nabaz-e-punjab.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਕੰਮਾਂ ਦਾ ਮੁਲਾਂਕਣ

ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਹਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੋਈ ਤਿਮਾਹੀ ਮੀਟਿੰਗ ਵਿੱਚ ਅਥਾਰਟੀ ਦੇ ਕੰਮਾਂ ਦਾ ਮੁਲਾਂਕਣ ਅਤੇ ਕੌਮੀ ਲੋਕ ਅਦਾਲਤ ਬਾਰੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਅਵਤਾਰ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਬਲਜਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਵਿਨੀਤ ਕੁਮਾਰ ਨਾਰੰਗ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ, ਡੀਪੀਆਰਓ ਪ੍ਰੀਤਕੰਵਲ ਸਿੰਘ, ਡੀਐਸਪੀ ਗੁਰਵਿੰਦਰ ਸਿੰਘ, ਜ਼ਿਲ੍ਹਾ ਬਾਰ ਅੇਸੋਸੀਏਸ਼ਨ ਦੇ ਪ੍ਰਧਾਨ ਸਨੇਹਪ੍ਰੀਤ ਸਿੰਘ, ਅਥਾਰਟੀ ਦੇ ਮੈਂਬਰ ਅਜੈਬ ਸਿੰਘ, ਐਸ.ਕੇ. ਸਿਨਹਾ ਨੇ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਪਿਛਲੀ ਤਿਮਾਹੀ ਦੌਰਾਨ 249 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਜੁਡੀਸ਼ਲ ਅਧਿਕਾਰੀਆਂ ਵੱਲੋਂ 110 ਕੇਸ ਮੀਡੀਏਸ਼ਨ ਸੈਂਟਰ ਨੂੰ ਭੇਜੇ ਗਏ ਤਾਂ ਜੋ ਪਾਰਟੀਆਂ ਨੂੰ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਬੇੜਾ ਕਰਨ ਦਾ ਮੌਕਾ ਦਿੱਤਾ ਜਾ ਸਕੇ। ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਵੱਖ-ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 13 ਅਗਸਤ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਜਿਸ ਵਿੱਚ ਲੈਂਡ ਐਕੁਈਜ਼ੀਸ਼ਨ, ਸ਼ਿਕਾਇਤਾਂ/ਸਥਾਈ ਲੋਕ ਅਦਾਲਤ ਵਿੱਚ ਦਾਇਰ ਪਟੀਸ਼ਨ, ਐਮ.ਏ.ਸੀ.ਟੀ ਕਲੇਮ ਪਟੀਸ਼ਨ ਅਤੇ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਕਿਰਤੀ ਝਗੜੇ, ਟਰੈਫ਼ਿਕ ਚਲਾਨ, ਕੰਪਾਊਡੇਬਲ ਓਫੈਨਸਿਜ, ਬਿਜਲੀ ਐਕਟ ਤਹਿਤ ਦਰਜ ਪੁਲੀਸ ਕੇਸਾਂ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਹੋਰ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…