
ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ: ਬੀਬੀ ਗਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਦੇ ਮੀਤ ਪ੍ਰਧਾਨ ਲਖਵਿੰਦਰ ਕੌਰ ਗਰਚਾ ਨੇ ਕਿਹਾ ਹੈ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਦੁਖੀ ਹੈ। ਪੰਜਾਬ ਦੀ ਸੱਤਾ ਤੇ ਕਾਬਿਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਨਾ ਮੁਕਤ ਕਰਨ ਦਾ ਵਾਅਦਾ ਕਰਕੇ ਪੰਜਾਬ ਵਿੱਚ ਸੱਤਾ ਵਿੱਚ ਆਈ ਇਸ ਸਰਕਾਰ ਨੇ ਪੰਜਾਬ ਨੂੰ ਧਰਨਿਆਂ ਵਾਲਾ ਪ੍ਰਦੇਸ਼ ਬਣਾ ਕੇ ਰੱਖ ਦਿੱਤਾ ਹੈ ਜਿੱਥੇ ਹਰ ਪਾਸੇ ਧਰਨੇ ਅਤੇ ਰੋਸ ਪ੍ਰਦਰਸ਼ਨ ਹੁੰਦੇ ਦਿਖਾਈ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਆਪ ਆਗੂ ਜਿਹੜੇ ਪੰਜਾਬ ਵਿੱਚ ਪਿਛਲੀ ਸਰਕਾਰ ਦੌਰਾਨ ਧਰਨਿਆਂ-ਪ੍ਰਦਰਸ਼ਨਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਦੇ ਸਨ ਅਤੇ ਇਹ ਕਰਮਚਾਰੀਆਂ ਤੇ ਕਿਸਾਨ ਵਰਗ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੰਦੇ ਸਨ, ਅੱਜ ਉਹੀ ਆਗੂ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਬਣੇ ਹੋਏ ਹਨ ਤੇ ਇਨ੍ਹਾਂ ਧਰਨੇ ਅਤੇ ਰੋਸ ਪ੍ਰਦਰਸ਼ਨਾਂ ਦੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ ਤੇ ਕਿਸਾਨਾਂ ਦੇ ਖ਼ਿਲਾਫ਼ ਪਰਚੇ ਕਰਨ ਤੇ ਲੱਗੇ ਹੋਏ ਹਨ।
ਬੀਬੀ ਗਰਚਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹਰ ਫਰੰਟ ਤੇ ਫੇਲ ਸਾਬਤ ਹੋ ਰਹੀ ਹੈ ਤੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋੱ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਅੱਠ ਮਹੀਨਿਆਂ ਦੀ ਇਸ ਆਮ ਆਦਮੀ ਪਾਰਟੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਬੁਰੀ ਤਰਾਂ ਤ੍ਰਸਤ ਹੋ ਚੁਕਿਆ ਹੈ। ਉਨ੍ਹਾਂ ਕਿਹਾ ਕੇ ਰਿਉੜੀਆਂ ਵੰਡਣ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸਰਫ ਆਪਣੇ ਆਗੂਆਂ ਨੂੰ ਹੀ ਅਹੁਦਿਆਂ ਅਤੇ ਇਨਾਮਾਂ ਦੀਆਂ ਰਿਊੜੀਆਂ ਵੰਡ ਰਹੀ ਹੈ ਤੇ ਆਮ ਲੋਕਾਂ ਦਾ ਜਿਊਣਾ ਇਸ ਸਰਕਾਰ ਨੇ ਦੁੱਭਰ ਕਰਕੇ ਰੱਖ ਦਿੱਤਾ ਹੈ। ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਹਰ ਰੋਜ਼ ਕਤਲ, ਲੁੱਟ-ਖੋਹ, ਚੋਰੀਆਂ ਆਦਿ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਹਰਕਤਾਂ ਤੋੱ ਬਾਜ ਆਵੇ ਨਹੀਂ ਤਾਂ ਪੰਜਾਬ ਦੇ ਲੋਕ ਪਹਿਲਾਂ ਹੀ ਇਸ ਪਾਰਟੀ ਨੂੰ ਪੰਜਾਬ ਤੋੱ ਬਾਹਰ ਭੇਜਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਇਹਨਾਂ ਨਾਦਰਸ਼ਾਹੀ ਕਾਰਵਾਈਆਂ ਦਾ ਜਵਾਬ ਪੰਜਾਬ ਦੇ ਲੋਕ ਆਉੱਦੀਆਂ ਨਗਰ ਨਿਗਮ ਚੋਣਾਂ ਵਿੱਚ ਦੇਣਗੇ।