
‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’: ਮੁਹਾਲੀ ਜ਼ਿਲ੍ਹੇ ’ਚ 504 ਡੇਂਗੂ ਤੋਂ ਪੀੜਤ, 20 ਹੋਰ ਨਵੇਂ ਮਰੀਜ਼ ਆਏ
ਡੇਂਗੂ ਵਿਰੁੱਧ ਜੰਗ ’ਚ ਮਾਪੇ ਯੋਗਦਾਨ ਪਾਉਣ, 7269 ਕੰਟੇਨਰਾਂ ਦੀ ਜਾਂਚ, 57 ’ਚੋਂ ਮਿਲਿਆ ਲਾਰਵਾ
ਸਿਹਤ ਵਿਭਾਗ ਦੇ ਡਾਇਰੈਕਟਰ ਨੇ ਬਲੌਂਗੀ ਵਿੱਚ ਕੀਤਾ ਮੈਗਾ ਡਰਾਈਵ ਦਾ ਨਿਰੀਖਣ
ਨਬਜ਼-ਏ-ਪੰਜਾਬ, ਮੁਹਾਲੀ, 11 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਦਾ ਪ੍ਰਕੋਪ ਜਾਰੀ ਹੈ। ਅੱਜ 20 ਨਵੇਂ ਮਰੀਜ਼ ਆਏ ਹਨ ਅਤੇ ਹੁਣ ਤੱਕ ਡੇਂਗੂ ਪੀੜਤਾਂ ਦੀ ਗਿਣਤੀ ਵਧ ਕੇ 504 ਹੋ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ 2139 ਘਰਾਂ ਦਾ ਸਰਵੇ ਕੀਤਾ ਗਿਆ ਅਤੇ 7269 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 57 ਕੰਟੇਨਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਸਪੈਸ਼ਲ ਵਾਰਡ ਬਣਾਇਆ ਗਿਆ ਹੈ ਅਤੇ ਡੇਂਗੂ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਉਧਰ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਅੱਜ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੈਗਾ ਡਰਾਈਵ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਤੇ ਕਲੋਨੀਆਂ ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਬਲੌਂਗੀ ਸਕੂਲ ਵਿੱਚ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਅਤੇ ਡੇਂਗੂ ਵਿਰੁੱਧ ਲੜਾਈ ਵਿੱਚ ਮਾਪਿਆਂ ਨੂੰ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਮੈਗਾ ਡਰਾਈਵ ਚਲਾਈ ਗਈ ਹੈ। ਜਿਸ ਤਹਿਤ ਡੇਂਗੂ ਤੋਂ ਪ੍ਰਭਾਵਿਤ ਹੋਣ ਦੀ ਆਸ਼ੰਕਾ ਵਾਲੇ ਮੁਹਾਲੀ ਜ਼ਿਲ੍ਹੇ ਸਮੇਤ ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ ਸਿਹਤ ਵਿਭਾਗ ਦੀਆਂ 11 ਟੀਮਾਂ ਨੇ ਜਾਗਰੂਕਤਾ ਗਤੀਵਿਧੀਆਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਡੇਂਗੂ ਮਰੀਜ਼ਾਂ ਦੀ ਦੇਖਭਾਲ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਪ੍ਰੰਤੂ ਇਸ ਤੋਂ ਬਚਾਅ ਹੀ ਸਭ ਤੋਂ ਵਧੀਆ ਇਲਾਜ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਸੁਰਿੰਦਰਪਾਲ ਕੌਰ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਸਟੇਟ ਐਂਟੋਮੋਲੋਜਿਸਟ ਨਜਾਤਇੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਡਾ. ਅਨਿਲ ਵਸ਼ਿਸ਼ਟ, ਸੀਨੀਅਰ ਆਰਟਿਸਟ ਅਵਤਾਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਹਰਚਰਨ ਸਿੰਘ ਬਰਾੜ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਕਮਿਊਨਿਟੀ ਹੈਲਥ ਅਫ਼ਸਰ ਰੀਨਾ, ਮਲਟੀਪਰਪਜ਼ ਸਿਹਤ ਵਰਕਰ ਜਗਤਾਰ ਸਿੰਘ, ਆਸ਼ਾ ਵਰਕਰ ਮੌਜੂਦ ਸਨ।