ਜਾਅਲੀ ਸਰਟੀਫਿਕੇਟ ਮਾਮਲਾ: ਪੰਜਾਬ ਬੰਦ ਦਾ ਸੱਦਾ ਤੇ ਸੰਘਰਸ਼ ਤੇਜ਼ ਕਰਨ ਬਾਰੇ ਲਾਮਬੰਦੀ

ਐਸਸੀ\ਬੀਸੀ ਗਜ਼ਟਿਡ ਤੇ ਨਾਨ-ਗਜ਼ਟਿਡ ਐਂਪਲਾਈਜ ਫੈਡਰੇਸ਼ਨ ਵੱਲੋਂ ਸਮਰਥਨ ਦਾ ਐਲਾਨ

ਪੱਕਾ ਮੋਰਚਾ ਲੱਗਣ ਤੋਂ ਬਾਅਦ ਜਾਅਲਸਾਜ਼ੀ ਦੇ ਕਈ ਕੇਸਾਂ ਦਾ ਹੋਇਆ ਖ਼ੁਲਾਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਮੰਗਲਵਾਰ ਨੂੰ 48ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਵੱਖ-ਵੱਖ ਦਲਿਤ ਸੰਗਠਨਾਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿੰਮੇਵਾਰ ਅਫ਼ਸਰਾਂ ਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਅੱਜ ਧਰਨੇ ਵਿੱਚ ਐਸਸੀ\ਬੀਸੀ ਗਜ਼ਟਿਡ ਅਤੇ ਨਾਨ-ਗਜ਼ਟਿਡ ਐਂਪਲਾਈਜ ਫੈਡਰੇਸ਼ਨ ਪੰਜਾਬ ਦੇ ਚੇਅਰਮੈਨ ਬਲਰਾਜ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ।
ਇਸ ਮੌਕੇ ਪ੍ਰੋ. ਹਰਨੇਕ ਸਿੰਘ, ਪ੍ਰੋ. ਸਰਬਜੀਤ ਸਿੰਘ, ਬਲਬੀਰ ਸਿੰਘ ਆਲਮਪੁਰ ਅਤੇ ਲਖਵੀਰ ਸਿੰਘ ਬੌਬੀ ਨੇ ਕਿਹਾ ਕਿ ਬੀਤੀ 20 ਅਪਰੈਲ ਤੋਂ ਦਲਿਤ ਸੰਗਠਨ ਡਾਇਰੈਕਟਰ ਦਫ਼ਤਰ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ ਲੇਕਿਨ ਹੁਣ ਤੱਕ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਐਲਾਨ ਕੀਤਾ ਕਿ ਹੁਣ ਤੱਕ ਜਾਅਲੀ ਐਸਸੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਬਾਰੇ ਜਲਦੀ ਹੀ ਤੱਥਾਂ ਦੇ ਆਧਾਰ ’ਤੇ ਅਹਿਮ ਖ਼ੁਲਾਸੇ ਕੀਤੇ ਜਾਣਗੇ ਅਤੇ ਜਦੋਂ ਤੱਕ ਜ਼ਿੰਮੇਵਾਰ ਅਫ਼ਸਰਾਂ ਅਤੇ ਸਬੰਧਤ ਵਿਅਕਤੀਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਨਹੀਂ ਡੱਕਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 9 ਜੂਨ ਨੂੰ ਦਲਿਤ ਸੰਗਠਨਾਂ ਦੇ ਮੋਹਰੀ ਆਗੂਆਂ ਦੀ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਸ ਮਸਲੇ ਦਾ ਪੱਕਾ ਹੱਲ ਨਹੀਂ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਜਾਵੇਗਾ। ਇਸ ਸਬੰਧੀ ਹੁਣੇ ਤੋ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਸਾਬਕਾ ਮੈਂਬਰ ਪ੍ਰਭ ਦਿਆਲ, ਗੁਰੂ ਰਵਿਦਾਸ ਫਾਉਂਡੇਸ਼ਨ ਮੁੱਲਾਂਪੁਰ ਦੇ ਆਗੂ ਸੁਰਜੀਤ ਸਿੰਘ, ਕੁਲਵਿੰਦਰ ਸਿੰਘ, ਨੰਬਰਦਾਰ ਗੁਰਦੀਪ ਸਿੰਘ ਤੇ ਹਰਚੰਦ ਸਿੰਘ, ਰਵੀ ਕੁਮਾਰ, ਜਲੋਰ ਸਿੰਘ, ਅਵਤਾਰ ਸਿੰਘ, ਰਾਜਿੰਦਰ ਸਿੰਘ, ਗੁਰਬਖ਼ਸ਼ ਸਿੰਘ, ਸੁਰੇਸ਼ ਕੁਮਾਰ, ਪਰਮਜੀਤ ਸਿੰਘ, ਮਨੋਹਰ ਲਾਲ, ਹਰਭਜਨ ਸਿੰਘ, ਬਲਦੇਵ ਸਿੰਘ, ਬਲਦੇਵ ਸਿੰਘ ਮੁਕੇਰੀਆ, ਸੰਤੋਖ ਸਿੰਘ, ਕਿਰਪਾਲ ਸਿੰਘ, ਸਤੀਸ਼ ਕੁਮਾਰ, ਅਮਰਦੀਪ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…