Share on Facebook Share on Twitter Share on Google+ Share on Pinterest Share on Linkedin ਸਮਾਜ ਦੇ ਹਰ ਵਰਗ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ: ਡੀਸੀ ਬੇਟੀ ਬਚਾਓ ਬੇਟੀ ਪੜ੍ਹਾਓ: ਨਾਈਪਰ ਵਿੱਚ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ, 25 ਵਿਦਿਆਰਥੀਆਂ ਨੂੰ ਬੈਗ-ਕਿੱਟਾਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਸਮਾਜ ਦੇ ਹਰ ਵਰਗ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ ਹੈ ਅਤੇ ਮਾਪਿਆਂ ਨੂੰ ਆਪਣੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਵਿਸ਼ੇਸ ਤਵੱਜੋਂ ਦੇਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਨਾਈਪਰ ਦੇ ਆਡੀਟੋਰੀਅਮ ਵਿਖੇ ‘ਬੇਟੀ ਬਚਾਓ,ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁੱਝ ਵਿਭਾਗਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਜਿਸ ਤਹਿਤ ਆਮ ਲੋਕਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਇਸ ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਇਆ ਜਾ ਸਕੇ। ਸ੍ਰੀਮਤੀ ਸਪਰਾ ਨੇ ਕਿਹਾ ਕਿ ਬੀਤੇ ਦਿਨੀਂ ਭਾਰਤ ਦੇ ਰਾਸ਼ਟਰਪਤੀ ਵੱਲੋਂ ਪੰਜਾਬ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕਰਨਾ ਪੰਜਾਬ ਦੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੁਣ ਅੌਰਤਾਂ ਮਰਦਾਂ ਨਾਲੋਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ। ਉਨ੍ਹਾਂ ਦੱਸਿਆ ਕਿ ਆਸਟੇ੍ਰਲੀਆ ਵਿਚ ਚਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਭਾਰਤ ਦੀ ਵੇਟਲਿਫਟਰ ਸਾਈਖੁਮ ਮੀਰਾ ਬਾਈ ਚਾਨੂੰ ਨੇ ਅੌਰਤਾਂ ਦੇ ਵੇਟਲਿਫਟਿੰਗ ਮੁਕਾਬਿਲਆਂ ਵਿਚ ਭਾਰਤ ਲਈ ਪਹਿਲਾਂ ਸੋਨ ਤਮਗਾ ਜਿੱਤ ਕੇ ਆਪਣੇ ਦੇਸ਼ ਦਾ ਨਾਂਅ ਦੁਨੀਆ ਭਰ ਵਿਚ ਰੋਸ਼ਨ ਕੀਤਾ ਹੈ। ਸ੍ਰੀਮਤੀ ਸਪਰਾ ਨੇ ਇਸ ਮੌਕੇ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਲਈ ਸੈਨੇਟਰੀ ਪੈਡ ਬੈਂਕ ਲਾਂਚ ਕੀਤਾ ਗਿਆ ਸੀ। ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਬਸਿਡੀ ’ਤੇ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਸ ਮੌਕੇ ਪੈਡ ਮੁਹੱਈਆ ਕਰਾਉਣ ਦੀ ਰਸਮੀ ਸੁਰੂਆਤ ਵੀ ਕੀਤੀ। ਸ੍ਰੀਮਤੀ ਸਪਰਾ ਨੇ ਹੋਰ ਕਿਹਾ ਕਿ ਜ਼ਿਲ੍ਹੇ ’ਚ ਪ੍ਰੀ ਪ੍ਰਾਇਮਰੀ ਵਿੰਗ ’ਚ ਪੜ੍ਹਦੀਆਂ 2600 ਦੇ ਕਰੀਬ ਲੜਕੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੀਡਿੰਗ ਰੂਮ ਖੋਲਿਆ ਗਿਆ ਹੈ, ਜਿਸ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਉਹ ਭਵਿੱਖ ਵਿਚ ਹੋਣ ਵਾਲੇ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਵੀ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅੱਠਵੀਂ ਤੋਂ ਦਸਵੀਂ ਜਮਾਤ ਦੀਆਂ 25 ਵਿਦਿਆਰਥਣਾਂ ਨੂੰ ਬੈਗ ਕਿੱਟਾਂ, ਜਿਸ ਵਿਚ ਕਿਤਾਬਾਂ, ਕਾਪੀਆਂ ਅਤੇ ਹੋਰ ਸਟੇਸ਼ਨਰੀ ਵੀ ਸ਼ਾਮਿਲ ਸੀ, ਮੁਫਤ ਵੰਡੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇੰਨ੍ਹਾਂ ਵਿਦਿਆਰਥਣਾਂ ਵਿਚੋਂ ਘੱਟੋ-ਘੱਟ 24 ਵਿਦਿਆਰਥਣਾਂ ਉਚੇਰੀ ਵਿੱਦਿਆ ਹਾਸਿਲ ਕਰਕੇ ਉੱਚ ਆਹੁਦਿਆਂ ’ਤੇ ਪਹੁੰਚ ਕੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕਰਨਗੀਆਂ। ਉਨ੍ਹਾਂ ਵਿਦਿਆਰਥਣਾਂ ਨੂੰ ਤਨਦੇਹੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਵੀ ਕੀਤਾ। ਡੀਸੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਸਰਕਾਰੀ ਸਮਾਗਮਾਂ, ਸਕੂਲਾਂ ਆਦਿ ਵਿਚ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਵਿਚ ਅੌਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਜਾਂ ਕਿਸੇ ਕਿਸਮ ਦੇ ਲੱਚਰ ਗੀਤ ਪੇਸ਼ ਨਹੀਂ ਕੀਤੇ ਜਾਇਆ ਕਰਨਗੇ ਅਤੇ ਇਨ੍ਹਾਂ ’ਤੇ ਹੁਣ ਪਾਬੰਦੀ ਹੋਵੇਗੀ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਰੀਟਾ ਭਾਰਦਵਾਜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਕਰਵਾਏ ਗਏ ਪ੍ਰੋਗਰਾਮ ਦਾ ਮੁੱਖ ਮੰਤਵ ਮਾਪਿਆਂ ਨੂੰ ਆਪਣੀਆਂ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਅਤੇ ਲੜਕੀਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਤਵੱਜੋਂ ਦਿਵਾਉਣਾ ਹੈ। ਉਨ੍ਹਾਂ ਹੋਰ ਕਿਹਾ ਕਿ ਮਾਪਿਆਂ ਵੱਲੋਂ ਉਚੇਰੀ ਵਿੱਦਿਆ ਦਿਵਾਉਣ ਕਰ ਕੇ ਹੀ ਅੱਜ ਜ਼ਿਲ੍ਹੇ ਵਿੱਚ ਕਈ ਉਚ ਅਹੁਦਿਆਂ ’ਤੇ ਅੌਰਤਾਂ ਕੰਮ ਕਰ ਰਹੀਆਂ ਹਨ। ਇਸ ਮੌਕੇ ਸਰਕਾਰੀ ਕਾਲਜ ਆਫ਼ ਨਰਸਿੰਗ ਘੜੂੰਆਂ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ, ਸਕਿੱਟ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਐਸ.ਡੀ.ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਰਨਜੀਤ ਸਿੰਘ, ਜ਼ਿਲ੍ਹਾ ਬਾਲ ਭਲਾਈ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਊਸ਼ਾ ਸਿੰਗਲਾ, ਡਾ. ਵਨੀਤ ਨਾਗਪਾਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ