nabaz-e-punjab.com

ਖਰੜ ਹਾਦਸਾ: ਡੀਸੀ ਨੇ ਜ਼ਿਲ੍ਹੇ ਵਿਚਲੀਆਂ ਉੱਚੀਆਂ ਇਮਾਰਤਾਂ ਦੀ ਜਾਂਚ ਦੇ ਹੁਕਮ, ਐਸਡੀਐਮ ਤੋਂ ਰਿਪੋਰਟ ਮੰਗੀ

ਚੰਦ ਪੈਸਿਆਂ ਦੀ ਖਾਤਰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਡੀਸੀ

ਅਣਅਧਿਕਾਰਤ ਬਹੁ-ਮੰਜ਼ਲਾਂ ਇਮਾਰਤਾਂ ਬਣਾਉਣ ਵਾਲਿਆਂ ਦੀ ਸੂਚੀ ਤਿਆਰ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਲਾਂਡਰਾਂ-ਖਰੜ ਮੁੱਖ ਸੜਕ ’ਤੇ ਇਕ ਬਹੁ-ਮੰਜ਼ਲਾਂ ਇਮਾਰਤ ਢਹਿ-ਢੇਰੀ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਉੱਚੀਆਂ ਇਮਾਰਤਾਂ ਦੇ ਨਿਰਮਾਣ ਸਬੰਧੀ ਜਾਂਚ ਵਿੱਚ ਜੁਟ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਸਮੇਤ ਸਾਰੀਆਂ ਸਬ ਡਵੀਜ਼ਨਾਂ ਦੇ ਐਸਡੀਐਮਜ਼, ਨਗਰ ਨਿਗਮ ਦੇ ਕਮਿਸ਼ਨਰ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਸਮੁੱਚੇ ਜ਼ਿਲ੍ਹੇ ਅੰਦਰ ਬਣੀਆਂ ਅਤੇ ਬਣ ਰਹੀਆਂ ਬਹੁ-ਮੰਜ਼ਲਾਂ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਸਮੂਹ ਐਸਡੀਐਮਜ਼ ਤੋਂ ਰਿਪੋਰਟ ਤਲਬ ਕੀਤੀ ਗਈ ਹੈ।
ਡੀਸੀ ਸ੍ਰੀ ਦਿਆਲਨ ਨੇ ਸਮੂਹ ਐਸਡੀਐਮਜ਼ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪੋ ਆਪਣੇ ਇਲਾਕਿਆਂ ਵਿੱਚ ਪਹਿਲਾਂ ਬਣੀਆਂ ਉੱਚੀਆਂ ਇਮਾਰਤਾਂ ਅਤੇ ਮੌਜੂਦਾ ਸਮੇਂ ਵਿੱਚ ਬਣ ਰਹੀਆਂ ਬਹੁ-ਮੰਜ਼ਲਾਂ ਇਮਾਰਤਾਂ ਦੇ ਨਕਸ਼ਿਆਂ ਅਤੇ ਮਟੀਰੀਅਲ ਆਦਿ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਅਣਸੁਖਾਵੀਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਬਿਲਡਰ ਨੇ ਜਿਸ ਪਲਾਨ ਤਹਿਤ ਨਕਸ਼ਾ ਬਣਾਇਆ ਹੈ ਕੀ ਉਸੇ ਮੁਤਾਬਕ ਉਸਾਰੀ ਹੋ ਰਹੀ ਹੈ ਜਾਂ ਕੀਤੀ ਗਈ ਹੈ ਤਾਂ ਪ੍ਰਵਾਨਿਤ ਨਕਸ਼ੇ ਤੋਂ ਬਾਹਰ ਜਾ ਕੇ ਨਿਰਮਾਣ ਕੀਤਾ ਗਿਆ ਹੈ। ਇਹ ਵੀ ਪਤਾ ਲਗਾਇਆ ਕਿ ਜਾਵੇ ਸਬੰਧਤ ਵਿਅਕਤੀ ਨੂੰ ਬਹੁ-ਮੰਜ਼ਲਾਂ ਦੀ ਉਸਾਰੀ ਦਾ ਨਕਸ਼ਾ ਪਾਸ ਕਰਨ ਵਾਲੇ ਕਰਮਚਾਰੀ ਨੇ ਕੀ ਸਾਰੀ ਕਾਰਵਾਈ ਨਿਯਮਾਂ ਤਹਿਤ ਕੀਤੀ ਹੈ ਜਾਂ ਨਹੀਂ?
ਡੀਸੀ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਦੀ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਅਣਅਧਿਕਾਰਤ ਬਹੁ-ਮੰਜ਼ਲਾਂ ਇਮਾਰਤਾਂ ਬਣਾਉਣ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਸਰਕਾਰੀ ਨੇਮਾਂ ਦੀ ਅਣਦੇਖੀ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜੇਕਰ ਕਿਸੇ ਨਗਰ ਨਿਗਮ ਜਾਂ ਨਗਰ ਕੌਂਸਲ ਦੇ ਅਧਿਕਾਰੀ ਜਾਂ ਸਟਾਫ਼ ਦੀ ਕਥਿਤ ਮਿਲੀਭੁਗਤ ਸਾਹਮਣੇ ਆਈ ਤਾਂ ਉਨ੍ਹਾਂ ਦੇ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਦ ਪੈਸਿਆਂ ਦੀ ਖਾਤਰ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਇਸ ਤੋਂ ਪਹਿਲਾਂ ਜ਼ੀਰਕਪੁਰ ਅਤੇ ਬਲੌਂਗੀ ਵਿੱਚ ਬਹੁ-ਮੰਜ਼ਲਾਂ ਦੇ ਅਚਾਨਕ ਤਹਿਸ ਨਹਿਸ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਤਤਕਾਲੀ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜ਼ੀਰਕਪੁਰ ਇਲਾਕੇ ਵਿੱਚ ਉੱਚ ਇਮਾਰਤਾਂ ਦੇ ਨਕਸ਼ੇ ਪਾਸ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਆਦੇਸ਼ ਦਿੰਦਿਆਂ ਬਾਕੀ ਉੱਚੀਆਂ ਇਮਾਰਤਾਂ ਦੇ ਨਕਸ਼ਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਸੀ ਲੇਕਿਨ ਉਨ੍ਹਾਂ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਹੋਣ ਤੋਂ ਬਾਅਦ ਪੜਤਾਲ ਨੂੰ ਵੀ ਬਰੇਕ ਲੱਗ ਗਈ ਸੀ।
(ਬਾਕਸ ਆਈਟਮ)
ਉਧਰ, ਮੁੱਖ ਮੰਤਰੀ ਨੇ ਹੁਕਮਾਂ ’ਤੇ ਖਰੜ ਹਾਦਸੇ ਦੀ ਜਾਂਚ ਵਿੱਚ ਜੁਟੀ ਮੁਹਾਲੀ ਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੰਘੀ ਅੱਧੀ ਰਾਤ ਕਰੀਬ 12:30 ਵਜੇ ਬਚਾਅ ਕਾਰਜ ਮੁਕੰਮਲ ਹੋਏ ਅਤੇ ਤਾਜ਼ਾ ਰਿਪੋਰਟ ਮੁਤਾਬਕ ਹੁਣ ਢਹਿ-ਢੇਰੀ ਹੋਈ ਇਮਾਰਤ ਦੇ ਮਲਬੇ ਥੱਲੇ ਕੋਈ ਵਿਅਕਤੀ ਦੱਬਿਆ ਹੋਇਆ ਨਹੀਂ ਹੈ। ਇਸ ਗੱਲ ਦੀ ਪੁਸ਼ਟੀ ਐਨਡੀਆਰਐਫ਼ ਨੇ ਕੀਤੀ ਹੈ। ਫਿਰ ਵੀ ਮਾਮਲੇ ਦੀ ਤੈਅ ਤੱਕ ਜਾਣ ਲਈ ਵਿਸ਼ੇਸ਼ ਜਾਂਚ ਟੀਮ ਨੂੰ ਤਿੰਨ ਵਾਰ ਅੰਦਰ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਦੀ ਵਿਸ਼ੇਸ਼ ਨਿਗਰਾਨੀ ਹੇਠ ਨਗਰ ਕੌਂਸਲ ਖਰੜ ਦੇ ਕਰਮਚਾਰੀਆਂ ਸਮੇਤ ਠੇਕੇਦਾਰ ਦੇ ਬੰਦਿਆਂ ਵੱਲੋਂ ਮਲਬਾ ਚੁੱਕਿਆ ਜਾ ਰਿਹਾ ਹੈ ਅਤੇ ਬਿਲਡਰ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ ਹੈ।
ਪ੍ਰਸ਼ਾਸਨਿਕ ਜਾਂਚ ਅਧਿਕਾਰੀ ਸ੍ਰੀਮਤੀ ਜੈਨ ਨੇ ਦੱਸਿਆ ਕਿ ਇਸ ਹਾਦਸੇ ਬਾਰੇ ਬਿਲਡਰ ਅਤੇ ਠੇਕੇਦਾਰ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਮਾਰਤ ਦਾ ਬੇਸਮੈਂਟ ਸਮੇਤ ਨਕਸ਼ਾ ਪਾਸ ਸੀ ਪ੍ਰੰਤੂ ਬੀਤੇ ਕੱਲ੍ਹ ਜਦੋਂ ਠੇਕੇਦਾਰ ਦੇ ਬੰਦਿਆਂ ਨੇ ਬੇਸਮੈਂਟ ਦੀ ਖੁਦਾਈ ਦਾ ਕੰਮ ਸ਼ੁਰੂ ਤਾਂ ਠੇਕੇਦਾਰ ਨੇ ਬਿਲਡਰ ਨੂੰ ਇਸ ਦੀ ਅਗਾਊਂ ਜਾਣਕਾਰੀ ਨਹੀਂ ਦਿੱਤੀ ਗਈ।
ਜਾਂਚ ਅਧਿਕਾਰੀ ਅਨੁਸਾਰ ਬਿਲਡਰ ਨੇ ਠੇਕੇਦਾਰ ’ਤੇ ਦੋਸ਼ ਲਾਇਆ ਹੈ ਕਿ ਉਸ ਨੇ ਬੇਸਮੈਂਟ ਪੁੱਟਣ ਦਾ ਕੰਮ ਉਸ ਦੀ ਪ੍ਰਵਾਨਗੀ ਤੋਂ ਬਿਨਾਂ ਹੀ ਸ਼ੁਰੂ ਕੀਤਾ ਗਿਆ ਸੀ ਅਤੇ ਬੇਸਮੈਂਟ ਨੂੰ ਜ਼ਰੂਰਤ ਤੋਂ ਜ਼ਿਆਦਾ ਡੂੰਘਾ ਪੁੱਟਿਆ ਗਿਆ ਹੈ। ਸ਼ਾਇਦ ਹੀ ਕਾਰਨ ਹੋ ਸਕਦਾ ਹੈ ਕਿ ਇਮਾਰਤ ਚੰਦ ਮਿੰਟਾਂ ਵਿੱਚ ਢਹਿਢੇਰੀ ਹੋ ਗਈ। ਉਂਜ ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਮਲਬਾ ਚੁੱਕਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਇਸ ਸਬੰਧੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਜਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…