ਜ਼ਿਲ੍ਹੇਦਾਰ ਤੇ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਲਈ 550 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ: ਰਮਨ ਬਹਿਲ

ਹਰੇਕ ਪ੍ਰੀਖਿਆ ਕੇਂਦਰ ਵਿੱਚ ਆਈਏਐਸ/ਪੀਸੀਐਸ ਜਾਂ ਹੋਰ ਉੱਚ ਅਧਿਕਾਰੀ ਬਤੌਰ ਅਬਜ਼ਰਵਰ ਰਹਿਣਗੇ ਤਾਇਨਾਤ

ਪ੍ਰੀਖਿਆ ਕੇਂਦਰਾਂ ਨੂੰ ਸਰਕਲਾਂ ਵਿੱਚ ਵੰਡ ਕੇ ਸਰਕਲ ਦਾ ਇੰਚਾਰਜ ਐਸਪੀ/ਡੀਐਸਪੀਜ਼ ਰੈਂਕ ਦਾ ਅਧਿਕਾਰੀ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਪੰਜਾਬ ਸਰਕਾਰ ਦੇ ਮਾਲ ਵਿਭਾਗ ਅਤੇ ਜਲ ਸਰੋਤ ਵਿਭਾਗ ਵਿੱਚ ਜ਼ਿਲ੍ਹੇਦਾਰ, ਮਾਲ ਪਟਵਾਰੀ ਅਤੇ ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਗਪਗ 2 ਲੱਖ 34 ਹਜ਼ਾਰ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਸ ਪ੍ਰੀਖਿਆ ਲਈ ਸੂਬੇ ਦੇ 13 ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ 550 ਤੋਂ ਵੱਧ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਜ਼ਿਲ੍ਹੇਦਾਰ, ਮਾਲ ਪਟਵਾਰੀ, (ਨਹਿਰੀ ਪਟਵਾਰੀ) ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾ ਰਹੀ ਹੈ। ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ, ਹਦਾਇਤਾਂ ਅਤੇ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਕਰਵਾਈ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲ੍ਹੇ ਦਾ ਇੰਚਾਰਜ ਬਣਾਇਆ ਗਿਆ ਹੈ। ਹਰ ਪ੍ਰੀਖਿਆ ਕੇਂਦਰ ਵਿੱਚ ਆਈਏਐਸ/ਪੀਸੀਐਸ ਜਾਂ ਹੋਰ ਗਜ਼ਟਿਡ ਅਧਿਕਾਰੀ ਬਤੌਰ ਅਬਜ਼ਰਵਰ ਤਾਇਨਾਤ ਰਹਿਣਗੇ। ਸੁਰੱਖਿਆ ਪ੍ਰਬੰਧਾਂ ਲਈ ਸਬੰਧਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਇੰਚਾਰਜ ਬਣਾਇਆ ਗਿਆ ਹੈ। ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਅਤੇ ਗੈਰ ਸਮਾਜੀ ਤੱਤਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਪ੍ਰੀਖਿਆ ਕੇਂਦਰਾਂ ਨੂੰ ਸਰਕਲਾਂ ਵਿੱਚ ਵੰਡਿਆ ਗਿਆ ਹੈ। ਹਰ ਸਰਕਲ ਦਾ ਇੰਚਾਰਜ ਐਸਪੀ/ਡੀਐਸਪੀਜ਼ ਰੈਂਕ ਦਾ ਅਧਿਕਾਰੀ ਹੋਵੇਗਾ।
ਸ੍ਰੀ ਬਹਿਲ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਅਤੇ ਗੈਰ-ਸਮਾਜੀ ਤੱਤਾਂ ਦੀਆਂ ਕਾਰਵਾਈਆਂ ਨੂੰ ਰੋਕਣ ਹਿੱਤ ਉਮੀਦਵਾਰਾਂ ਦੇ ਪ੍ਰੀਖਿਆ ਕੇਂਦਰ ਜ਼ੱਦੀ ਜ਼ਿਲ੍ਹੇ ਦੀ ਥਾਂ ਦੂਜੇ ਜ਼ਿਲ੍ਹਿਆਂ ਵਿੱਚ ਬਣਾਏ ਗਏ ਹਨ। ਬੋਰਡ ਵੱਲੋਂ ਪੰਜਾਬ ਸਰਕਾਰ ਨੂੰ ਉਮੀਦਵਾਰਾਂ ਦੀ ਸਹੂਲਤ ਲਈ 8 ਅਗਸਤ ਨੂੰ ਸਰਕਾਰੀ ਬੱਸਾਂ ਦੇ ਸਾਰੇ ਟਾਈਮ ਚਲਾਉਣ ਅਤੇ ਪਾਵਰਕੌਮ ਨੂੰ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।
ਚੇਅਰਮੈਨ ਨੇ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ। ਪ੍ਰੀਖਿਆ ਖ਼ਤਮ ਹੋਣ ਮਗਰੋਂ ਉਮੀਦਵਾਰਾਂ ਦੇ ਓਐਮਆਰ ਸ਼ੀਟ ਦੀ ਸਕੈਨ ਕੀਤੀ ਕਾਪੀ ਬੋਰਡ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਵੇਗੀ। ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓ ਮੀਟਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ’ਤੇ ਹੀ ਕੀਤੀ ਜਾਵੇਗੀ। ਇਸ ਪ੍ਰੀਖਿਆ ਦੌਰਾਨ ਕੋਈ ਇੰਟਰਵਿਊ ਨਹੀਂ ਹੋਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਗੈਰ ਸਮਾਜੀ ਤੱਤਾਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਪ੍ਰੀਖਿਆ ਦੀ ਤਿਆਰੀ ਲਈ ਡਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…