Share on Facebook Share on Twitter Share on Google+ Share on Pinterest Share on Linkedin ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਸਾੜਨ ਦੇ ਰੁਝਾਨ ਨੂੰ ਖ਼ਤਮ ਕੀਤਾ ਜਾਵੇ: ਅਨੀਰੱੁਧ ਤਿਵਾੜੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ’ਤੇ ਦਿੱਤੇ ਜਾਂਦੇ ਸੰਦਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨੋਟਿਸ ਭੇਜਣ ਦੀਆਂ ਹਦਾਇਤਾਂ ਦਿੱਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅਗਲੇ ਸਾਲ ਤੱਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕੀਤਾ ਜਾਵੇ ਤਾਂ ਜੋ ਸਮੁੱਚੇ ਜ਼ਿਲ੍ਹੇ ਵਿੱਚ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ। ਇਹ ਹਦਾਇਤਾਂ ਵਿੱਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਨੀਰੱੁਧ ਤਿਵਾੜੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤੇ ਗਏ ਅਗਾਊਂ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀਆਂ। ਸ੍ਰੀ ਤਿਵਾੜੀ ਨੇ ਜ਼ੋਰ ਦੇ ਕੇ ਆਖਿਆ ਕਿ ਪਰਾਲੀ ਸਾੜਨ ਦੇ ਮਾਮਲੇ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਡੀਆਂ ਰਿਆਇਤਾਂ ’ਤੇ ਆਧੁਨਿਕ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਮੋਨੀਟਰਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਮਗਰੋਂ ਰੋਟਾਵੇਟਰ, ਹੈਪੀ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਗੱਤਾ ਫੈਕਟਰੀ ਮਾਲਕਾਂ ਨਾਲ ਮਿਲ ਕੇ ਪਰਾਲੀ ਦੇ ਨਿਪਟਾਰੇ ਦਾ ਸੁਚੱਜਾ ਹੱਲ ਕੱਢਿਆ ਜਾਵੇ ਅਤੇ ਡੇਰਾਬੱਸੀ ਵਿੱਚ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਤੇ ਝੋਨੇ ਹੇਠਲਾ ਰਕਬਾ ਘਟਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ’ਚੋਂ ਨਿਕਲ ਕੇ ਫਸਲੀ ਵਿਭਿੰਨਤਾ ਅਪਣਾਉਣ ’ਛੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨ ਦੇ ਨਿਰਦੇਸ਼ ਦਿੱਤੇ ਜੋ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਪੜਤਾਲ ਕਰਵਾ ਕੇ ਬਣਦੇ ਜੁਰਮਾਨੇ ਕਰਨ ਅਤੇ ਇਸ ਮਾੜੇ ਰੁਝਾਨ ਵਿੱਚ ਸ਼ਾਮਲ ਕਿਸਾਨਾਂ ਦੇ ਨਾਂ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪ੍ਰਮੁੱਖ ਸਕੱਤਰ ਅਨੀਰੱੁਧ ਤਿਵਾੜੀ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ ਹੁਣ ਤੱਕ 7 ਚਲਾਨ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਾਲੀਆਂ 56 ਸਾਈਟਾਂ ਸਾਹਮਣੇ ਆਈਆਂ ਹਨ। ਜਿਸ ’ਤੇ ਸਬੰਧਤ ਕਿਸਾਨਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਡੀਸੀ ਨੇ ਦੱਸਿਆ ਕਿ ਜਿੱਥੇ ਰੈਲੀਆਂ ਅਤੇ ਹੋਰ ਸਮਾਗਮਾਂ ਰਾਹੀਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਲਿਖਤੀ ਇਕਰਾਰ ਲਿਆ ਗਿਆ ਹੈ ਕਿ ਉਹ ਆਪਣੀ ਮਾਲਕੀ ਵਾਲੀ ਜ਼ਮੀਨ ’ਤੇ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਤੋਂ ਵਰਜਣਗੇ। ਮੀਟਿੰਗ ਵਿੱਚ ਹਾਜ਼ਰ ਪੇਡਾ ਦੇ ਸੀਈਓ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਬਾਇਓਮਾਸ ਬ੍ਰਿਕਟਿੰਗ ਮਸ਼ੀਨਾਂ ਰਾਹੀਂ ਪਰਾਲੀ ਤੋਂ ਬ੍ਰਿਕਟਸ ਬਣਾਉਣ ਦਾ ਸੁਝਾਅ ਦਿੱਤਾ। ਮੀਟਿੰਗ ਉਪਰੰਤ ਪ੍ਰਮੁੱਖ ਸਕੱਤਰ ਅਨੀਰੱੁਧ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਸਨੇਟਾ ਸਥਿਤ ਬਹੁ ਮੰਤਵੀ ਸਹਿਕਾਰੀ ਸਭਾ ਦਾ ਦੌਰਾ ਕਰਕੇ ਕਿਸਾਨਾਂ ਨੂੰ ਕਿਰਾਏ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦਾ ਮੁਆਇਨਾ ਕੀਤਾ ਅਤੇ ਸਭਾ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ। ਮੀਟਿੰਗ ਵਿੱਚ ਏਡੀਸੀ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏਡੀਸੀ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਐਸਡੀਐਮ ਖਰੜ ਹਿਮਾਸ਼ੂ ਜੈਨ, ਐਸਡੀਐਮ ਡੇਰਾਬੱਸੀ ਸ੍ਰੀਮਤੀ ਪੂਜਾ ਗਰੇਵਾਲ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਮੇਅਰ ਗੁਰਿੰਦਰ ਸਿੰਘ ਬੈਨੀਪਾਲ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਅਵਤੇਸ਼ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ, ਡੀਐਸਪੀ ਜੇਪੀ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਐਚ.ਐਸ. ਪੰਨੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਨਿਰਮਲ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ