ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਪਰੋਸਣ ਵਾਲਿਆਂ ਦੇ ਕੀਤੇ ਚਲਾਨ

ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਨਾਈਟ ਕਲੱਬਾਂ ਅਤੇ ਬਾਰਾਂ ’ਤੇ ਅਚਨਚੇਤ ਛਾਪੇਮਾਰੀ

ਨਬਜ਼-ਏ-ਪੰਜਾਬ, ਮੁਹਾਲੀ, 20 ਅਕਤੂਬਰ:
ਆਬਕਾਰੀ ਵਿਭਾਗ ਵੱਲੋਂ ਘੱਟ ਉਮਰ ਵਿੱਚ ਸ਼ਰਾਬ ਪੀਣ ਤੋਂ ਰੋਕਣ ਲਈ ਵੱਡੇ ਪੱਧਰ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਲੰਘੀ ਰਾਤ ਮੁਹਾਲੀ ਦੇ ਕਈ ਨਾਈਟ ਕਲੱਬਾਂ ਅਤੇ ਬਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਵੱਖ-ਵੱਖ ਟੀਮਾਂ ਨੇ ਮੁਹਾਲੀ ਅਤੇ ਜ਼ੀਰਕਪੁਰ ਸਮੇਤ ਹੋਰ ਆਸਪਾਸ ਇਲਾਕਿਆਂ ਵਿੱਚ ਕਈ ਬਾਰਾਂ ਅਤੇ ਨਾਈਟ ਕਲੱਬਾਂ ’ਤੇ ਛਾਪੇਮਾਰੀ ਕੀਤੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਬਾਰਾਂ/ਕਲੱਬਾਂ ਦੇ ਚਲਾਨ ਵੀ ਕੀਤੇ ਗਏ। ਇੱਥੇ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਪਰੋਸੀ ਜਾ ਰਹੀ ਸੀ।
ਅੱਜ ਇੱਥੇ ਸਹਾਇਕ ਆਬਕਾਰੀ ਕਮਿਸ਼ਨਰ ਅਸ਼ੋਕ ਕਲਹੋਤਰਾ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਆਬਕਾਰੀ) ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੇ ਆਰਡਰ 17(8) ਅਤੇ ਪੰਜਾਬ ਇਨਟੌਕਸਿਕੈਂਟ ਲਾਇਸੈਂਸ ਐਂਡ ਸੇਲ ਆਰਡਰ 1956 ਦੇ ਉਪਬੰਧਾਂ ਅਨੁਸਾਰ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਦੀ ਵਿਕਰੀ ਅਤੇ ਪਰੋਸਣਾ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨਿਯਮਾਂ ਦੀ ਪਾਲਣਾ ਤੋਂ ਇਲਾਵਾ ਇਹ ਸਾਡੀ ਸਾਰਿਆਂ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਘੱਟ ਉਮਰ ਦੇ ਸ਼ਰਾਬ ਪੀਣ ਦੇ ਰੁਝਾਨ ਨੂੰ ਕਾਬੂ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੀ ਟੀਮ ਨੇ ਆਬਕਾਰੀ ਇੰਸਪੈਕਟਰਾਂ ਦੀ ਅਗਵਾਈ ਹੇਠ ਐੱਸ ਗੁਰਿੰਦਰਪਾਲ, ਵਿਕਾਸ ਭਟੇਜਾ ਅਤੇ ਗੁਰਪ੍ਰੀਤ ਸਿੰਘ ਨੇ ਮੁਹਾਲੀ ਸ਼ਹਿਰ ਅਤੇ ਜ਼ੀਰਕਪੁਰ ਇਲਾਕੇ ਵਿੱਚ ਕਲੱਬਾਂ ਅਤੇ ਬਾਰਾਂ ਵਿੱਚ ਛਾਪੇਮਾਰੀ ਕੀਤੀ। ਮੁਹਾਲੀ ਦੇ ਸੈਕਟਰ-79 ਵਿਖੇ ਛਾਪੇਮਾਰੀ ਦੌਰਾਨ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਪਰੋਸਣ ਵਾਲੇ 2 ਬਾਰਾਂ ਸਵਾਗਤ ਰੈਸਟੋਬਾਰ ਅਤੇ ਕਟਾਣੀ ਰੈਸਟੋਰੈਂਟ ਐਂਡ ਬਾਰ ਅਤੇ ਜ਼ੀਰਕਪੁਰ ਵਿੱਚ ਬਾਰ ਡਿਲੀਸ਼ੀਅਸ ਫੂਡ (ਰੋਮੀਓ-ਲੇਨ) ਫੜੀ ਗਈ। ਇਕ ਬਾਰ ’ਤੇ ਸ਼ਰਾਬ ਪਰੋਸਣ ਲਈ 25 ਸਾਲ ਤੋਂ ਘੱਟ ਉਮਰ ਦੇ ਵੇਟਰਾਂ ਨੂੰ ਤਾਇਨਾਤ ਕਰਨ ਦਾ ਵੀ ਦੋਸ਼ ਹੈ। ਇਨ੍ਹਾਂ ਬਾਰਾਂ ਦੇ ਪੰਜਾਬ ਆਬਕਾਰੀ ਐਕਟ ਅਧੀਨ ਪੰਜਾਬ ਨਸ਼ਾ ਲਾਇਸੈਂਸ ਐਂਡ ਸੇਲ ਆਰਡਰ, 1956 ਤਹਿਤ ਚਲਾਨ ਕੀਤੇ ਗਏ ਹਨ। ਇਨ੍ਹਾਂ ਦੇ ਕੇਸ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਨੂੰ ਬਣਦੀ ਕਾਰਵਾਈ ਲਈ ਭੇਜੇ ਗਏ ਹਨ।
ਅਸ਼ੋਕ ਕਲੋਤਰਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਘੱਟ ਉਮਰ ਦੇ ਸ਼ਰਾਬ ਪੀਣ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪਿਛਲੇ ਕੁਝ ਹਫ਼ਤਿਆਂ ਦੌਰਾਨ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਪਰੋਸ਼ਣ ’ਤੇ ਆਬਕਾਰੀ ਨਿਯਮਾਂ ਦੀ ਉਲੰਘਣਾ ਤਹਿਤ 9 ਨਾਈਟ ਕਲੱਬਾਂ/ਬਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਜਦੋਂਕਿ ਤਿੰਨ ਬਾਰਾਂ ਦੇ ਲਾਇਸੈਂਸ ਸੱਤ ਦਿਨਾਂ ਲਈ ਮੁਅੱਤਲ ਕੀਤੇ ਗਏ ਹਨ ਅਤੇ ਬਾਕੀ ਬਾਰਾਂ ਨੂੰ ਇੱਕ ਲੱਖ 35 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ।
ਅਸ਼ੋਕ ਕਲਹੋਤਰਾ ਨੇ ਸ਼ਰਾਬ ਦੇ ਠੇਕੇਦਾਰਾਂ ਅਤੇ ਬਾਰ ਲਾਇਸੈਂਸ ਧਾਰਕਾਂ ਨੂੰ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਵੇਚਣ ਜਾਂ ਪਰੋਸਣ ਵਿਰੁੱਧ ਚਿਤਾਵਨੀ ਦਿੱਤੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…