ਆਬਕਾਰੀ ਤੇ ਕਰ ਵਿਭਾਗ ਵੱਲੋਂ ਡੀਲਰਾਂ ਲਈ ਵਿਆਪਕ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ
ਨਬਜ਼-ਏ-ਪੰਜਾਬ, ਮੁਹਾਲੀ, 10 ਜਨਵਰੀ:
ਆਬਕਾਰੀ ਤੇ ਕਰ ਵਿਭਾਗ ਪੰਜਾਬ ਨੇ ਅੱਜ ਤੋਂ 10 ਫਰਵਰੀ ਤੱਕ ਇੱਕ ਮਹੀਨਾ ਚੱਲਣ ਵਾਲੀ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਰਜਿਸਟ੍ਰੇਸ਼ਨ ਲਈ ਜ਼ਿੰਮੇਵਾਰ ਸਾਰੇ ਡੀਲਰਾਂ ਨੂੰ ਜੀਐਸਟੀ ਢਾਂਚੇ ਦੇ ਅਧੀਨ ਲਿਆਂਦਾ ਜਾਵੇ। ਇਹ ਕਦਮ ਨਿਯਮਾਂ ਦੀ ਪਾਲਣਾ ਨੂੰ ਵਧਾਉਣ ਅਤੇ ਟੈਕਸ ਅਧਾਰ ਨੂੰ ਵਿਸ਼ਾਲ ਕਰਨ ਦੇ ਵਿਭਾਗ ਦੇ ਯਤਨਾਂ ਦਾ ਅਹਿਮ ਹਿੱਸਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਇਸ ਮੁਹਿੰਮ ਦੇ ਪਹਿਲੇ ਦਿਨ ਮੁਹਾਲੀ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਭਰ ਦੇ 85 ਡੀਲਰਾਂ ਦਾ ਦੌਰਾ ਕੀਤਾ। ਉਨ੍ਹਾਂ ਦੇ ਸਰਗਰਮ ਯਤਨਾਂ ਦੇ ਨਤੀਜੇ ਵਜੋਂ 24 ਡੀਲਰਾਂ ਲਈ ਜੀਐਸਟੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ। ਵਿਭਾਗ ਇਸ ਮੁਹਿੰਮ ਦੌਰਾਨ ਸਾਰੇ ਜ਼ਿੰਮੇਵਾਰ ਡੀਲਰਾਂ ਦੀ ਪਛਾਣ ਕਰਨ ਅਤੇ ਸਹਾਇਤਾ ਕਰਨ ਲਈ ਵਚਨਬੱਧ ਹੈ ਤਾਂ ਜੋ ਨਿਰਵਿਘਨ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੁਹਿੰਮ ਦਾ ਉਦੇਸ਼ ਮੁੱਖ ਤੌਰ ’ਤੇ ਸੇਵਾ ਖੇਤਰ ਦੇ ਡੀਲਰਾਂ ਦੀ ਪਛਾਣ ਅਤੇ ਰਜਿਸਟ੍ਰੇਸ਼ਨ ਹੈ।
ਇਹ ਮੁਹਿੰਮ ਮਹੀਨਾ ਭਰ ਜਾਰੀ ਰਹੇਗੀ, ਜਿਸ ਤਹਿਤ ਜੀਐਸਟੀ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਜੀਐਸਟੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਜੁਰਮਾਨੇ ਤੋਂ ਬਚਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਡੀਲਰਾਂ ਦੀ ਸਹਾਇਤਾ ਕੀਤੀ ਜਾਵੇਗੀ। ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਅਧੀਨ ਜ਼ਿੰਮੇਵਾਰ ਸਾਰੇ ਗੈਰ-ਰਜਿਸਟਰਡ ਡੀਲਰਾਂ ਨੂੰ ਅੱਗੇ ਆਉਣ ਅਤੇ ਜਲਦੀ ਆਪਣੀ ਰਜਿਸਟ੍ਰੇਸ਼ਨ ਪੂਰੀ ਕਰਨ ਦੀ ਅਪੀਲ ਕੀਤੀ। ਬੁਲਾਰੇ ਨੇ ਦੱਸਿਆ ਕਿ ਵਿਭਾਗ ਇਸ ਪੂਰੀ ਪ੍ਰਕਿਰਿਆ ਦੌਰਾਨ ਸਹਾਇਤਾ ਅਤੇ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੀਐਸਟੀ ਰਜਿਸਟ੍ਰੇਸ਼ਨ ਸਬੰਧੀ ਹੋਰ ਜ਼ਰੂਰੀ ਵੇਰਵਿਆਂ ਜਾਂ ਸਹਾਇਤਾ ਲਈ ਡੀਲਰ ਸਬੰਧਤ ਜ਼ਿਲ੍ਹਾ ਦਫ਼ਤਰਾਂ ਨਾਲ ਤਾਲਮੇਲ ਕਰ ਸਕਦੇ ਹਨ ਜਾਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਸਰੋਤਾਂ ਤੱਕ ਪਹੁੰਚ ਕੀਤੀ ਜਾ ਸਕਦੀ ਹੈ।