ਕਣਕ ਦੀ ਨਿਰਵਿਘਨ ਖਰੀਦ ਲਈ ਸਾਬਕਾ ਫੌਜੀਆਂ ਨੇ ਵੀ ਮੰਡੀਆਂ ਵਿੱਚ ਮੋਰਚੇ ਸੰਭਾਲੇ

ਖਰੀਦ ਕਾਰਜਾਂ ਦੇ ਵਿਆਪਕ ਕਾਰਜ ਵਿੱਚ ਮੰਡੀ ਬੋਰਡ ਦੀ ਸਹਾਇਤਾ ਲਈ ਮੰਡੀਆਂ ਵਿੱਚ 3195 ਜੀਓਜੀ ਤਾਇਨਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਬਕਾ ਫੌਜੀਆਂ ਨੇ ਵੀ ਅਨਾਜ ਮੰਡੀਆਂ ਵਿੱਚ ਮੋਰਚੇ ਸੰਭਾਲ ਲਏ ਹਨ ਤਾਂ ਜੋ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ/ਲਾਕਡਾਊਨ ਕਾਰਨ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਣਕ ਲਿਆਉਣ ਅਤੇ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਅੱਜ ਇੱਥੇ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ 3195 ਗਾਰਡੀਅਨਜ਼ ਆਫ ਗਵਰਨੈਂਸ (ਪ੍ਰਬੰਧਾਂ ਦੇ ਰਾਖੇ) ਨੂੰ ਖਰੀਦ ਪ੍ਰਿਆ ਲਈ ਮੰਡੀ ਬੋਰਡ ਦੀ ਸਹਾਇਤਾ ਵਾਸਤੇ ਮੰਡੀਆਂ ਵਿੱਚ ਤਾਇਨਾਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਜੀਓਜੀ ਸੂਬਾ ਭਰ ਦੀਆਂ 1683 ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਮਹਾਮਾਰੀ ਕਾਰਨ ਸਿਹਤ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਖਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਕਰਵਾਉਣ ਤੋਂ ਇਲਾਵਾ ਟਰੈਫ਼ਿਕ ਦੀ ਨਿਗਰਾਨੀ ਦਾ ਅੌਖਾ ਕਾਰਜ ਨਿਪਟਾਉਣ ਲਈ ਜੀਓਜੀ ਮੰਡੀਆਂ ਬੋਰਡ ਦੇ ਮੁਲਾਜ਼ਮਾਂ ਨਾਲ ਮਿਲ ਕੇ ਸੇਵਾਵਾਂ ਨਿਭਾਅ ਰਹੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ-ਭੜੱਕਾ ਨਾ ਹੋਵੇ। ਜੀਓਜੀ ਵੱਲੋਂ ਸਾਫ਼-ਸਫ਼ਾਈ ਦੀਆਂ ਹਾਲਤਾਂ ਬਾਰੇ ਰਿਪੋਰਟ ਕਰਨ ਤੋਂ ਇਲਾਵਾ ਕਿਸੇ ਵੀ ਹੋਰ ਮਸਲੇ ਬਾਰੇ ਤੁਰੰਤ ਸੀਨੀਅਰ ਅਥਾਰਟੀ ਦੇ ਨੋਟਿਸ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੀਓਜੀ ਪਹਿਲਾਂ ਤੋਂ ਸਥਾਪਿਤ ਢਾਂਚੇ ਦੁਆਰਾ ਕਿਸੇ ਵੀ ਮਾਮਲੇ ਬਾਰੇ ਆਪਣੇ ਤਹਿਸੀਲ ਜਾਂ ਜ਼ਿਲ੍ਹਾ ਇੰਚਾਰਜ ਰਾਹੀਂ ਚੰਡੀਗੜ੍ਹ ਵਿੱਚ ਸਥਿਤ ਹੈੱਡਕੁਆਰਟਰ ਵਿੱਚ ਸੂਚਿਤ ਕਰਦੇ ਹਨ। ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਲਈ ਉਨ੍ਹਾਂ ਵੱਲੋਂ ਭੇਜੀਆਂ ਰਿਪੋਰਟਾਂ ਨੂੰ ਮੰਡੀ ਬੋਰਡ ਨਾਲ ਸਾਂਝਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਇਸ ਅੌਖੇ ਸਮੇਂ ਵਿੱਚ ਮੰਡੀ ਬੋਰਡ ਵੱਲੋਂ ਕਣਕ ਦੀ ਫਸਲ ਦੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਅਤੇ ਸਿਹਤ ਸੁਰੱਖਿਆ ਉਪਾਵਾਂ ਲਈ ਇਹ ਕਦਮ ਸਹਾਈ ਸਿੱਧ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…