Share on Facebook Share on Twitter Share on Google+ Share on Pinterest Share on Linkedin ਵਾਤਾਵਰਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼: ਸਿਹਤ ਮੰਤਰੀ ਜੇ ਵਾਤਾਵਰਨ ਸ਼ੁੱਧ ਹੋਵੇਗਾ, ਤਾਂ ਬੀਮਾਰੀਆਂ ਖ਼ੁਦ-ਬਖ਼ੁਦ ਘਟਣਗੀਆਂ: ਡਾ. ਸਿੰਗਲਾ ਹਰ ਵਿਅਕਤੀ ਪਬਲਿਕ ਟਰਾਂਸਪੋਰਟ ਤੇ ਸਾਈਕਲ ਦੀ ਵੱਧ ਤੋਂ ਵੱਧ ਵਰਤੋਂ ਕਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ: ਵਾਤਾਵਰਨ ਵਿੱਚ ਆ ਰਹੇ ਵਿਗਾੜ ਕਾਰਨ ਦਿਨੋਂ ਦਿਨ ਬੀਮਾਰੀਆਂ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ਵਾਤਾਵਰਨ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਡਾ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿਨ ਪ੍ਰਤੀ ਦਿਨ ਲੋਕਾਂ ਵਿੱਚ ਬੀਮਾਰੀ ਦੇ ਵੱਧ ਰਹੇ ਪ੍ਰਭਾਵ ਦਾ ਵੱਡਾ ਕਾਰਨ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਹਨ, ਜਿਸ ਨਾਲ ਮਨੁੱਖੀ ਸਰੀਰ ਵਿੱਚ ਕਈ ਬੀਮਾਰੀਆਂ ਉਪਜ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਨੂੰ ਸ਼ੁੱਧ ਬਣਾਉਣ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਮੰਤਰੀ ਨੇ ਇਹ ਵੀ ਅਪੀਲ ਕੀਤੀ ਕਿ ਦਫ਼ਤਰੀ ਜਾਂ ਹੋਰ ਕੰਮਕਾਜੀ ਵਿਅਕਤੀ ਹਫ਼ਤੇ ਵਿੱਚ ਘੱਟੋ-ਘੱਟ ਇੱਕ ਦਿਨ ਸਾਈਕਲ ਜਾਂ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ। ਸਿਹਤ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਣਕ-ਝੋਨੇ ਦੇ ਫਸਲੀ ਚੱਕਰਵਿਊ ’ਚੋਂ ਬਾਹਰ ਨਿਕਲਣ ਦਾ ਯਤਨ ਕਰਨ ਕਿਉਂਕਿ ਮੌਜੂਦਾ ਸਮੇਂ ਵਿੱਚ ਝੋਨੇ ਦੀ ਖੇਤੀ ਕਾਰਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਡੂੰਘਾ ਹੁੰਦਾ ਜਾ ਰਿਹਾ ਹੈ, ਜਦਕਿ ਕਣਕ ਦੀ ਪੈਦਾਵਾਰ ਨੂੰ ਵਧਾਉਣ ਲਈ ਕੈਮੀਕਲ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਕਾਰਨ ਸੂਬੇ ਦੇ ਲੋਕ ਮੱਧ ਪ੍ਰਦੇਸ਼ ਤੋਂ ਮਹਿੰਗੀ ਕਣਕ ਮੰਗਾ ਕੇ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ’ਚੋਂ ਹੋ ਰਹੇ ਪ੍ਰਵਾਸ ਬਾਰੇ ਵੀ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਇਸ ਲਈ ਉਚੇਰੀ ਸਿੱਖਿਆ, ਵਧੀਆ ਰਹਿਣ ਸਹਿਣ ਅਤੇ ਸਾਫ਼ ਸੁਥਰਾ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਮੁਹੱਈਆ ਕਰਵਾਉਣ ਦੀ ਲੋੜ ਹੈ। ਸਿਹਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕਰਨ ਬਾਰੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਹਸਪਤਾਲਾਂ ਨੂੰ ਲੋੜ ਅਨੁਸਾਰ ਅਪਗਰੇਡ ਕਰਨ ਸਮੇਤ ਮੈਡੀਕਲ ਕਾਲਜਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈੱਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬਣਨ ਵਾਲਾ ਡਾ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਇਸ ਤਰ੍ਹਾਂ ਹੋਵੇਗਾ, ਜੋ ਪੀਜੀਆਈ ਨੂੰ ਟੱਕਰ ਦੇ ਸਕੇ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਵਾਸੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਹਿੱਤ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਸਿਹਤ ਨਿਗਮ ਦੇ ਐਮਡੀ ਭੁਪਿੰਦਰ ਸਿੰਘ, ਡਾਇਰੈਕਟਰ ਡਾ. ਜੀ.ਬੀ. ਸਿੰਘ, ਡਾ. ਅਵਨੀਸ਼ ਕੁਮਾਰ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ