Nabaz-e-punjab.com

ਵਾਤਾਵਰਨ ਦੀ ਸਵੱਛਤਾ: ਕੂੜੇ ਦੀ ਸੈਗਰੀਗੇਸ਼ਨ (ਗਿੱਲੇ-ਸੁੱਕੇ ਕੂੜੇ ਦੀ ਵੰਡ) ਨੂੰ ਯਕੀਨੀ ਬਣਾਇਆ ਜਾਵੇ: ਡੀਸੀ

ਸਾਰੇ ਵਾਰਡਾਂ ਵਿੱਚ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਚੁੱਕ ਕੇ ਜੈਵਿਕ ਖਾਦ ਬਣਾਈ ਜਾਵੇਗੀ: ਨਿਗਮ ਕਮਿਸ਼ਨਰ

ਨਿਰਧਾਰਿਤ ਥਾਵਾਂ ’ਤੇ ਹੀ ਸੁੱਟਿਆ ਜਾਵੇ ਨਿਰਮਾਣ ਸਮਗਰੀ ਦਾ ਮਲਬਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਵਾਤਾਵਰਨ ਦੀ ਸਵੱਛਤਾ ਅਤੇ ਪੂਰਨ ਸਾਫ਼-ਸਫ਼ਾਈ ਲਈ ਕੂੜੇ ਦੀ ਸੈਗਰੀਗੇਸ਼ਨ ਭਾਵ ਗਿੱਲੇ-ਸੁੱਕੇ ਕੂੜੇ ਦੀ ਵੰਡ ਨੂੰ ਯਕੀਨੀ ਬਣਾਇਆ ਜਾਵੇ ਅਤੇ ਆਮ ਲੋਕਾਂ ਨੂੰ ਆਪਣੇ ਘਰਾਂ ਦਾ ਕੂੜਾ ਵੱਖ-ਵੱਖ ਕੂੜੇਦਾਨਾਂ (ਹਰਾ ਤੇ ਨੀਲਾ) ਵਿੱਚ ਪਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਇਹ ਹਦਾਇਤਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਸੌਲਿਡ ਵੈਸਟ ਮੈਨੇਜਮੈਂਟ ਸਬੰਧੀ ਜਾਰੀ ਨਿਰਦੇਸ਼ਾਂ ਦੀ ਪਾਲਣਾ ਹਿੱਤ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸੱਦੀ ਮੀਟਿੰਗ ਵਿੱਚ ਪੁੱਜੇ ਅਧਿਕਾਰੀਆਂ ਨੂੰ ਦਿੱਤੀਆਂ। ਇਸ ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਐਸਪੀ (ਐਚ) ਗੁਰਸੇਵਕ ਸਿੰਘ ਬਰਾੜ ਅਤੇ ਪ੍ਰਾਜੈਕਟ ਡਾਇਰੈਕਟਰ ਡਾ. ਪੂਰਨ ਸਿੰਘ ਵੀ ਮੌਜੂਦ ਸਨ।
ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਸਾਰੇ ਸ਼ਹਿਰ ਵਿੱਚ ਗਿੱਲੇ-ਸੁੱਕੇ ਕੂੜੇ ਦੀ ਵੰਡ ਅਤੇ ਇਸ ਦੀ ਡੋਰ-ਟੂਰ ਡੋਰ ਕੁਲੈਕਸ਼ਨ ਯਕੀਨੀ ਬਣਾਈ ਜਾਵੇ। ਨਾਲ ਹੀ ਇਸ ਕੰਮ ਨੂੰ ਸ਼ਹਿਰ ਵਿੱਚ ਇਕ ਮੁਹਿੰਮ ਦੀ ਤਰ੍ਹਾਂ ਸੁਚਾਰੂ ਢੰਗ ਨਾਲ ਚਲਾਇਆ ਜਾਵੇ। ਜਿਸ ਦੀ ਸ਼ੁਰੂਆਤ ਉਨ੍ਹਾਂ ਦੇ ਆਪਣੇ ਦਫ਼ਤਰ, ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ, ਨਗਰ ਨਿਗਮ ਦੇ ਦਫ਼ਤਰ, ਸਾਰੇ ਐਸਡੀਐਮਜ਼ ਦੇ ਦਫ਼ਤਰਾਂ ਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿੱਚ ਕੂੜਾ ਪੈਦਾ ਕਰਨ ਵਾਲੇ ਹੋਟਲਾਂ, ਰੈਸਟੋਰੈਂਟਾਂ, ਸਕੂਲਾਂ, ਦਫ਼ਤਰਾਂ ਅਤੇ ਹੋਰ ਸੰਸਥਾਵਾਂ ਦੀ ਸ਼ਨਾਖ਼ਤ ਕੀਤੀ ਜਾਵੇ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਨਿਰਮਾਣ ਸਮਗਰੀ ਦਾ ਮਲਬਾ ਸੁੱਟਣ ਲਈ ਥਾਵਾਂ ਨਿਰਧਾਰਿਤ ਕੀਤੀਆਂ ਜਾਣ ਅਤੇ ਇਨ੍ਹਾਂ ਥਾਵਾਂ ’ਤੇ ਹੀ ਮਲਬਾ ਸੁੱਟਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਨਿਰਧਾਰਿਤ ਥਾਵਾਂ ਤੋਂ ਬਿਨਾਂ ਕਿਸੇ ਹੋਰ ਥਾਂ ਮਲਬਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੇ ਡੀਸੀ ਨੂੰ ਦੱਸਿਆ ਕਿ ਇਸ ਦਿਸ਼ਾ ਵਿੱਚ ਨਗਰ ਨਿਗਮ ਵੱਲੋਂ ਪਹਿਲਾਂ ਹੀ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇੱਥੋਂ ਫੇਜ਼-9 ਅਤੇ ਫੇਜ਼-10 ਵਿੱਚ ਪਾਇਲਟ ਪ੍ਰਾਜੈਕਟ ਵਜੋਂ ਘਰ ਘਰ ਜਾ ਕੇ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖੋ ਵੱਖਰਾ ਕਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਏਰੀਆ ਵਿੱਚ ਇਹ ਪ੍ਰਾਜੈਕਟ ਕਾਫੀ ਸਫਲਤਾ ਪੂਰਵਕ ਚਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਯੋਜਨਾ ਪੂਰੇ ਸ਼ਹਿਰ ਵਿੱਚ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਸਾਰੇ ਵਾਰਡਾਂ ਵਿੱਚ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਚੁੱਕ ਕੇ ਜੈਵਿਕ ਖਾਦ ਬਣਾਈ ਜਾਵੇਗੀ। ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਨੇ ਦੱਸਿਆ ਦੀ ਵੱਖ-ਵੱਖ ਕੂੜਾ ਨਾ ਕਰਕੇ ਦੇਣ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ ਅਤੇ ਸਬੰਧਤ ਵਿਅਕਤੀਆਂ ਨੂੰ ਜੁਰਮਾਨਾ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…