Share on Facebook Share on Twitter Share on Google+ Share on Pinterest Share on Linkedin ਈਐਸਆਈ ਹਸਪਤਾਲ ਮੁਹਾਲੀ ਖ਼ੁਦ ਬਿਮਾਰ, ਮਰੀਜ਼ ਖੱਜਲ-ਖੁਆਰ, ਮਾਮਲਾ ਕੇਂਦਰੀ ਮੰਤਰੀ ਕੋਲ ਪੁੱਜਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੂੰ ਦਿੱਤਾ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ: ਇੱਥੋਂ ਦੇ ਸਨਅਤੀ ਏਰੀਆ ਫੇਜ਼-7 ਸਥਿਤ ਜ਼ੋਨਲ ਈਐਸਆਈ ਹਸਪਤਾਲ ਵਿੱਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਕਾਰਨ ਫੈਕਟਰੀ ਕਾਮੇ ਅਤੇ ਹੋਰ ਮਜ਼ਦੂਰ ਕਾਫ਼ੀ ਤੰਗ ਪ੍ਰੇਸ਼ਾਨ ਹਨ। ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੇ ਈਐਸਆਈ ਹਸਪਤਾਲ ਦੇ ਵਿਕਾਸ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਭਾਜਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤੇ ਉੱਘੇ ਸਨਅਤਕਾਰ ਸੰਜੀਵ ਵਸ਼ਿਸ਼ਟ ਨੇ ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰੀ ਭੁਪੇਂਦਰ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਈਐਸਆਈ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਈ। ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੀ ਲੇਬਰ ਐਂਡ ਲਾਅ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਸਵੀਰ ਸਿੰਘ ਵੱਲੋਂ ਤਿਆਰ ਕੀਤੇ ਇਸ ਮੰਗ ਪੱਤਰ ਵਿੱਚ ਈਐਸਆਈ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਦਿੱਲੀ ਦੀ ਤਰਜ਼ ’ਤੇ ਕੇਂਦਰ ਸਰਕਾਰ ਨੂੰ ਈਐਸਆਈ ਹਸਪਤਾਲ ਨਿਗਰਾਨੀ ਖ਼ੁਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਈਐਸਆਈ ਹਸਪਤਾਲ ਦੇ ਰੱਖ-ਰਖਾਓ ਲਈ ਕੇਂਦਰ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਂਦੇ ਹਨ ਪ੍ਰੰਤੂ ਸੂਬਾ ਸਰਕਾਰ ਦੀ ਅਣਦੇਖੀ ਕਾਰਨ ਵਰਕਰਾਂ ਨੂੰ ਇਲਾਜ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਮੰਗ ਪੱਤਰ ਵਿੱਚ ਕਿਹਾ ਕਿ ਹਰ ਮਹੀਨੇ ਫੈਕਟਰੀ ਕਾਮਿਆਂ ਦੀ ਤਨਖ਼ਾਹ ’ਚੋਂ 4 ਫੀਸਦੀ ਈਐਸਆਈ ਫੰਡ ਕੱਟਿਆਂ ਜਾਂਦਾ ਹੈ ਤਾਂ ਜੋ ਲੋੜ ਪੈਣ ’ਤੇ ਮਜ਼ਦੂਰ ਨੂੰ ਡਾਕਟਰੀ ਸਹੂਲਤਾਂ ਮਿਲ ਸਕੇ ਪ੍ਰੰਤੂ ਇਸ ਦੇ ਬਾਵਜੂਦ ਮੁਹਾਲੀ ਜ਼ਿਲ੍ਹੇ ਦੇ ਕਰੀਬ 4 ਲੱਖ ਕਾਮਿਆਂ ਨੂੰ ਇਲਾਜ ਲਈ ਭਟਕਣਾ ਪੈ ਰਿਹਾ ਹੈ ਅਤੇ ਆਪਣਾ ਇਲਾਜ ਕਰਵਾਉਣ ਲਈ ਜੇਬ ਢਿੱਲੀ ਕਰਨੀ ਪੈ ਰਹੀ ਹੈ। ਉਨ੍ਹਾਂ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਇੱਥੇ ਕੈਸ਼ਲੈਸ ਇਲਾਜ ਦੇਣ ਦੀ ਥਾਂ ਡਾਕਟਰ ਮਜ਼ਦੂਰ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫ਼ਰ ਕਰ ਦਿੰਦੇ ਹਨ ਅਤੇ ਇਲਾਜ ਤੋਂ ਬਾਅਦ ਮੈਡੀਕਲ ਬਿੱਲ ਪਾਸ ਕਰਵਾਉਣ ਲਈ ਸਾਲਾਂਬੱਧੀ ਉਡੀਕ ਕਰਨੀ ਪੈਂਦੀ ਹੈ। ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਈਐਸਆਈ ਹਸਪਤਾਲ ਮੁਹਾਲੀ ਵਿੱਚ ਮਾਹਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਵੱਡੀ ਘਾਟ ਹੈ। ਇਸ ਤੋਂ ਇਲਾਵਾ ਹਸਪਤਾਲ ਵਿੱਚ ਨਾ ਤਾਂ ਅਲਟਰਾਸਾਊਂਡ ਮਸ਼ੀਨ ਹੈ ਅਤੇ ਨਾ ਹੀ ਮਰੀਜ਼ਾਂ ਦੀ ਸਹੂਲਤ ਐਂਬੂਲੈਂਸ ਦਾ ਕੋਈ ਪ੍ਰਬੰਧ ਹੈ। ਹਾਲਾਂਕਿ ਇੱਕ ਨਿੱਜੀ ਕੰਪਨੀ ਵੱਲੋਂ ਹਸਪਤਾਲ ਨੂੰ ਐਂਬੂਲੈਂਸ ਦਾਨ ਕੀਤੀ ਗਈ ਸੀ ਪਰ ਹਸਪਤਾਲ ਕੋਲ ਇਸ ਨੂੰ ਚਲਾਉਣ ਲਈ ਡਰਾਈਵਰ ਤੱਕ ਨਹੀਂ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ