ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਸਾਂਝਾ ਹੰਭਲਾ ਮਾਰਨ ਦੀ ਲੋੜ: ਮੀਤ ਹੇਅਰ

ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਨ ਵਿਸ਼ੇ ’ਤੇ ਕਰਵਾਏ ਸੈਮੀਨਾਰ ਵਿੱਚ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ:
ਪੰਜਾਬ ਦੇ ਵਿਗਿਆਨ, ਟੈਕਨਾਲੋਜੀ, ਵਾਤਾਵਰਨ ਅਤੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਨ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਦਿਨ ਪ੍ਰਤੀ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦਾ ਇਹ ਸਹੀ ਸਮਾਂ ਹੈ। ਅੱਜ ਇੱਥੇ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਨ ਪ੍ਰੇਮੀ ਗੁਰਮੇਲ ਸਿੰਘ ਮੌਜੇਵਾਲ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਵਾਤਾਵਰਨ ਵਿਸ਼ੇ ’ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ‘‘ਅਸੀਂ ਆਪਣੇ ਕੁਦਰਤੀ ਸੋਮਿਆਂ ਦਾ ਵੱਡੇ ਪੱਧਰ ਤੇ ਸ਼ੋਸ਼ਣ ਕਰ ਰਹੇ ਹਾਂ।’’
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਸਮੇਤ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ, ਹਰਦੇਵ ਸਿੰਘ ਕਲੇਰ, ਹਰਿੰਦਰਪਾਲ ਸਿੰਘ ਹੈਰੀ, ਡਾ. ਧਰਮਪਾਲ ਹੁਸ਼ਿਆਰਪੁਰੀ ਅਤੇ ਅਮਰਜੀਤ ਕੌਰ ਨੇ ਸਿੱਖਿਆ ਭਵਨ ਦੇ ਵਿਹੜੇ ਵਿੱਚ ਇੱਕ-ਇੱਕ ਬੂਟਾ ਵੀ ਲਗਾਇਆ।
ਪੰਜਾਬ ਦੇ ਵਿਗੜ ਰਹੇ ਵਾਤਾਵਰਨ ਪ੍ਰਤੀ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦੀ ਚਿੰਤਾ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਅੱਜ ਸਾਡੇ ਸਾਹਮਣੇ ਬਹੁਤ ਸਾਰੀਆਂ ਚੁਨੌਤੀਆਂ ਖੜੀਆਂ ਹਨ। ਗਰੀਨ ਕਵਰ ਤੇਜ਼ੀ ਨਾਲ ਘਟਦਾ ਜਾ ਰਿਹਾ ਹੈ, ਪਾਣੀ ਦਾ ਪੱਧਰ ਦਿਨੋ-ਦਿਨ ਘਟਦਾ ਜਾ ਰਿਹਾ ਹੈ, ਸਿੰਗਲ ਯੂਜ਼ ਪਲਾਸਟਿਕ ਦਾ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।
ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਦੀ ਜਿਊਂਦੀ ਜਾਗਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ ਨਹਿਰੀ ਪਾਣੀ ਦੀ 100 ਫੀਸਦੀ ਸਿੰਚਾਈ ਲਈ ਵਰਤੋਂ ਨਹੀਂ ਕਰ ਸਕੇ, ਜਿਸ ਕਾਰਨ 78 ਫੀਸਦੀ ਬਲਾਕ ਡਾਰਕ ਜ਼ੋਨ ਵਿੱਚ ਹਨ। ਪਹਿਲਾਂ ਕਿਸੇ ਨੇ ਵੀ ਸਿੰਚਾਈ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਵੱਲ ਧਿਆਨ ਨਹੀਂ ਦਿੱਤਾ ਪ੍ਰੰਤੂ ਆਪ ਸਰਕਾਰ ਨੇ ਪਹਿਲਕਦਮੀ ਕਰਦਿਆਂ ਪੰਜਾਬ ਦੇ ਕੋਨੇ-ਕੋਨੇ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਦੀ 24 ਫੀਸਦੀ ਬੱਚਤ ਕਰਨ ਦਾ ਦਾਅਵਾ ਵੀ ਕੀਤਾ।
ਗੁਆਂਢੀ ਰਾਜਾਂ ਨੂੰ ਪਾਣੀ ਦੀ ਇੱਕ ਵੀ ਬੂੰਦ ਨਾ ਦੇਣ ਦੇ ਵਿਰੋਧ ਦੇ ਬਿਆਨਾਂ ’ਤੇ ਵਿਅੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਦੀ ਸਿੰਚਾਈ ਲਈ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਬਾਰੇ ਸੁਹਿਰਦਤਾ ਨਾਲ ਨਹੀਂ ਸੋਚਿਆ ਅਤੇ ਜੇਕਰ ਅਜਿਹਾ ਕੀਤਾ ਹੁੰਦਾ ਤਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਡੂੰਘਾ ਨਹੀਂ ਸੀ ਹੋਣਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਅਸਲ ਵਿੱਚ ਕੋਈ ਵਾਧੂ ਪਾਣੀ ਨਹੀਂ ਹੈ ਕਿਉਂਕਿ ਡਾਰਕ ਜ਼ੋਨਾਂ ਦਾ ਮਾਮਲਾ ਸਾਡੇ ਸਾਰਿਆਂ ਲਈ ਇੱਕ ਗੰਭੀਰ ਸਮੱਸਿਆ ਬਣ ਕੇ ਉੱਭਰ ਰਿਹਾ ਹੈ।
ਇਸ ਮੌਕੇ ਮੀਤ ਹੇਅਰ ਨੇ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਗੁਰਲੀਨ ਕੌਰ, ਪ੍ਰਿਆ ਸ਼ਰਮਾ, ਅਰਮਾਨਪ੍ਰੀਤ ਕੌਰ, ਹਰਸ਼ਪ੍ਰੀਤ ਕੌਰ, ਰੰਜਨਦੀਪ ਕੌਰ ਨੂੰ ਸਨਮਾਨਿਤ ਕੀਤਾ।

ਪ੍ਰਸਿੱਧ ਵਾਤਾਵਰਨ ਪ੍ਰੇਮੀ ਡਾ. ਪਿਆਰਾ ਲਾਲ ਗਰਗ ਅਤੇ ਸ਼ਰੂਤੀ ਸ਼ੁਕਲਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ ਅਤੇ ਵਾਤਾਵਰਨ ਪ੍ਰਤੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਅਤੇ ਉਪਾਅ ਸੁਝਾਏ। ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ ਨੇ ਕਿਹਾ ਕਿ ਸੁਸਾਇਟੀ ਵੱਲੋਂ ਬੂਟੇ ਲਗਾਉਣ ਦੇ ਨਾਲ-ਨਾਲ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਵਚਨਬੱਧਤਾ ਨਾਲ 17 ਸਾਲਾਂ ਤੋਂ ਇਸ ਖੇਤਰ ਵਿੱਚ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿੰਦਰ ਬੇਦੀ, ਪਿਆਰਾ ਲਾਲ ਗਰਗ, ਸ਼ਰੂਤੀ ਸ਼ੁਕਲਾ ਅਤੇ ਥੀਏਟਰ ਕਲਾਕਾਰ ਅਨੀਤਾ ਸ਼ਬਦੀਸ਼ ਦਾ ਵੀ ਸਨਮਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ ਲੋੜਵੰਦਾਂ ਦੀ ਸੁਵਿਧਾ ਲਈ …