਤੇ ਇਨਫੋਰਸਮੈਂਟ ਕਾਨੂੰਨਾਂ ਦੇ ਦਾਇਰੇ ਵਿੱਚ ਰਹਿ ਕੇ ਖਣਨ ਕਾਰਜ ਲਾਗੂ ਕਰਨਾ ਯਕੀਨੀ ਬਣਾਉਣਾ ਹੀ ਸਰਕਾਰ ਦਾ ਤਰਜੀਹੀ ਉਦੇਸ਼ ਹੈ। ਇਨ੍ਹਾਂ ਕਾਰਜਾਂ ਨੂੰ ਲਾਗੂ ਕਰਨ ਦੀ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ।