ਭਰਤੀ ਬੋਰਡ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਗਰਜੇ ਈਟੀਟੀ ਸਫਲ ਉਮੀਦਵਾਰ, ਲੜੀਵਾਰ ਧਰਨਾ ਸ਼ੁਰੂ

ਈਟੀਟੀ 6635 ਭਰਤੀ ’ਚ ਸਲੈਕਟ ਹੋਏ ਸੈਂਕੜੇ ਉਮੀਦਵਾਰ ਡਿਊਟੀ ਜੁਆਇਨ ਕਰਨ ਲਈ ਖੱਜਲ-ਖੁਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਈਟੀਟੀ 6635 ਭਰਤੀ ਵਿੱਚ ਸਫਲ ਸੈਂਕੜੇ ਉਮੀਦਵਾਰ ਡਿਊਟੀ ਜੁਆਇਨ ਕਰਨ ਲਈ ਦੋ ਸਾਲ ਤੋਂ ਖੱਜਲ-ਖੁਆਰ ਹੋ ਰਹੇ ਹਨ। ਹੁਕਮਰਾਨਾਂ ਦੇ ਝੂਠੇ ਲਾਰਿਆਂ ਤੋਂ ਅੱਕੇ ਪੀੜਤ ਉਮੀਦਵਾਰ ਹੁਣ ਮੁਹਾਲੀ ਵਿੱਚ ਭਰਤੀ ਬੋਰਡ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠ ਗਏ ਹਨ। ਇਸ ਮੌਕੇ ਪਰਮਜੀਤ ਕੌਰ, ਜਗਜੀਤ ਸਿੰਘ, ਸਤੀਸ਼ ਕੁਮਾਰ ਅਤੇ ਹੋਰਨਾਂ ਪੀੜਤ ਉਮੀਦਵਾਰਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਨੂੰ ਡਿਊਟੀ ’ਤੇ ਜੁਆਇਨ ਨਹੀਂ ਕਰਵਾਉਂਦੀ ਉਦੋਂ ਤੱਕ ਸ਼ਾਂਤਮਈ ਧਰਨਾ ਜਾਰੀ ਰਹੇਗਾ।
ਪੀੜਤ ਉਮੀਦਵਾਰਾਂ ਨੇ ਕਿਹਾ ਕਿ 13 ਜੁਲਾਈ 2021 ਨੂੰ ਪੰਜਾਬ ਸਰਕਾਰ ਨੇ ਈਟੀਟੀ 6635 ਭਰਤੀ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਅਤੇ 16 ਅਕਤੂਬਰ ਨੂੰ ਪ੍ਰੀਖਿਆ ਲਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਭਰਤੀ ਵਿੱਚ ਸਲੈਕਟ ਉਮੀਦਵਾਰਾਂ ’ਚੋਂ ਕਾਫ਼ੀ ਉਮੀਦਵਾਰਾਂ ਲਿਸਟਾਂ ਜਾਰੀ ਕੀਤੀਆਂ ਗਈਆਂ ਹਨ ਪ੍ਰੰਤੂ ਬਾਕੀ ਰਹਿੰਦੇ ਉਮੀਦਵਾਰਾਂ ਦੀ ਸਕਰੂਟਨੀ ਕਰਵਾਉਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜਿਸ ਕਾਰਨ ਕਾਫ਼ੀ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਮਾਨਸਿਕ ਰੂਪ ਵਿੱਚ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਹੁਕਮਰਾਨ ਅਤੇ ਕੋਈ ਅਧਿਕਾਰੀ ਉਨ੍ਹਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ ਹੈ। ਪੀੜਤ ਉਮੀਦਵਾਰਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਸਬਰ ਦੀ ਪ੍ਰੀਖਿਆ ਨਾ ਲਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਮਸਲਾ ਹੱਲ ਨਹੀਂ ਕੀਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਆਪਣਾ ਸੰਘਰਸ਼ ਤੇਜ਼ ਕਰਨ ਅਤੇ ਗੁਪਤ ਐਕਸ਼ਨ ਕਰਨ ਤੋਂ ਗੁਰੇਜ਼ ਨਹੀਂ ਕਰਨਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਅਤੇ ਸਬੰਧਤ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Check Also

ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ ਮਨੁੱਖੀ ਸਿਹਤ ਲਈ ਵੀ ਲਾਹੇਵੰਦ: ਕਟਾਰੀਆ

ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ ਮਨੁੱਖੀ ਸਿਹਤ ਲਈ ਵੀ ਲਾਹੇਵੰਦ: ਕਟਾਰੀਆ ਵਿਸ਼ਵ ਸ਼ਹਿ…