Share on Facebook Share on Twitter Share on Google+ Share on Pinterest Share on Linkedin 5:5 ਗੁਣਾ ਵੱਧ ਮਹਿੰਗਾ ਪਾਣੀ: ਸੈਕਟਰ ਵਾਸੀਆਂ ਤੇ ਛੋਟੇ ਬੱਚਿਆਂ ਨੇ ਮੌਨ ਰੱਖ ਕੇ ਕੀਤਾ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਸਤੰਬਰ: ਇੱਥੋਂ ਦੇ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੇ ਵਸਨੀਕਾਂ ਵੱਲੋਂ ਉਨ੍ਹਾਂ ਨੂੰ ਸ਼ਹਿਰ ਦੇ ਬਾਕੀ ਹਿੱਸੇ ਨਾਲੋਂ ਕਰੀਬ ਸਾਢੇ 5 ਗੁਣਾ ਵੱਧ ਮਹਿੰਗਾ ਪਾਣੀ ਸਪਲਾਈ ਕਰਨ ਦੇ ਖ਼ਿਲਾਫ਼ ਕੀਤੇ ਜਾ ਰਹੇ ਪੜਾਅਵਾਰ ਸੰਘਰਸ਼ ਦੇ ਹੱਕ ਵਿੱਚ ਇੱਕ ਘੰਟੇ ਦਾ ਮੌਨ ਧਾਰ ਕੇ ਵਿਰੋਧ ਪ੍ਰਦਰਸ਼ਨ ਕੀਤਾ। ਸੈਕਟਰ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਮਹਿੰਗਾ ਪਾਣੀ ਦੀ ਸਪਲਾਈ ਦਾ ਵਿਰੋਧ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਦੇ ਸਾਬਕਾ ਕੌਂਸਲਰ ਬੌਬੀ ਕੰਬੋਜ ਨੇ ਦੱਸਿਆ ਕਿ ਗਮਾਡਾ ਵੱਲੋਂ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਦੇ ਵਸਨੀਕਾਂ ਕੋਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਏਵਜ ਵਜੋਂ ਵਸੂਲੇ ਜਾਂਦੇ ਬਿੱਲਾਂ ਕਾਰਨ ਆਮ ਲੋਕਾਂ ਦੇ ਘਰ ਦਾ ਬਜਟ ਹਿੱਲ ਗਿਆ ਹੈ ਅਤੇ ਅੱਜ ਪਰਿਵਾਰਾਂ ਨਾਲ ਛੋਟੇ ਬੱਚੇ ਵੀ ਵਿਰੋਧ ਪ੍ਰਦਰਸ਼ਨ ’ਤੇ ਉਤਰ ਆਏ। ਇਸ ਸਬੰਧੀ ਛੋਟੇ ਬੱਚਿਆਂ ਨੇ ਨੁੱਕੜ ਨਾਟਕ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ ਜਾ ਰਹੇ ਹਨ। ਇਨ੍ਹਾਂ ਨਾਟਕਾਂ ਵਿੱਚ ਦਰਸਾਇਆ ਗਿਆ ਹੈ ਕਿ ਮਹਿੰਗੇ ਪਾਣੀ ਕਾਰਨ ਬੱਚਿਆਂ ਦੇ ਮਾਤਾ ਪਿਤਾ ’ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਕਾਰਨ ਬੱਚਿਆਂ ਦੇ ਜੀਵਨ ਵਿੱਚ ਵੀ ਆਰਥਿਕ ਤੰਗੀ ਆ ਗਈ ਹੈ। ਇਸ ਮੌਕੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਜਸਬੀਰ ਕੌਰ ਅੱਤਲੀ, ਰਜਨੀ ਗੋਇਲ, ਪਰਵਿੰਦਰ ਸਿੰਘ ਤਸਿੰਬਲੀ, ਯੂਥ ਅਕਾਲੀ ਆਗੂ ਹਰਮਨਜੋਤ ਸਿੰਘ ਕੁੰਭੜਾ, ਹਰਮੇਸ਼ ਸਿੰਘ ਕੁੰਭੜਾ ਅਤੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਵੀ ਅਹਿਮ ਭੂਮਿਕਾ ਨਿਭਾਈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਪਲਾਈ ਕੀਤੇ ਜਾਂਦੇ ਮਹਿੰਗੇ ਪਾਣੀ ਖ਼ਿਲਾਫ਼ ਇਲਾਕੇ ਦੇ ਸਾਬਕਾ ਕੌਂਸਲਰਾਂ ਵੱਲੋਂ ਲੋਕ ਅਦਾਲਤ ਵਿੱਚ ਜਨਹਿੱਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ 30 ਸਤੰਬਰ ਨੂੰ ਪੰਜਾਬ ਸਰਕਾਰ, ਗਮਾਡਾ, ਸਥਾਨਕ ਸਰਕਾਰਾਂ ਵਿਭਾਗ ਅਤੇ ਨਗਰ ਨਿਗਮ ਵੱਲੋਂ ਆਪਣਾ ਜਵਾਬ ਦਾਖ਼ਲ ਕੀਤਾ ਜਾਣਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ