
ਸਾਬਕਾ ਮੰਤਰੀ ਸਿੱਧੂ ਨੇ ਨਗਰ ਨਿਗਮ ਦੀ ਹੱਦ ਵਧਾਉਣ ਬਾਰੇ ਡਾਇਰੈਕਟਰ ਨਾਲ ਕੀਤੀ ਅਹਿਮ ਮੀਟਿੰਗ
ਸਿੱਧੂ ਵੱਲੋਂ ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਬਾਰੇ ਕਾਰਵਾਈ ਤੇਜ਼ੀ ਨਾਲ ਨੇਪਰੇ ਚਾੜ੍ਹਨ ’ਤੇ ਜ਼ੋਰ
ਜਨ ਸਿਹਤ ਵਿਭਾਗ ਦਾ ਕੰਮ ਮੁਹਾਲੀ ਨਿਗਮ ਅਧੀਨ ਲਿਆਉਣ ਲਈ ਵੀ ਕੀਤੀ ਚਰਚਾ
ਡਾਇਰੈਕਟਰ ਨੇ ਸਾਬਕਾ ਸਿਹਤ ਮੰਤਰੀ ਨੂੰ ਲੋੜੀਂਦੀ ਕਾਰਵਾਈ ਛੇਤੀ ਮੁਕੰਮਲ ਕਰਨ ਦਾ ਦਿੱਤਾ ਭਰੋਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਮੁਹਾਲੀ ਨਗਰ ਨਿਗਮ ਦੀ ਹੱਦਬੰਦੀ ਵਧਾਉਣ ਬਾਰੇ ਕਾਰਵਾਈ ਤੇਜ਼ ਹੋ ਗਈ ਹੈ। ਇਸ ਸਬੰਧੀ ਸਾਬਕਾ ਸਿਹਤ ਮੰਤਰੀ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ ਤੇ ਹੋਰ ਅਧਿਕਾਰੀਆਂ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਪੁਨੀਤ ਗੋਇਲ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁਹਾਲੀ ਦਾ ਖੇਤਰਫਲ ਵਧਾਉਣ ਅਤੇ ਨਗਰ ਨਿਗਮ ਨਾਲ ਸਬੰਧਤ ਹੋਰ ਮਸਲੇ ਵਿਚਾਰੇ ਗਏ।
ਵਿਧਾਇਕ ਸਿੱਧੂ ਨੇ ਡਾਇਰੈਕਟਰ ਨੂੰ ਜ਼ੋਰ ਦੇ ਕੇ ਆਖਿਆ ਕਿ ਮੁਹਾਲੀ ਦੀ ਹੱਦਬੰਦੀ ਸਬੰਧੀ ਪ੍ਰੋਸੀਡਿੰਗ ਜਿੰਨੀ ਛੇਤੀ ਹੋ ਸਕੇ ਮੁਕੰਮਲ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਜਨ ਸਿਹਤ ਵਿਭਾਗ ਦਾ ਕੰਮ ਨਗਰ ਨਿਗਮ ਦੇ ਸਪੁਰਦ ਕਰਨ ਬਾਰੇ ਚਰਚਾ ਕੀਤੀ ਅਤੇ ਇਹ ਕਾਰਵਾਈ ਤੁਰੰਤ ਪ੍ਰਭਾਵ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਸਿੱਧੂ ਨੇ ਡਾਇਰੈਕਟਰ ਨੂੰ ਕਿਹਾ ਕਿ ਹੱਦਬੰਦੀ ਵਧਾਉਣ ਸਬੰਧੀ ਨਗਰ ਨਿਗਮ ਵੱਲੋਂ ਹਾਊਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਪ੍ਰਵਾਨਗੀ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ ਅਤੇ ਰੈਵੀਨਿਊ ਵਿਭਾਗ ਦੇ ਰਿਕਾਰਡ ਅਨੁਸਾਰ ਨਕਸ਼ਾ ਵੀ ਬਣਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਸਥਾਨਕ ਸਰਕਾਰਾਂ ਵਿਭਾਗ ਦੀ ਹਰੀ ਝੰਡੀ ਮਿਲਣਾ ਬਾਕੀ ਰਹਿ ਗਿਆ ਹੈ। ਇਸ ਤੋਂ ਬਾਅਦ ਹੱਦਬੰਦੀ ਵਧਾਉਣ ਬਾਰੇ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਦੀ ਹੱਦਬੰਦੀ ਵਧਾਉਣ ਸਬੰਧੀ ਕਾਰਵਾਈ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹੱਦਬੰਦੀ ਬਾਰੇ ਲੋੜੀਂਦੀ ਕਾਰਵਾਈ ਦੀ ਫਾਈਲ ਮੁਕੰਮਲ ਕਰਕੇ ਅਗਲੇ ਹਫ਼ਤੇ ਤੱਕ ਉੱਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤੀ ਜਾਵੇਗੀ। ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।