ਈਟੀਟੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਤਿੰਨ ਘੰਟੇ ਚੱਕਾ ਜਾਮ, ਆਵਾਜਾਈ ਪ੍ਰਭਾਵਿਤ, ਰਾਹਗੀਰ ਪ੍ਰੇਸ਼ਾਨ

ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦਾ ਡੀਪੀਆਈ ਦਫ਼ਤਰ ਦੇ ਬਾਹਰ ਲੜੀਵਾਰ ਧਰਨਾ ਪੰਜਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ:
ਪਿਛਲੇ ਲੰਮੇ ਸਮੇਂ ਤੋਂ ਡਿਊਟੀ ’ਤੇ ਜੁਆਇਨਿੰਗ ਦੀ ਮੰਗ ਨੂੰ ਲੈ ਕੇ ਈਟੀਟੀ ਕਾਡਰ 5994 ਅਤੇ 2364 ਯੂਨੀਅਨ ਦਾ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਜਾਰੀ ਹੈ। ਡੀਪੀਆਈ ਦਫ਼ਤਰ ਦੇ ਬਾਹਰ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦਾ ਧਰਨਾ ਅੱਜ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਰੋਜ਼ਾਨਾ ਦੀ ਲਾਰੇਬਾਜ਼ੀ ਤੋਂ ਤੰਗ ਆ ਕੇ ਮੁਹਾਲੀ ਦੇ ਫੇਜ਼-7 ਸਥਿਤ ਟਰੈਫ਼ਿਕ ਲਾਈਟ ਚੌਕ ’ਤੇ ਤਿੰਨ ਘੰਟੇ ਤੱਕ ਸੜਕ ਜਾਮ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਈਟੀਟੀ ਕਾਡਰ ਯੂਨੀਅਨਾਂ ਦੇ ਆਗੂਆਂ ਪਰਮਪਾਲ ਫਾਜ਼ਿਲਕਾ, ਹਰਜੀਤ ਬੁਢਲਾਡਾ, ਬੰਟੀ ਕੰਬੋਜ, ਗੁਰਸੰਗਤ ਬੁਢਲਾਡਾ, ਬੱਗਾ ਖੁਡਾਲ, ਬਲਿਹਾਰ ਸਿੰਘ, ਮਨਪ੍ਰੀਤ ਮਾਨਸਾ, ਰਮੇਸ਼ ਅਬੋਹਰ, ਆਦਰਸ਼ ਅਬੋਹਰ ਅਤੇ ਹਰੀਸ਼ ਕੰਬੋਜ ਨੇ ਕਿਹਾ ਕਿ ਸਿੱਖਿਆ ਮੰਤਰੀ ਮੀਟਿੰਗ ਰੋਜ਼ਾਨਾ ਮੀਟਿੰਗ ਤੋਂ ਭੱਜ ਰਹੇ ਹਨ। ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਵੀ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਸਾੜ ਕੇ ਸੜਕ ਜਾਮ ਕੀਤੀ ਸੀ, ਪ੍ਰੰਤੂ ਮੁਹਾਲੀ ਪ੍ਰਸ਼ਾਸਨ ਨੇ ਸਿੱਖਿਆ ਮੰਤਰੀ ਨਾਲ ਅੱਜ ਸ਼ੁੱਕਰਵਾਰ ਦੀ ਮੀਟਿੰਗ ਤੈਅ ਕਰਵਾ ਕੇ ਜਾਮ ਖੁਲ੍ਹਵਾਇਆ ਸੀ ਪ੍ਰੰਤੂ ਅੱਜ ਸਿੱਖਿਆ ਮੰਤਰੀ ਨੇ ਕੋਈ ਮੀਟਿੰਗ ਨਹੀਂ ਕੀਤੀ। ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਫਿਰ ਚੱਕਾ ਜਾਮ ਕਰਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਅਤੇ ਉੱਚ ਅਧਿਕਾਰੀਆਂ ਰੋਜ਼ਾਨਾ ਕੋਈ ਨਾ ਕੋਈ ਬਹਾਨਾ ਬਣਾ ਕੇ ਮੀਟਿੰਗ ਟਾਲ ਦਿੰਦੇ ਹਨ। ਉਨ੍ਹਾਂ ਸਪੱਸ਼ਟ ਆਖਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਸਕੂਲਾਂ ਵਿੱਚ ਜੁਆਇਨ ਨਹੀਂ ਕਰਵਾਇਆ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਆਉਂਦੇ ਦਿਨਾਂ ਵਿੱਚ ਰੋਜ਼ਾਨਾ ਗੁਪਤ ਅਤੇ ਤਿੱਖੇ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…