ਪੈਟਰੋਲ ਦੀਆਂ ਬੋਤਲਾਂ ਲੈ ਕੇ ਡੀਪੀਆਈ ਦਫ਼ਤਰ ਦੀ ਛੱਤ ਚੜ੍ਹੇ ਈਟੀਟੀ ਬੇਰੁਜ਼ਗਾਰ ਅਧਿਆਪਕ

ਨਿਯੁਕਤੀ ਪੱਤਰ ਮਿਲਣ ਤੱਕ ਲੜੀਵਾਰ ਸੰਘਰਸ਼ ਜਾਰੀ ਰੱਖਣ ਦਾ ਐਲਾਨ, ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਪੱਲੇ ਨਹੀਂ ਪਿਆ

ਨਬਜ਼-ਏ-ਪੰਜਾਬ, ਮੁਹਾਲੀ, 28 ਅਗਸਤ:
ਈਟੀਟੀ 2364 ਬੇਰੁਜ਼ਗਾਰ ਅਧਿਆਪਕਾਂ ਦਾ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨਾ ਜਾਰੀ ਹੈ। ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਬੀਤੀ 20 ਅਗਸਤ ਨੂੰ ਧਰਨੇ ’ਤੇ ਬੈਠੇ ਹਨ ਲੇਕਿਨ ਉਨ੍ਹਾਂ ਦੀ ਗੱਲ ਸੁਣਨ ਲਈ ਕੋਈ ਤਿਆਰ ਨਹੀਂ ਹੈ। ਰੋਸ ਵਜੋਂ ਅੱਜ ਦੋ ਈਟੀਟੀ ਅਧਿਆਪਕ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਪੁਲੀਸ ਨੂੰ ਝਕਾਨੀ ਦੇ ਕੇ ਅਤੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਬੋਰਡ ਦੀ ਛੱਤ ’ਤੇ ਚੜ੍ਹ ਗਏ। ਅੱਜ ਮੁਹਾਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਕਾਰਨ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ। ਬੇਰੁਜ਼ਗਾਰ ਨੌਜਵਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਵਾਅਦਾਖ਼ਿਲਾਫ਼ੀ ਦੇ ਨਾਅਰੇ ਲਗਾਉਂਦੇ ਹੋਏ ਆਤਮਦਾਹ ਕਰਨ ਦੀ ਚਿਤਾਵਨੀ ਦਿੱਤੀ। ਧਰਨੇ ਦੇ ਪਹਿਲੇ ਦਿਨ ਪ੍ਰਦਰਸ਼ਨਕਾਰੀਆਂ ਨੇ ਡੀਪੀਆਈ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਜੜ੍ਹ ਕੇ ਰੋਸ ਮੁਜ਼ਾਹਰਾ ਕੀਤਾ ਸੀ। ਇਸ ਤੋਂ ਬਾਅਦ ਉਹ ਇੱਥੇ ਪੱਕਾ ਮੋਰਚਾ ਲਗਾ ਕੇ ਬੈਠ ਗਏ।
ਹਾਲਾਂਕਿ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਈਟੀਟੀ ਅਧਿਆਪਕਾਂ ਨੂੰ ਹੇਠਾਂ ਆਉਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਉਹ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ। ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਦੀ ਹਾਈਡਰੋਲਿਕ ਮਸ਼ੀਨ ਵੀ ਮੌਕੇ ’ਤੇ ਮੰਗਵਾ ਲਈ ਗਈ ਸੀ ਤਾਂ ਜੋ ਉਨ੍ਹਾਂ ਨੂੰ ਹੇਠਾਂ ਉਤਾਰਿਆ ਜਾ ਸਕੇ ਪ੍ਰੰਤੂ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਧਰਨਾ ਪ੍ਰਦਰਸ਼ਨ ਜਾਰੀ ਸੀ ਅਤੇ ਦੋਵੇਂ ਨੌਜਵਾਨ ਆਤਮਦਾਹ ਕਰਨ ਲਈ ਪੈਟਰੋਲ ਦੀਆਂ ਬੋਤਲਾਂ ਲੈ ਕੇ ਛੱਤ ’ਤੇ ਚੜ੍ਹੇ ਹੋਏ ਸਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕਰਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ ਅਤੇ ਉਹ ਆਤਮਦਾਹ ਤੋਂ ਗੁਰੇਜ਼ ਨਹੀਂ ਕਰਨਗੇ। ਕਿਉਂਕਿ ਹੁਣ ਤੱਕ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਵੀ ਉਨ੍ਹਾਂ ਦੇ ਪੱਲੇ ਨਹੀਂ ਪਿਆ ਹੈ। ਹੁਣ ਤੱਕ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਮਾਰਚ 2020 ਵਿੱਚ 2364 ਈਟੀਟੀ ਅਧਿਆਪਕਾਂ ਦੀ ਭਰਤੀ ਆਈ ਸੀ ਪ੍ਰੰਤੂ ਮਾਮਲਾ ਅਦਾਲਤ ਵਿੱਚ ਜਾਣ ਕਾਰਨ ਭਰਤੀ ਪ੍ਰਕਿਰਿਆ ਕਾਫ਼ੀ ਸਮੇਂ ਤੋਂ ਅੱਧ ਵਿਚਾਲੇ ਲਮਕ ਰਹੀ ਸੀ ਪਰ ਹੁਣ ਪਿਛਲੇ ਦੋ ਮਹੀਨਿਆਂ ਤੋਂ ਭਰਤੀ ਪ੍ਰਕਿਰਿਆ ’ਤੇ ਕਿਸੇ ਤਰ੍ਹਾਂ ਦੀ ਕੋਈ ਸਟੇਅ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 20-25 ਦਿਨਾਂ ਤੋਂ ਮੈਰਿਟ ਵਿੱਚ ਆਉਣ ਵਾਲੇ ਸਾਥੀਆਂ ਦੀ ਚੋਣ ਲਿਸਟ ਜਾਰੀ ਕਰ ਦਿੱਤੀ ਸੀ ਪਰ ਪੰਜਾਬ ਸਰਕਾਰ ਦੀ ਅਣਦੇਖੀ ਦੇ ਚੱਲਦਿਆਂ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…