
ਜਾਅਲੀ ਸਰਟੀਫਿਕੇਟ ਮਾਮਲਾ: ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦਲਿਤਾਂ ਦੀਆਂ ਸਮੱਸਿਆਵਾਂ ਸੁਣੀਆਂ
ਵਾਲਮੀਕੀ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵੀ ਹਮਾਇਤ ’ਚ ਅੱਗੇ ਆਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਆਕਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸ਼ੁੱਕਰਵਾਰ ਨੂੰ 30ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸੈਂਟਰਲ ਵਾਲਮੀਕੀ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਨੇ ਧਰਨੇ ਵਿੱਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਫ਼ਸਰਾਂ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੱਕੇ ਮੋਰਚੇ ਦੇ ਕਨਵੀਨਰ ਪ੍ਰੋ. ਹਰਨੈਕ ਸਿੰਘ ਨੇ ਕਿਹਾ ਕਿ ਜਦੋਂ ਤੱਕ ਜਾਅਲੀ ਐਸਸੀ ਸਰਟੀਫ਼ਿਕੇਟ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਉਧਰ, ਦਲਿਤ ਸੰਗਠਨਾਂ ਦੇ ਵਫ਼ਦ ਨੇ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਵਫ਼ਦ ਨੂੰ ਬੜੀ ਸੰਜੀਦਗੀ ਨਾਲ ਸੁਣਿਆ ਅਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਪ੍ਰੰਤੂ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੇ ਸਹੀ ਤਰੀਕੇ ਨਾਲ ਸਮੱਸਿਆਵਾਂ ਦੀ ਤਰਜਮਾਨੀ ਨਹੀਂ ਕੀਤੀ। ਮੰਤਰੀ ਨੂੰ ਮਿਲੇ ਵਫ਼ਦ ਵਿੱਚ ਪ੍ਰੋ. ਹਰਨੇਕ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ, ਲਖਵੀਰ ਸਿੰਘ ਬੌਬੀ, ਅਵਤਾਰ ਸਿੰਘ ਸੈਂਪਲਾਂ ਸ਼ਾਮਲ ਸਨ। ਜਦੋਂਕਿ ਡਾ. ਅੰਬੇਦਕਰ ਭਲਾਈ ਮੰਚ ਦੇ ਪ੍ਰਧਾਨ ਕਿਰਪਾਲ ਸਿੰਘ, ਸਿੰਦਰਪਾਲ ਸਿੰਘ, ਮੰਦਰ ਸਿੰਘ, ਬਲਜੀਤ ਸਿੰਘ ਕੁਰਾਲੀ, ਵਿਜੈ ਕੁਮਾਰ, ਜਿੰਦਰ ਸਿੰਘ, ਬੇਅੰਤ ਕੌਰ ਬਠਿੰਡਾ, ਜੇਬੀ ਸਿੰਘ ਮਾਧੋਪੁਰੀ, ਰਜਿੰਦਰ ਸਿੰਘ, ਜਸਵੀਰ ਸਿੰਘ ਧਰਨੇ ’ਤੇ ਡਟੇ ਰਹੇ।